ਪਹਿਲਗਾਮ ਅੱਤਵਾਦੀ ਹਮਲਾ: ਅਕਾਲੀ ਦਲ ਵੱਲੋਂ ਪੀੜਤ ਪਰਿਵਾਰਾਂ ਨੂੰ 5-5 ਕਰੋੜ ਮੁਆਵਜ਼ਾ ਦੇਣ ਦੀ ਮੰਗ

ਨਬਜ਼-ਏ-ਪੰਜਾਬ, ਮੁਹਾਲੀ, 24 ਅਪਰੈਲ:
ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਜ਼ਿਲ੍ਹਾ ਆਬਜ਼ਰਵਰ ਕੁਲਦੀਪ ਕੌਰ ਕੰਗ ਅਤੇ ਯੂਥ ਆਗੂ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਘੁੰਮਣ ਆਏ ਸੈਲਾਨੀਆਂ ’ਤੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਰਵਿੰਦਰ ਸਿੰਘ ਸੋਹਾਣਾ ਕਿਹਾ ਕਿ ਇਹ ਹਮਲਾ ਨਾ ਸਿਰਫ਼ ਇਨਸਾਨੀਅਤ ਦੇ ਖ਼ਿਲਾਫ਼ ਹੈ, ਸਗੋਂ ਦੇਸ਼ ਦੇ ਅੰਦਰ ਅਮਨ-ਚੈਨ ਨੂੰ ਖੰਡਤ ਕਰਨ ਦਾ ਕੋਝਾ ਯਤਨ ਹੈ। ਨਿਹੱਥੇ ਸੈਲਾਨੀਆਂ ਦੀ ਬੇਰਹਿਮੀ ਨਾਲ ਹੱਤਿਆ ਕਰਨਾ ਅੱਤਵਾਦੀਆਂ ਦੀ ਕਾਇਰਤਾ ਦਾ ਸਬੂਤ ਹੈ। ਅਕਾਲੀ ਆਗੂਆਂ ਨੇ ਮ੍ਰਿਤਕਾ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ।
ਪਰਵਿੰਦਰ ਸੋਹਾਣਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕਾਂ ਦੇ ਵਾਰਸਾਂ ਨੂੰ ਪੰਜ-ਪੰਜ ਕਰੋੜ ਰੁਪਏ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਆਪਣੇ ਪਰਿਵਾਰਾਂ ਦਾ ਪਾਲਣ-ਪੋਸਣ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦਾ ਪਰਦਾਫਾਸ਼ ਕਰਕੇ ਉਨ੍ਹਾਂ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਸ ਮਸਲੇ ਨੂੰ ਹਿੰਦੂ-ਮੁਸਲਮਾਨ ਦਾ ਮਸਲਾ ਨਾ ਬਣਾਇਆ ਜਾਵੇ ਕਿਉਂਕਿ ਇਸ ਮਾਮਲੇ ਵਿੱਚ ਕਸ਼ਮੀਰੀ ਵੀ ਉੱਨੇ ਹੀ ਪੀੜਤ ਹਨ। ਉਨ੍ਹਾਂ ਦਾ ਵੀ ਇੱਕ ਮੈਂਬਰ ਹਲਾਕ ਹੋਇਆ ਹੈ। ਜਿਸ ਦਾ ਕਸੂਰ ਸਿਰਫ਼ ਇਹ ਸੀ ਕਿ ਉਹ ਸੈਲਾਨੀਆਂ ਨੂੰ ਬਚਾਉਣ ਦਾ ਯਤਨ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਅੱਤਵਾਦ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਾ ਆਇਆ ਹੈ ਅਤੇ ਭਵਿੱਖ ਵਿੱਚ ਵੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਸ਼ਾਂਤੀ ਲਈ ਹਮੇਸ਼ਾ ਅੱਤਵਾਦ ਖ਼ਿਲਾਫ਼ ਲੜਦਾ ਰਹੇਗਾ।

Load More Related Articles

Check Also

ਭਾਰਤੀ ਕਮਿਊਨਿਸ਼ਟ ਪਾਰਟੀ, ਬੁੱਧੀਜੀਵੀਆਂ ਅਤੇ ਹੋਰਨਾਂ ਜਥੇਬੰਦੀਆਂ ਵੱਲੋਂ ਗਰੀਬ ਲੋਕਾਂ ਦੇ ਮੁੱਦਿਆਂ ‘ਤੇ ਸੰਘਰਸ਼ ਦਾ ਐਲਾਨ

ਭਾਰਤੀ ਕਮਿਊਨਿਸ਼ਟ ਪਾਰਟੀ, ਬੁੱਧੀਜੀਵੀਆਂ ਅਤੇ ਹੋਰਨਾਂ ਜਥੇਬੰਦੀਆਂ ਵੱਲੋਂ ਗਰੀਬ ਲੋਕਾਂ ਦੇ ਮੁੱਦਿਆਂ ‘…