ਪੱਕਾ ਮੋਰਚਾ: ਇਨਸਾਫ਼ ਮਾਰਚ ਵਿੱਚ ਪੂਰੇ ਪੰਜਾਬ ਨੂੰ ਸ਼ਮੂਲੀਅਤ ਕਰਨ ਦਾ ਸੱਦਾ

ਸ਼੍ਰੋਮਣੀ ਕਮੇਟੀ ਵਿੱਚ ਵਿਰੋਧੀ ਧਿਰ ਦੇ ਆਗੂ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਤੇ ਹੋਰ ਪੰਥਕ ਆਗੂਆਂ ਨੇ ਕੀਤੀ ਸ਼ਿਰਕਤ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ ਵੀ ਪਹੁੰਚੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜਨਵਰੀ:
ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਬਾਰੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪੱਕਾ ਮੋਰਚਾ ਜਾਰੀ ਹੈ। ਹੱਡ ਚੀਰਵੀਂ ਠੰਢ ਦੇ ਬਾਵਜੂਦ ਸਿੱਖ ਅਤੇ ਇਨਸਾਫ਼ ਪਸੰਦ ਲੋਕ ਲੜੀਵਾਰ ਧਰਨੇ ’ਤੇ ਡਟੇ ਰਹੇ। ਬੁੱਧਵਾਰ ਨੂੰ ਸ਼੍ਰੋਮਣੀ ਕਮੇਟੀ ਵਿੱਚ ਵਿਰੋਧੀ ਧਿਰ ਦੇ ਆਗੂ ਤੇ ਐਸਜੀਪੀਸੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਜਗਜੀਤ ਸਿੰਘ ਝੀਂਡਾ, ਸਰਬੱਤ ਖਾਲਸਾ ਵੱਲੋਂ ਥਾਪੇ ਪੰਜ ਪਿਆਰਿਆਂ ’ਚੋਂ ਭਾਈ ਸਤਨਾਮ ਸਿੰਘ ਖੰਡਾ, ਗੁਰਵਿੰਦਰ ਸਿੰਘ ਬਾਜਵਾ ਨੇ ਵੀ ਹਾਜ਼ਰੀ ਭਰੀ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ ਸਮੇਤ ਦਰਜਨ ਤੋਂ ਵੱਧ ਹੋਰ ਜਥੇਬੰਦੀਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਹਾਅ ਦਾ ਨਾਅਰਾ ਮਾਰਿਆ।
ਇਸ ਮੌਕੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਬਾਪੂ ਗੁਰਚਰਨ ਸਿੰਘ, ਅਮਰ ਸਿੰਘ ਚਾਹਲ, ਬਲਵਿੰਦਰ ਸਿੰਘ ਅਤੇ ਦਿਲਸ਼ੇਰ ਸਿੰਘ ਨੇ ਦੱਸਿਆ ਕਿ ਭਲਕੇ 26 ਜਨਵਰੀ (ਗਣਤੰਤਰ ਦਿਵਸ) ਦੇ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ 16 ਕਿੱਲੋਮੀਟਰ ਲੰਮਾ ਵਿਸ਼ਾਲ ਇਨਸਾਫ਼ ਮਾਰਚ ਕੀਤਾ ਜਾਵੇਗਾ। ਪ੍ਰਬੰਧਕਾਂ ਨੇ ਕਿਹਾ ਕਿ ਸਰਕਾਰਾਂ ’ਤੇ ਦਬਾਅ ਪਾਉਣ ਲਈ ਪੂਰੇ ਪੰਜਾਬ ਨੂੰ ਮਾਰਚ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਇੱਕ ਫ਼ਿਰਕੇ ਦੀ ਲੜਾਈ ਨਹੀਂ ਹੈ ਬਲਕਿ ਮਨੁੱਖਤਾ ਦੀ ਸਾਂਝੀ ਲੜਾਈ ਹੈ।
ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਸਜਾਵਾਂ ਦਿਵਾਉਣ ਦੀ ਮੰਗ ਨੂੰ ਲੈ ਕੇ ਬੀਤੀ 7 ਜਨਵਰੀ ਤੋਂ ਸਿੱਖ ਪੱਕਾ ਮੋਰਚਾ ਲਗਾ ਕੇ ਬੈਠੇ ਹਨ ਅਤੇ ਰੋਜ਼ਾਨਾ ਕਿਸਾਨਾਂ, ਇਨਸਾਫ਼ ਪਸੰਦ ਲੋਕ, ਨਿਹੰਗ ਜਥੇਬੰਦੀਆਂ, ਗਾਇਕ ਵੱਡੀ ਗਿਣਤੀ ਵਿੱਚ ਜੁੜ ਰਹੇ ਹਨ। ਲੇਕਿਨ ਹੁਣ ਤੱਕ ਸਰਕਾਰਾਂ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ। ਜਿਸ ਕਾਰਨ ਸਿੱਖਾਂ ਨੂੰ ਗਣਤੰਤਰ ਦਿਵਸ ਮੌਕੇ ਰੋਸ ਵਜੋਂ ਇਨਸਾਫ਼ ਮਾਰਚ ਕੱਢਣਾ ਪੈ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਧਰਨਾ ਸਥਾਨ ਤੋਂ ਸਵੇਰੇ 11 ਵਜੇ ਮਾਰਚ ਸ਼ੁਰੂ ਹੋਵੇਗਾ, ਜੋ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਵਾਪਸ ਪੱਕੇ ਮੋਰਚੇ ਵਾਲੀ ਥਾਂ ਪਹੁੰਚ ਕੇ ਸਮਾਪਤ ਹੋਵੇਗਾ। ਇਸ ਮਾਰਚ ਵਿੱਚ ਸ਼ਹੀਦਾਂ ਅਤੇ ਬੰਦੀ ਸਿੰਘਾਂ ਦੇ ਪਰਿਵਾਰਕ ਮੈਂਬਰ, ਢਾਡੀ, ਕਵੀਸ਼ਰੀ ਅਤੇ ਨਿਹੰਗ ਜਥੇਬੰਦੀਆਂ ਸ਼ਮੂਲੀਅਤ ਕਰਨਗੇ। ਪ੍ਰਬੰਧਕਾਂ ਨੇ ਨੌਜਵਾਨਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਮਾਰਚ ਦੌਰਾਨ ਕਿਸੇ ਕਿਸਮ ਦੀ ਹੁੱਲੜਬਾਜ਼ੀ ਨਾ ਕੀਤੀ ਜਾਵੇ।

ਉਧਰ, ਅੱਜ ਸਮਾਗਮ ਵਿੱਚ ਰੋਜ਼ਾਨਾ ਵਾਂਗ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ। ਸਾਰਾ ਦਿਨ ਵੱਖ-ਵੱਖ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਜੋਸ਼ੀਲੀਆਂ ਵਾਰਾਂ ਗਾਈਆਂ। ਭਾਈ ਹਰਨੇਕ ਸਿੰਘ ਦੇ ਜਥੇ ਨੇ ਕਵੀਸ਼ਰੀ ਰਾਹੀਂ ਹਾਜ਼ਰੀ ਭਰੀ ਅਤੇ ਬੀਬੀ ਵੀਰਪਾਲ ਕੌਰ ਖਾਲਸਾ ਦੇ ਢਾਡੀ ਜਥੇ ਨੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਵਾਰ ਗਾਈ। ਮੰਚ ਸੰਚਾਲਨ ਪ੍ਰਗਟ ਸਿੰਘ ਨੇ ਕੀਤਾ। ਇਸ ਮੌਕੇ ਗੁਰਦੀਪ ਸਿੰਘ ਬਠਿੰਡਾ, ਰਛਪਾਲ ਸਿੰਘ, ਗੁਰਨਾਮ ਸਿੰਘ ਸਿੱਧੂ, ਬਲਦੇਵ ਸਿੰਘ ਸਿਰਸਾ, ਐਡਵੋਕੇਟ ਗੁਰਸ਼ਰਨ ਸਿੰਘ, ਬਲਬੀਰ ਸਿੰਘ ਹਿਸਾਰ, ਪਾਲ ਸਿੰਘ ਫਰਾਂਸ, ਭਾਈ ਪਵਨਦੀਪ ਸਿੰਘ, ਗੁਰਵਿੰਦਰ ਸਿੰਘ, ਗੁਰਜਿੰਦਰ ਸਿੰਘ ਤਾਜਲਪੁਰ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…