ਸਿੱਖਾਂ ਦਾ ਪੱਕਾ ਮੋਰਚਾ ਜਾਰੀ: ਕਿਸਾਨ ਯੂਨੀਅਨਾਂ ਨੇ ਬੰਦੀ ਸਿੰਘਾਂ ਦੇ ਹੱਕ ਵਿੱਚ ਮਾਰਿਆ ਹਾਅ ਦਾ ਨਾਅਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜਨਵਰੀ:
ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਸਮੇਂ ਦੀਆਂ ਸਰਕਾਰਾਂ ਦੀ ਅਣਦੇਖੀ ਦੇ ਚੱਲਦਿਆਂ ਸਿੱਖਾਂ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਕੌਮੀ ਇਨਸਾਫ਼ ਮੋਰਚਾ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਕੜਾਕੇ ਦੀ ਠੰਢ ਵਿੱਚ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪੱਕਾ ਮੋਰਚਾ ਜਾਰੀ ਹੈ। ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸਿੱਖਾਂ ਦੇ ਸੰਘਰਸ਼ ਦੀ ਹਮਾਇਤ ਕਰਕੇ ਆਖਰੀ ਦਮ ਤੱਕ ਸਾਥ ਦੇਣ ਦਾ ਅਹਿਦ ਲਿਆ। ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਪ੍ਰਮੁੱਖ ਮੇਹਰ ਸਿੰਘ ਥੇੜੀ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨਾਂ ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਬੋਲਦਿਆਂ ਕਿਸਾਨ ਆਗੂਆਂ ਨੇ ਕਿਹਾ ਕੇ ਮੁਲਕ ਦੇ ਕਾਨੂੰਨ ਮੁਤਾਬਕ ਆਪਣੀਆਂ ਸਜਾਵਾਂ ਪੂਰੀਆਂ ਕਰਨ ਵਾਲੇ ਸਿੱਖਾਂ ਨੂੰ ਰਿਹਾਅ ਨਾ ਕਰਨਾ ਸਰਕਾਰ ਦੀ ਘੱਟ ਗਿਣਤੀਆਂ ਵਿਰੋਧੀ ਤੇ ਗੈਰ ਜਮਹੂਰੀ ਪਹੁੰਚ ਹੈ। ਇੱਕ ਪਾਸੇ ਬਲਾਤਕਾਰੀਆਂ, ਘੱਟ ਗਿਣਤੀਆਂ ਦਾ ਕਤਲੇਆਮ ਕਰਨ ਵਾਲੇ ਸਜਾਵਾਂ ਪੂਰੀਆਂ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਮੁਆਫ਼ੀਆਂ ਦੇ ਕੇ ਛੱਡੇ ਜਾ ਰਹੇ ਅਤੇ ਡੇਰਾ ਮੁਖੀ ਨੂੰ ਵਾਰਵਾਰ ਪੈਰੋਲ ਦਿੱਤੀ ਜਾ ਰਹੀ ਹੇ ਪ੍ਰੰਤੂ ਦੂਜੇ ਪਾਸੇ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਜੇਲ੍ਹਾਂ ਵਿੱਚ ਨਜ਼ਰਬੰਦ ਕਰਕੇ ਰੱਖਿਆ ਹੋਇਆ ਹੈ। ਜਦੋਂ ਇਹ ਮਸਲਾ ਚੁੱਕਿਆ ਗਿਆ ਤਾਂ ਹਮੇਸ਼ਾ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਸੁਰੱਖਿਆ ਦਾ ਬਹਾਨਾ ਲਗਾ ਕੇ ਇਹ ਮਸਲੇ ਠੰਢੇ ਬਸਤੇ ਵਿੱਚ ਪਾ ਦਿੱਤੇ ਜਾਂਦੇ ਹਨ, ਕਿਉਂਕਿ ਸਰਕਾਰ ਦੀ ਨੀਅਤ ਵਿੱਚ ਖੋਟ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਇਹ ਮਸਲਾ ਸਿਰਫ਼ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦਾ ਜਾਂ ਸਿਰਫ ਸਿੱਖਾਂ ਦਾ ਨਹੀਂ ਬਲਕਿ ਇਹ ਮਸਲਾ ਹਰ ਇਨਸਾਫ਼ਪਸੰਦ ਅਤੇ ਜਮਹੂਰੀਅਤ ਪਸੰਦ ਸ਼ਹਿਰੀਆਂ ਦਾ ਸਾਂਝਾ ਹੈ, ਇਸ ਲਈ ਸਾਰਿਆਂ ਨੂੰ ਸਿੱਖਾਂ ਦੇ ਪੱਕੇ ਮੋਰਚੇ ਦੀ ਪੂਰਨ ਹਮਾਇਤ ਵਿੱਚ ਅੱਗ।ੇ ਆਉਣਾ ਚਾਹੀਦਾ ਹੈ।

ਇਸ ਮੌਕੇ ਬਾਪੂ ਗੁਰਚਰਨ ਸਿੰਘ, ਰੁਪਿੰਦਰ ਸਿੰਘ ਸਿੱਧੂ, ਜਸਵਿੰਦਰ ਸਿੰਘ ਰਾਜਪੁਰਾ, ਦਿਲਸ਼ੇਰ ਸਿੰਘ, ਜਗਮੋਹਨ ਸਿੰਘ ਕਾਹਲੋਂ, ਪਲਵਿੰਦਰ ਸਿੰਘ ਤਲਵਾੜਾ, ਗੁਰਸੇਵਕ ਸਿੰਘ ਫੌਜੀ, ਸਤਵੰਤ ਸਿੰਘ ਸੱਤੀ, ਜੱਗੀ ਬਾਬਾ, ਕਰਮ ਸਿੰਘ ਮੁਹਾਲੀ, ਨਿਹੰਗ ਸਿੰਘ ਬਾਬਾ ਗੁਰਦੇਵ ਸਿੰਘ ਹੁਸ਼ਿਆਰਪੁਰ ਜਥੇਬੰਦੀ ਬਾਬਾ ਫਤਹਿ ਸਿੰਘ, ਤਲਵਿੰਦਰ ਅਹੀਰ, ਅਵਤਾਰ ਸਿੰਘ ਫਿਰੋਜ਼ਪੁਰ ਰਾਜੇਵਾਲ ਕਿਸਾਨ ਯੂਨੀਅਨ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…