
ਪਹਿਲਗਾਮ ਕਤਲੇਆਮ ਦੀ ਚੁਫੇਰਿਓਂ ਨਿਖੇਧੀ, ਭਾਜਪਾ ਵੱਲੋਂ 5-5 ਕਰੋੜ ਮੁਆਵਜ਼ਾ ਦੇਣ ਦੀ ਮੰਗ
ਨਬਜ਼-ਏ-ਪੰਜਾਬ, ਮੁਹਾਲੀ, 23 ਅਪਰੈਲ:
ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਕਸ਼ਮੀਰ ਵਿੱਚ ਸੈਲਾਨੀਆਂ ਉੱਤੇ ਸ਼ਰ੍ਹੇਆਮ ਗੋਲੀਆਂ ਚਲਾ ਕੇ ਕਤਲੇਆਮ ਕਰਨ ਦੀ ਚੁਫੇਰਿਓਂ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ। ਇਸ ਸਬੰਧੀ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਨੇ ਪੀੜਤ ਪਰਿਵਾਰਾਂ ਨਾਲ ਦੁਖ ਜਾਹਰ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ, ਸ਼ਮਸ਼ੇਰ ਪੁਰਖਾਲਵੀ, ਜਸਪ੍ਰੀਤ ਸਿੰਘ ਸੋਨੀ ਬੜੀ, ਨੰਬਰਦਾਰ ਹਰਵਿੰਦਰ ਸਿੰਘ ਨੇ ਨਿਹੱਥੇ ਸੈਲਾਨੀਆਂ ’ਤੇ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਮੁਹਾਲੀ ਦੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਨੇ ਕਿਹਾ ਕਿ ਨਿਹੱਥੇ ਸੈਲਾਨੀਆਂ ’ਤੇ ਅੱਤਵਾਦੀਆਂ ਦੀ ਇਹ ਕਾਇਰਤਾ ਪੂਰਨ ਕਾਰਵਾਈ ਹੈ। ਇਸ ਨਾਲ ਕੇਂਦਰ ਸਰਕਾਰ ਦੇ ਕਸ਼ਮੀਰ ਦੇ ਹਾਲਾਤ ਸੁਧਰਨ ਦੇ ਦਾਅਵਿਆਂ ਦੀ ਪੋਲ ਖੁੱਲ ਗਈ ਹੈ। ਉਨ੍ਹਾਂ ਕਿਹਾ ਕਿ ਦਹਿਸ਼ਤਗਰਦਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਵੀ ਇਹ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਵਾਰਦਾਤ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਹ ਸਮਾਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹਨ ਅਤੇ ਉਨ੍ਹਾਂ ਦਾ ਦੁਖ ਵੰਡਾਉਣ ਦਾ ਹੈ। ਨਾਲ ਹੀ ਅੱਤਵਾਦ ਦੇ ਖ਼ਾਤਮੇ ਲਈ ਸਰਕਾਰ ਨੂੰ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਇੰਡੀਅਨ ਐਸੋਸੀਏਸ਼ਨ ਆਫ਼ ਲਾਇਰਜ਼ ਦੇ ਜਨਰਲ ਸਕੱਤਰ ਜਸਪਾਲ ਸਿੰਘ ਦੱਪਰ, ਦਰਸ਼ਨ ਸਿੰਘ ਧਾਲੀਵਾਲ ਅਤੇ ਨਵਲ ਛਿੱਬੜ ਨੇ ਪਹਿਲਗਾਮ (ਜੰਮੂ-ਕਸ਼ਮੀਰ) ਵਿੱਚ 26 ਬੇਦੋਸ਼ੇ ਸੈਲਾਨੀਆਂ ਨੂੰ ਮੌਤ ਦੇ ਘਾਟ ਉਤਾਰਨ ਅਤੇ ਕਈਆਂ ਨੂੰ ਜ਼ਖ਼ਮੀ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।
ਮੁਸਲਿਮ ਭਾਈਚਾਰੇ ਦੇ ਆਗੂ ਡਾ. ਅਨਵਰ ਹੁਸੈਨ ਨੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਸ਼ਮੀਰ ਦੇ ਲੋਕਾਂ ਅਤੇ ਸੈਲਾਨੀਆਂ ਨੂੰ ਸੁਰੱਖਿਆ ਦੇਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਸੁਰੱਖਿਆ ਨੂੰ ਲੈ ਕੇ ਸਰਕਾਰ ਦੀ ਨਾਕਾਮੀ ਛੁਪਾਉਣ ਖ਼ਾਤਰ ਕੁਝ ਸੋਸ਼ਲ ਮੀਡੀਆ ’ਤੇ ਜ਼ਹਿਰੀਲਾ ਪ੍ਰਚਾਰ ਕਰ ਰਹੇ ਹਨ। ਜਿਸ ਦੌਰਾਨ ਅੱਤਵਾਦੀ ਹਮਲੇ ਨੂੰ ਗਲਤ ਰੰਗਤ ਦੇ ਕੇ ਮੁਸਲਮਾਨਾਂ ਅਤੇ ਹਿੰਦੂਆਂ ਵਾਲੀ ਰਾਜਨੀਤੀ ਖੇਡੀ ਜਾ ਰਹੀ ਹੈ।
ਉਧਰ, ਇਸੇ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੋਲਡੀ, ਕਮਲਦੀਪ ਸਿੰਘ ਸੈਣੀ, ਸਾਬਕਾ ਕੌਂਸਲਰ ਅਰੁਣ ਸ਼ਰਮਾ, ਅਸ਼ੋਕ ਝਾਅ, ਬੌਬੀ ਕੰਬੋਜ ਅਤੇ ਭਾਜਪਾ ਆਗੂ ਸ਼ਲਿੰਦਰ ਆਨੰਦ ਤੇ ਹਰਦੇਵ ਸਿੰਘ ਉਭਾ, ਰਾਮੇਸ਼ ਵਰਮਾ, ਅਮਰੀਕ ਸਿੰਘ ਹੈਪੀ, ਸੁਭਾਸ਼ ਸ਼ਰਮਾ, ਪ੍ਰੀਤਕੰਵਲ ਸਿੰਘ ਅਤੇ ਨਰਿੰਦਰ ਸਿੰਘ ਰਾਣਾ ਨੇ ਪਹਿਲਗਾਮ ਹਮਲੇ ਦੀ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਸਾਜ਼ਿਸ਼ ਦਾ ਪਰਦਾਫਾਸ਼ ਕਰਕੇ ਅੱਤਵਾਦੀਆਂ ਨੂੰ ਲੁਕਣ ਟਿਕਾਣਿਆਂ ’ਚੋਂ ਕੱਢ ਕੇ ਮੌਤ ਦੇ ਘਾਟ ਉਤਾਰਿਆ ਜਾਵੇ। ਉਨ੍ਹਾਂ ਮੰਗ ਕੀਤੀ ਕਿ ਸ਼ਹੀਦ ਪਰਿਵਾਰਾਂ ਨੂੰ ਪੰਜ-ਪੰਜ ਕਰੋੜ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਤੇ ਮੁਆਵਜ਼ਾ ਦਿੱਤਾ ਜਾਵੇ।