
ਪਾਕਿਸਤਾਨ ਆਧਾਰਿਤ ਨਸ਼ਾ ਤਸਕਰ ਦਾ ਨੇੜਲਾ 3 ਕਿੱਲੋ ਹੈਰੋਇਨ ਸਣੇ ਗ੍ਰਿਫ਼ਤਾਰ
ਜਾਂਚ ਟੀਮ ਵੱਲੋਂ ਮੁਲਜ਼ਮ ਕੋਲੋਂ ਦੋ ਦੇਸੀ ਪਿਸਤੌਲ ਤੇ 37 ਕਾਰਤੂਸ ਅਤੇ ਦੋ ਮੈਗਜ਼ੀਨ ਬਰਾਮਦ
ਮੁੱਢਲੀ ਜਾਂਚ ਮੁਤਾਬਕ ਡਰੋਨ ਰਾਹੀਂ ਭੇਜੀਆਂ ਜਾ ਰਹੀਆਂ ਸਨ ਨਸ਼ਿਆਂ ਦੀਆਂ ਖੇਪਾਂ: ਗੌਰਵ ਯਾਦਵ
ਨਬਜ਼-ਏ-ਪੰਜਾਬ, ਮੁਹਾਲੀ, 16 ਅਪਰੈਲ:
ਪੰਜਾਬ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦੋਂ ਪਾਰ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ ਪੰਜਾਬ ਪੁਲੀਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਪਾਕਿਸਤਾਨ ਆਧਾਰਿਤ ਨਸ਼ਾ ਤਸਕਰ ਨਾਲ ਸਬੰਧਤ ਮੁੱਖ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ ਵਾਸੀ ਪਿੰਡ ਕੋਟਲੀ ਸੁਰ ਸਿੰਘ (ਤਰਨਤਾਰਨ) ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਦੇ ਖ਼ਿਲਾਫ਼ ਮੁਹਾਲੀ ਸਥਿਤ ਏਐਨਟੀਐਫ਼ ਦੇ ਥਾਣੇ ਵਿੱਚ ਐਨਡੀਪੀਐਸ ਅਤੇ ਅਸਲਾ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਮੁਲਜ਼ਮ ਅਪਰਾਧਿਕ ਪਿਛੋਕੜ ਵਾਲਾ ਵਿਅਕਤੀ ਹੈ। ਜਾਂਚ ਟੀਮ ਵੱਲੋਂ ਮੁਲਜ਼ਮ ਕੋਲੋਂ 3.105 ਕਿੱਲੋਗ੍ਰਾਮ ਹੈਰੋਇਨ ਅਤੇ .32 ਬੋਰ ਦੇ ਦੋ ਦੇਸੀ ਪਿਸਤੌਲ ਸਮੇਤ 37 ਕਾਰਤੂਸ ਅਤੇ ਦੋ ਮੈਗਜ਼ੀਨਾਂ ਬਰਾਮਦ ਕੀਤੀਆਂ ਗਈਆਂ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਜੋਬਨਜੀਤ ਸਿੰਘ ਪਿਛਲੇ ਕੁਝ ਮਹੀਨਿਆਂ ਤੋਂ ਪਾਕਿਸਤਾਨ ਆਧਾਰਿਤ ਨਸ਼ਾ ਤਸਕਰਾਂ ਤੋਂ ਡਰੋਨ ਰਾਹੀਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਮੁਲਜ਼ਮ ਦੇ ਅਗਲੇ-ਪਿਛਲੇ ਸਬੰਧਾਂ ਨੂੰ ਸਥਾਪਿਤ ਕਰਨ ਲਈ ਡੂੰਘਾਈ ਹੋਰ ਜਾਂਚ ਕੀਤੀ ਜਾ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਨਸ਼ਾ ਤਸਕਰੀ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਇਸ ਅਪਰੇਸ਼ਨ ਬਾਰੇ ਹੋਰ ਵੇਰਵੇ ਸਾਂਝੇ ਕਰਦਿਆਂ ਏਡੀਜੀਪੀ (ਏਐਨਟੀਐਫ਼) ਨੀਲੱਭ ਕਿਸ਼ੋਰ ਨੇ ਦੱਸਿਆ ਕਿ ਏਐਨਟੀਐਫ਼ ਬਾਰਡਰ ਰੇਂਜ ਅੰਮ੍ਰਿਤਸਰ ਦੀਆਂ ਪੁਲੀਸ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਜੋਬਨਜੀਤ ਉਰਫ਼ ਜੋਬਨ ਇੱਕ ਬਦਨਾਮ ਨਸ਼ਾ ਤਸਕਰ ਹੈ ਅਤੇ ਉਸ ਨੇ ਹਾਲ ਹੀ ਵਿੱਚ ਸਰਹੱਦੋਂ ਪਾਰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਏਐਨਟੀਐਫ਼ ਦੇ ਐਸਪੀ (ਬਾਰਡਰ ਰੇਂਜ) ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲੀਸ ਦੀਆਂ ਵੱਖ-ਵੱਖ ਟੀਮਾਂ ਨੇ ਖੁਫ਼ੀਆ ਅਪਰੇਸ਼ਨ ਸ਼ੁਰੂ ਕੀਤਾ ਅਤੇ ਮੁਲਜ਼ਮ ਜੋਬਨਜੀਤ ਸਿੰਘ ਨੂੰ ਪਿੰਡ ਕੋਟਲੀ ਸੁਰ ਸਿੰਘ ਸਥਿਤ ਉਸ ਦੇ ਘਰ ’ਚੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਨਸ਼ਾ ਤਸਕਰੀ ਮਾਮਲੇ ਵਿੱਚ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।