
ਪੱਕਾ ਮੋਰਚਾ: ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼, ਮੁਹਾਲੀ ’ਚ ਰੋਸ ਪ੍ਰਦਰਸ਼ਨ ਦਾ ਐਲਾਨ
ਸਰਕਾਰ ਦੀਆਂ ਜੜ੍ਹਾਂ ਹਿਲਾਏਗਾ ਅੱਜ ਦਾ ਪੰਥਕ ਇਕੱਠ: ਕੌਮੀ ਇਨਸਾਫ਼ ਮੋਰਚਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਾਰਚ:
ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਬਾਰੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ।
ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਪੱਕੇ ਮੋਰਚੇ ਤੋਂ ਰੋਜ਼ਾਨਾ 31 ਮੈਂਬਰੀ ਜਥਾ ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰਨ ਲਈ ਰਵਾਨਾ ਹੁੰਦਾ ਸੀ। ਹਾਲਾਤਾਂ ਦੇ ਮੱਦੇਨਜ਼ਰ ਸਰਕਾਰ ਨੇ ਇਹ ਐਲਾਨ ਕੀਤਾ ਸੀ ਕਿ 31 ਮਾਰਚ ਤੱਕ ਜਗਤਾਰ ਸਿੰਘ ਹਵਾਰਾ ਨੂੰ 27 ਸਾਲ ਪੁਰਾਣੇ ਕੇਸ ਵਿੱਚ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇਗਾ ਪ੍ਰੰਤੂ ਹਾਲੇ ਤੱਕ ਸਰਕਾਰ ਜਥੇਦਾਰ ਹਵਾਰਾ ਨੂੰ ਪੰਜਾਬ ਦੀ ਜੇਲ੍ਹ ਵਿੱਚ ਸ਼ਿਫ਼ਟ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਵਾਅਦਾਖ਼ਿਲਾਫ਼ੀ ਵਿਰੁੱਧ ਭਲਕੇ 1 ਅਪਰੈਲ ਨੂੰ ਸਵੇਰੇ 11 ਵਜੇ ਪੱਕੇ ਮੋਰਚੇ ਵਾਲੀ ਥਾਂ ’ਤੇ ਪੰਥਕ ਇਕੱਠ ਕੀਤਾ ਜਾਵੇਗਾ। ਇਸ ਦੌਰਾਨ ਮੁਹਾਲੀ ਦੀਆਂ ਸੜਕਾਂ ’ਤੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪੰਥਕ ਇਕੱਠ ਸਰਕਾਰ ਦੀਆਂ ਜੜ੍ਹਾਂ ਨੂੰ ਹਿਲਾ ਦੇਵੇਗਾ। ਪ੍ਰਬੰਧਕਾਂ ਨੇ ਸਮੁੱਚੀ ਸਿੱਖ ਸੰਗਤ, ਸਿੱਖ ਜਥੇਬੰਦੀਆਂ, ਕਿਸਾਨ ਜਥੇਬੰਦੀਆਂ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਸਮੇਤ ਇਨਸਾਫ਼ ਪਸੰਦ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।
ਇਸ ਮੌਕੇ ਐਡਵੋਕੇਟ ਦਿਲਸ਼ੇਰ ਸਿੰਘ ਨੇ ਕਿਹਾ ਕਿ 1 ਅਪਰੈਲ ਦਾ ਰੋਸ ਪ੍ਰਦਰਸ਼ਨ ਸੂਬਾ ਸਰਕਾਰ ਦੀ ਵਾਅਦਾਖ਼ਿਲਾਫ਼ੀ ਦੇ ਵਿਰੁੱਧ ਹੈ। ਉਨ੍ਹਾਂ ਦੱਸਿਆ ਦੋ ਅਪਰੈਲ ਨੂੰ ਸੰਦੀਪ ਸਿੰਘ ਉਰਫ਼ ਦੀਪ ਸਿੱਧੂ ਦਾ ਜਨਮ ਦਿਨ ਬੰਦੀ ਸਿੱਖਾਂ ਦੀ ਰਿਹਾਈ ਨੂੰ ਸਮਰਪਿਤ ਕਰਕੇ ਮਨਾਇਆ ਜਾਵੇਗਾ ਅਤੇ 3 ਅਪਰੈਲ ਨੂੰ ਜਥੇਦਾਰ ਜਗਤਾਰ ਸਿੰਘ ਹਵਾਲਾ ਨੂੰ ਪੰਜਾਬ ਦੀ ਕਿਸੇ ਵੀ ਜੇਲ੍ਹ ਵਿੱਚ ਸ਼ਿਫ਼ਟ ਕਰਨ ਦੀ ਮੰਗ ਨੂੰ ਲੈ ਕੇ ਪੱਕੇ ਮੋਰਚੇ ਤੋਂ 31 ਮੈਂਬਰੀ ਜਥਾ ਮੁੱਖ ਮੰਤਰੀ ਦੇ ਨਿਵਾਸ ਵੱਲ ਕੂਚ ਕਰੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਭਾਈ ਰੁਪਿੰਦਰ ਸਿੰਘ ਅਤੇ ਵਕੀਲ ਗੁਰਸ਼ਰਨ ਸਿੰਘ ਵੀ ਮੌਜੂਦ ਸਨ।