
ਪੱਕਾ ਮੋਰਚਾ: ਕੌਮੀ ਇਨਸਾਫ਼ ਮੋਰਚਾ ਤੇ ਕਿਸਾਨਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰਨ ਦਾ ਯਤਨ
ਮੁਹਾਲੀ ਅਤੇ ਚੰਡੀਗੜ੍ਹ ਪੁਲੀਸ ਨੇ ਬੈਰੀਕੇਟ ਲਗਾ ਕੇ ਰਾਹ ਰੋਕਿਆ, ਸੜਕ ’ਤੇ ਵਾਹਿਗੁਰੂ ਦਾ ਜਾਪ ਸ਼ੁਰੂ
ਨਬਜ਼-ਏ-ਪੰਜਾਬ, ਮੁਹਾਲੀ, 21 ਸਤੰਬਰ:
ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪਿਛਲੇ 9 ਮਹੀਨਿਆਂ ਤੋਂ ਪੱਕਾ ਮੋਰਚਾ ਜਾਰੀ ਹੈ।
ਅੱਜ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਅਤੇ ਕੌਮੀ ਇਨਸਾਫ਼ ਮੋਰਚਾ ਦੇ ਸਾਂਝੇ 31 ਮੈਂਬਰੀ ਵਫ਼ਦ ਨੇ ਮੁੱਖ ਮੰਤਰੀ ਦੀ ਸਰਕਾਰੀ ਕੋਠੀ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕਰਨ ਦਾ ਯਤਨ ਕੀਤਾ ਲੇਕਿਨ ਮੁਹਾਲੀ ਅਤੇ ਚੰਡੀਗੜ੍ਹ ਪੁਲੀਸ ਨੇ ਬੈਰੀਕੇਟ ਲਗਾ ਕੇ ਉਨ੍ਹਾਂ ਦਾ ਰਾਹ ਰੋਕ ਲਿਆ। ਜਿਸ ਕਾਰਨ ਪ੍ਰਦਰਸ਼ਨਕਾਰੀ ਉੱਥੇ ਸੜਕ ’ਤੇ ਧਰਨਾ ਲਗਾ ਕੇ ਬੈਠ ਗਏ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਸ਼ੁਰੂ ਕਰ ਦਿੱਤਾ। ਸ਼ਾਮ ਨੂੰ ਇਹ ਜਥਾ ਵਾਪਸ ਪੱਕੇ ਮੋਰਚੇ ਵਾਲੀ ਥਾਂ ’ਤੇ ਪਹੁੰਚ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੌਮੀ ਇਨਸਾਫ਼ ਮੋਰਚੇ ਦੇ ਮੈਂਬਰ ਬਲਜੀਤ ਸਿੰਘ ਭਾਊ, ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਰਣਬੀਰ ਸਿੰਘ ਗਰੇਵਾਲ ਅਤੇ ਹੋਰਨਾਂ ਕਿਸਾਨ ਆਗੂਆਂ ਨੇ ਪਿਛਲੇ ਕਰੀਬ ਤਿੰਨ ਦਹਾਕੇ ਤੋਂ ਸਿੱਖ ਕੈਦੀ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਹਨ। ਸਜਾਵਾਂ ਪੂਰੀਆਂ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ, ਜੋ ਸਰਾਸਰ ਗਲਤ ਅਤੇ ਲੋਕਤੰਤਰ ਦੇ ਖ਼ਿਲਾਫ਼ ਹੈ। ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤਾਂ ਜੋ ਸਿੱਖ ਸੰਗਤ ਦੇ ਰੋਹ ਨੂੰ ਸ਼ਾਂਤ ਕੀਤਾ ਜਾ ਸਕੇ।