ਪੱਕਾ ਮੋਰਚਾ: ਗਰਮ ਖਿਆਲੀ ਨੌਜਵਾਨਾਂ ਤੇ ਨਿਹੰਗ ਸਿੰਘਾਂ ਵੱਲੋਂ ਰੋਸ ਮਾਰਚ, ਚੱਕਾ ਜਾਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਾਰਚ:
‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਕੁੱਝ ਸਾਥੀਆਂ ਨੂੰ ਪੰਜਾਬ ਪੁਲੀਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਸੋਸ਼ਲ ਮੀਡੀਆ ’ਤੇ ਪੋਸਟਾਂ ਵਾਇਰਲ ਹੋਣ ਤੋਂ ਬਾਅਦ ਅੱਜ ਕੁੱਝ ਗਰਮ ਖਿਆਲੀ ਨੌਜਵਾਨਾਂ ਅਤੇ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਨੇ ਮੁਹਾਲੀ ਵਿੱਚ ਰੋਸ ਮਾਰਚ ਕੀਤਾ ਅਤੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਮੁਹਾਲੀ ਏਅਰਪੋਰਟ ਸੜਕ ’ਤੇ ਚੱਕਾ ਜਾਮ ਕਰਕੇ ਵਾਹਿਗੁਰੂ ਦਾ ਜਾਪ ਸ਼ੁਰੂ ਕਰ ਦਿੱਤਾ। ਦੇਰ ਸ਼ਾਮ ਖ਼ਬਰ ਲਿਖੇ ਜਾਣ ਤੱਕ ਖ਼ਾਲਿਸਤਾਨ ਪੱਖੀਆਂ ਦਾ ਧਰਨਾ ਜਾਰੀ ਸੀ। ਇਸ ਕਾਫ਼ਲੇ ਵਿੱਚ ਸ਼ਾਮਲ ਵਿਅਕਤੀਆਂ ਨੇ ਆਪਣੇ ਹੱਥਾਂ ਵਿੱਚ ਲਾਠੀਆਂ, ਕਿਰਪਾਨਾਂ, ਗੰਡਾਸੇ ਅਤੇ ਤਲਵਾਰਾਂ ਫੜੀਆਂ ਹੋਈਆਂ ਹਨ। ਇਨ੍ਹਾਂ ’ਚੋਂ ਕਾਫ਼ੀ ਨੌਜਵਾਨਾਂ ਨੇ ਆਪਣੇ ਮੂੰਹ ’ਤੇ ਕੱਪੜਾ ਬੰਨ੍ਹਿਆ ਹੋਇਆ ਸੀ।
ਉਧਰ, ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੰਜਾਬ ਪੁਲੀਸ ਅਤੇ ਪੈਰਾ ਮਿਲਟਰੀ ਫੋਰਸਿਸ ਦੇ ਜਵਾਨ ਵੀ ਵੱਡੀ ਗਿਣਤੀ ਵਿੱਚ ਤਾਇਨਾਤ ਕੀਤੇ ਗਏ। ਇਸ ਦੌਰਾਨ ਸਥਿਤੀ ਉਸ ਸਮੇਂ ਤਣਾਅ ਪੂਰਨ ਬਣ ਗਈ ਜਦੋਂਕਿ ਵੱਡੀ ਗਿਣਤੀ ਵਿੱਚ ਪੁਲੀਸ ਫੋਰਸ ਦੇ ਪਹੁੰਚਣ ਨਾਲ ਉਨ੍ਹਾਂ ਨੂੰ ਇੰਜ ਲੱਗਾ ਕਿ ਸ਼ਾਇਦ ਪੁਲੀਸ ਜ਼ਬਰਦਸਤੀ ਧਰਨਾ ਚੁਕਵਾ ਦੇਵੇਗੀ ਪਰ ਟਕਰਾਅ ਤੋਂ ਬਚਾਅ ਰਿਹਾ।

ਜਾਣਕਾਰੀ ਅਨੁਸਾਰ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਬਾਰੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਅੱਜ ਅਚਾਨਕ ਖ਼ਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੀ ਖ਼ਬਰ ਸੋਸ਼ਲ ਮੀਡੀਆ ’ਤੇ ਆਉਣ ਤੋਂ ਬਾਅਦ ਪੱਕੇ ਮੋਰਚੇ ਵਿੱਚ ਧਰਨੇ ’ਤੇ ਗਰਮ ਖਿਆਲੀ ਨੌਜਵਾਨਾਂ ਅਤੇ ਨਿਹੰਗ ਸਿੰਘਾਂ ਨੇ ਪੈਦਲ ਹੀ ਰੋਸ ਮਾਰਚ ਸ਼ੁਰੂ ਕਰ ਦਿੱਤਾ। ਜਿਸ ਕਾਰਨ ਪੁਲੀਸ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ। ਇਸ ਮੌਕੇ ਸੀਨੀਅਰ ਪੁਲੀਸ ਅਧਿਕਾਰੀ ਅਤੇ ਖ਼ੁਫ਼ੀਆ ਵਿੰਗ ਦੇ ਅਧਿਕਾਰੀ ਮੌਕੇ ’ਤੇ ਤਾਇਨਾਤ ਰਹੇ। ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

Load More Related Articles

Check Also

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ ਨਬਜ਼-ਏ-ਪੰਜਾਬ, ਮੁਹਾਲ…