ਪੱਕਾ ਮੋਰਚਾ: ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਸਿੱਖਾਂ ਨਾਲ ਧਰਨੇ ’ਤੇ ਬੈਠੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜਨਵਰੀ:
ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਕੌਮੀ ਇਨਸਾਫ਼ ਮੋਰਚਾ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਲੜੀਵਾਰ ਧਰਨਾ ਜਾਰੀ ਹੈ। ਪੰਜਾਬ ਅਤੇ ਗੁਆਂਢੀ ਸੂਬਿਆਂ ਦੇ ਸਿੱਖ ਬੀਤੀ 7 ਜਨਵਰੀ ਤੋਂ ਕੜਾਕੇ ਠੰਢ ਵਿੱਚ ਧਰਨੇ ’ਤੇ ਬੈਠੇ ਹਨ। ਅੱਜ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਬੁੱਧਵਾਰ ਨੂੰ ਸੈਂਕੜੇ ਕਿਸਾਨਾਂ ਨੇ ਧਰਨੇ ਵਿੱਚ ਸ਼ਮੂਲੀਅਤ ਕਰਕੇ ਸਿੱਖ ਮਸਲਿਆਂ ਬਾਰੇ ਸੰਘਰਸ਼ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਦੇਸ਼ ਵਿੱਚ ਸਿੱਖਾਂ ਲਈ ਵੱਖਰੇ ਕਾਨੂੰਨ ਬਣਾਉਣ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਜੇਕਰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਸਜਾ ਭੁਗਤਣ ਤੋਂ ਬਾਅਦ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਫਿਰ ਬੰਦੀ ਸਿੰਘਾਂ ਨਾਲ ਬੇਇਨਸਾਫ਼ੀ ਕਿਉਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀ ਕਈ ਸਾਲ ਪਹਿਲਾਂ ਹੀ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ ਪ੍ਰੰਤੂ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਸਿੱਖ ਆਗੂਆਂ ਨੇ ਸੁਪਰੀਮ ਕੋਰਟ ਅਤੇ ਹਾਈ ਕੋਰਟ ਨੂੰ ਨਿੱਜੀ ਦਖ਼ਲ ਦੇ ਕੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ।
ਬੁਲਾਰਿਆਂ ਨੇ ਕਿਹਾ ਕਿ ਉਹ ਸਿੱਖਾਂ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ, ਉਨ੍ਹਾਂ ਦਾ ਕਿਸੇ ਵੀ ਧਰਮ ਜਾਂ ਫ਼ਿਰਕੇ ਨਾਲ ਕੋਈ ਵਿਰੋਧ ਨਹੀਂ ਹੈ, ਉਹ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਪਹਿਲਾਂ ਅੌਰੰਗਜ਼ੇਬ ਨੇ ਵਿਰੋਧ ਕੀਤਾ ਸੀ ਪਰ ਉਸਦਾ ਜੋ ਹਸ਼ਰ ਹੋਇਆ, ਸਭ ਨੂੰ ਪਤਾ ਹੈ। ਫਿਰ ਜਿਹੜੇ ਵੀ ਆਗੂਆਂ ਨੇ ਸਿੱਖਾਂ ਅਤੇ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕਰਨ ਦੀ ਜੁਰਅਤ ਕੀਤੀ, ਸਾਰਿਆਂ ਦਾ ਮਾੜਾ ਹਾਲ ਹੋਇਆ ਅਤੇ ਸਿੱਖ ਪੂਰੀ ਚੜ੍ਹਦੀ ਕਲਾ ਵਿੱਚ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਲਈ ਕੰਮ ਕਰਨ ਵਾਲੇ ਸੂਰਮੇ ਹਮੇਸ਼ਾ ਅਮਰ ਰਹਿੰਦੇ ਹਨ, ਜਦੋਂਕਿ ਸਿੱਖਾਂ ਦਾ ਵਿਰੋਧ ਕਰਨ ਵਾਲਿਆਂ ਨੂੰ ਕੋਈ ਪੁੱਛਦਾ ਨਹੀਂ। ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਗੁਰੂ ਗਰੰਥ ਸਾਹਿਬ ਦੀ ਅਗਵਾਈ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਦਿਸ਼ਾਨਿਰਦੇਸ਼ਾਂ ਅਤੇ ਤਾਲਮੇਲ ਕਮੇਟੀ ਦੇ ਪ੍ਰਬੰਧ ਹੇਠ ਇਹ ਪੱਕਾ ਮੋਰਚਾ ਸ਼ੁਰੂ ਕੀਤਾ ਗਿਆ ਹੈ, ਜਿਸ ਨੂੰ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਧਰਮ ਦੇ ਬਾਪੂ ਗੁਰਚਰਨ ਸਿੰਘ ਅਤੇ ਹੋਰ ਵੱਖ-ਵੱਖ ਜਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸ੍ਰੀ ਹਜ਼ੂਰ ਸਾਹਿਬ ਲੰਗਰ ਤੇ ਕਾਰ ਸੇਵਾ ਵਾਲੇ ਬਾਬਾ ਨਰਿੰਦਰ ਸਿੰਘ ਵੱਲੋਂ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਪੱਕਾ ਮੋਰਚਾ ਜਾਰੀ ਰਹੇਗਾ।
ਇਸ ਮੌਕੇ ਕਿਸਾਨ ਆਗੂ ਜਸਪਾਲ ਸਿੰਘ ਨਿਆਮੀਆਂ, ਪਰਮਿੰਦਰ ਸਿੰਘ ਪਾਲਮਾਜਰਾ, ਪਰਮਜੀਤ ਸਿੰਘ ਮਾਣਕਪੁਰ, ਨਿਰਮਲ ਸਿੰਘ ਝੰਡੂਕੇ, ਮਨਪ੍ਰੀਤ ਸਿੰਘ ਅਮਲਾਲਾ, ਸਰੂਪ ਸਿੰਘ ਰਾਮਾ, ਰਣਜੀਤ ਸਿੰਘ, ਮਨਵੀਰ ਕੌਰ, ਗੁਰਪ੍ਰੀਤ ਸਿੰਘ, ਕਰਮ ਸਿੰਘ, ਜਗਤਾਰ ਸਿੰਘ ਚੋਟੀਆਂ ਸਮੇਤ ਹੋਰਨਾਂ ਸੰਸਥਾ ਦੇ ਮੈਂਬਰ, ਕਿਸਾਨ ਅਤੇ ਮਜ਼ਦੂਰਾਂ ਮੌਜੂਦ ਸਨ।

ਪੱਕੇ ਮੋਰਚੇ ਦੇ ਪ੍ਰਬੰਧਕਾਂ ਬਲਵਿੰਦਰ ਸਿੰਘ, ਜਸਵਿੰਦਰ ਸਿੰਘ ਰਾਜਪੁਰਾ, ਦਿਲਸ਼ੇਰ ਸਿੰਘ, ਪਾਲ ਸਿੰਘ ਫਰਾਂਸ ਨੇ ਦੇਰ ਸ਼ਾਮ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਵਾਪਰੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਨੌਜਵਾਨਾਂ ਦੀ ਇਸ ਕਾਰਵਾਈ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਪ੍ਰਧਾਨ ਨੂੰ ਹਾਲੇ ਧਰਨੇ ਵਿੱਚ ਨਾ ਆਉਣ ਬਾਰੇ ਕਿਹਾ ਗਿਆ ਸੀ ਪਰ ਉਹ ਅਚਨਚੇਤ ਪਹੁੰਚ ਗਏ। ਉੁਂਜ ਉਨ੍ਹਾਂ ਇਹ ਵੀ ਸਪੱਸ਼ਟ ਕਿਹਾ ਕਿ ਮੰਚ ਤੋਂ ਬੋਲਣ ਤੋਂ ਬਾਅਦ ਪ੍ਰਬੰਧਕਾਂ ਨੇ ਬਕਾਇਦਾ ਧਾਮੀ ਨੂੰ ਗੱਡੀ ਤੱਕ ਛੱਡਣ ਜਾਣਾ ਸੀ ਪਰ ਉਹ ਪਹਿਲਾਂ ਹੀ ਉੱਠ ਕੇ ਚਲੇ ਗਏ ਅਤੇ ਪੰਡਾਲ ਤੋਂ ਬਾਹਰ ਰਸਤੇ ਵਿੱਚ ਇਹ ਮੰਦਭਾਗੀ ਘਟਨਾ ਵਾਪਰ ਗਈ। ਪ੍ਰਬੰਧਕਾਂ ਅਨੁਸਾਰ ਪੱਕੇ ਮੋਰਚੇ ਨੂੰ ਸ਼੍ਰੋਮਣੀ ਪੰਥ 96 ਕਰੋੜੀ ਅਕਾਲੀ ਬੁੱਢਾ ਦਲ, ਅਕਾਲ ਯੂਥ, ਨੂਰ ਸੰਸਥਾ, ਕਿਸਾਨਾਂ ਅਤੇ ਹੋਰ ਜਥੇਬੰਦੀਆਂ ਦਾ ਪੂਰਾ ਸਮਰਥਨ ਮਿਲ ਰਿਹਾ ਹੈ ਅਤੇ ਰੋਜ਼ਾਨਾ ਧਰਨੇ ਵਿੱਚ ਸ਼ਾਮਲ ਹੋਣ ਵਾਲਿਆਂ ਦੀ ਗਿਣਤੀ ਵਧ ਰਹੀ ਹੈ।

Load More Related Articles

Check Also

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ-ਪੰਜਾਬ…