nabaz-e-punjab.com

ਪੱਕਾ ਮੋਰਚਾ: ਨਿਹੰਗ ਸਿੰਘ ਆਪਸ ’ਚ ਭਿੜੇ, ਇੱਕ ਗੰਭੀਰ ਜ਼ਖ਼ਮੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਪਰੈਲ:
ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਬਾਰੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪੱਕਾ ਮੋਰਚਾ ਜਾਰੀ ਹੈ। ਕੌਮੀ ਇਨਸਾਫ਼ ਮੋਰਚੇ ਦੀ ਅਪੀਲ ’ਤੇ ਸਿੱਖ ਸੰਘਰਸ਼ ਦੀ ਹਮਾਇਤ ਵਿੱਚ ਕਈ ਨਿਹੰਗ ਸਿੰਘਾਂ ਦੀਆਂ ਜਥੇਬੰਦੀਆਂ ਨੇ ਵਾਈਪੀਐਸ ਚੌਕ ’ਤੇ ਆਰਜ਼ੀ ਛਾਊਣੀ ਬਣਾ ਕੇ ਪੱਕੇ ਡੇਰੇ ਲਗਾ ਲਏ ਹਨ ਅਤੇ ਵਿਸਾਖੀ ਵਾਲੇ ਨਿਹੰਗ ਸਿੰਘਾਂ ਵੱਲੋਂ ਮੁਹਾਲੀ ਵਿੱਚ ਨਗਰ ਕੀਰਤਨ ਸਜਾਇਆ ਜਾਵੇਗਾ। ਲੇਕਿਨ ਇਸ ਤੋਂ ਪਹਿਲਾਂ ਹੀ ਕੁੱਝ ਨਿਹੰਗ ਸਿੰਘ ਆਪਸ ਵਿੱਚ ਭਿੜ ਗਏ। ਜਿਸ ਕਾਰਨ ਸਥਿਤੀ ਤਣਾਅ ਪੂਰਨ ਹੋ ਗਈ। ਘਟਨਾ ਲੰਘੀ ਦੇਰ ਰਾਤ ਵਾਪਰੀ ਦੱਸੀ ਜਾ ਰਹੀ ਹੈ।
ਇਸ ਘਟਨਾ ਦੌਰਾਨ ਇੱਕ ਨਿਹੰਗ ਸਿੰਘ ਬੱਬਰ ਸਿੰਘ ਚੰਡੀ (ਬਾਬਾ ਅਮਨਾ ਗਰੁੱਪ) ਗੰਭੀਰ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਤੁਰੰਤ ਸਰਕਾਰੀ ਹਸਪਤਾਲ ਫੇਜ਼-6 ਵਿੱਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਨੇ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਸ ਨੂੰ ਪੀਜੀਆਈ ਹਸਪਤਾਲ ਚੰਡੀਗੜ੍ਹ ਵਿੱਚ ਰੈਫਰ ਕਰ ਦਿੱਤਾ ਹੈ। ਜ਼ਖ਼ਮੀ ਨਿਹੰਗ ਸਿੰਘ ਦਾ ਹੱਥ ਵੱਢਿਆ ਗਿਆ ਦੱਸਿਆ ਜਾ ਰਿਹਾ ਹੈ।
ਮੁਹਾਲੀ ਪੁਲੀਸ ਨੇ ਮੇਲਾ ਸਿੰਘ ਸਮੇਤ ਹੋਰਨਾਂ ਕਈ ਅਣਪਛਾਤੇ ਵਿਅਕਤੀਆਂ ਵਿਰੁੱਧ ਆਈਪੀਸੀ ਦੀ ਧਾਰਾ 307, 148, 149 ਅਤੇ 120ਬੀ ਦੇ ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਮੇਲਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀ ਅਪਛਾਤੇ ਵਿਅਕਤੀਆਂ ਦੀ ਭਾਲ ਜਾਰੀ ਹੈ।
ਉਧਰ, ਕੌਮੀ ਇਨਸਾਫ਼ ਮੋਰਚਾ ਅਤੇ ਨਿਹੰਗ ਸਿੰਘਾਂ ਵੱਲੋਂ ਪੱਕੇ ਮੋਰਚੇ ਵਾਲੀ ਥਾਂ ’ਤੇ ਵਿਸਾਖੀ ਮਨਾਈ ਜਾਵੇਗੀ ਅਤੇ ਨਿਹੰਗ ਸਿੰਘਾਂ ਵੱਲੋਂ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਦੌਰਾਨ ਗੱਤਕੇ ਦੇ ਜੌਹਰ ਖੇਡਿਆ ਅਤੇ ਘੋੜ ਸਵਾਰ ਨਿਹੰਗ ਸਿੰਘ ਆਪਣੀ ਕਲਾ ਦੇ ਜੌਹਰ ਦਿਖਾਉਣਗੇ। ਬਾਪੂ ਗੁਰਚਰਨ ਸਿੰਘ, ਭਾਈ ਜਸਵਿੰਦਰ ਸਿੰਘ, ਐਡਵੋਕੇਟ ਦਿਲਸ਼ੇਰ ਸਿੰਘ ਤੇ ਗੁਰਸ਼ਰਨ ਸਿੰਘ ਨੇ ਕਿਹਾ ਕਿ 13 ਅਪਰੈਲ ਨੂੰ ਸ਼ਹੀਦ ਸਿੰਘਾਂ ਨੂੰ ਯਾਦ ਕੀਤਾ ਜਾਵੇਗਾ ਅਤੇ ਸ਼ਾਮ ਨੂੰ ਸ਼ਬਦ ਕੀਰਤਨ ਅਤੇ ਗੁਰਮਤਿ ਵਿਚਾਰਾਂ ਕੀਤੀਆਂ ਜਾਣਗੀਆਂ। ਅਗਲੇ ਦਿਨ 14 ਅਪਰੈਲ ਨੂੰ ਸੈਂਕੜੇ ਪ੍ਰਾਣੀਆਂ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…