
ਪੱਕਾ ਮੋਰਚਾ: ਮੁਹਾਲੀ ਵਿੱਚ ਸਿੱਖ ਤੇ ਕਿਸਾਨ ਯੂਨੀਅਨਾਂ ਦੇ ਨੁਮਾਇੰਦੇ ਜੁੜਨੇ ਸ਼ੁਰੂ
ਵਿਦੇਸ਼ੀ ਮੁਲਕਾਂ ਵਿੱਚ ਵੀ ਲੋਕ ਲਹਿਰ ਬਣਨੀ ਸ਼ੁਰੂ, ਅਮਰੀਕਾ ’ਚ ਹੋਇਆ ਵਿਰੋਧ ਪ੍ਰਦਰਸ਼ਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜਨਵਰੀ:
ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਕੌਮੀ ਇਨਸਾਫ਼ ਮੋਰਚਾ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਲੜੀਵਾਰ ਧਰਨਾ ਜਾਰੀ ਹੈ। ਜਿੱਥੇ ਪ੍ਰਦਰਸ਼ਨਕਾਰੀ ਸਿੱਖਾਂ ਤੇ ਇਨਸਾਫ਼ ਪਸੰਦ ਲੋਕਾਂ ਦਾ ਰੋਹ ਭੱਖਦਾ ਜਾ ਰਿਹਾ ਹੈ, ਉੱਥੇ ਹੁਣ ਸਮਾਜ ਸੇਵੀ, ਪੰਥ ਦਰਦੀਆਂ ਅਤੇ ਕਿਸਾਨ ਵੀ ਲਗਾਤਾਰ ਜੁੜ ਰਹੇ ਹਨ ਅਤੇ ਵਿਦੇਸ਼ੀ ਮੁਲਕਾਂ ਵਿੱਚ ਵੀ ਲੋਕ ਲਹਿਰ ਬਣਨੀ ਸ਼ੁਰੂ ਹੋ ਗਈ ਹੈ। ਪ੍ਰਬੰਧਕਾਂ ਅਨੁਸਾਰ ਅਮਰੀਕਾ ਵਿੱਚ ਵੀ ਸਿੱਖ ਵਿਰੋਧ ਪ੍ਰਦਰਸ਼ਨ ’ਤੇ ਉਤਰ ਆਏ ਹਨ।
ਇਸ ਮੌਕੇ ਬਾਪੂ ਗੁਰਚਰਨ ਸਿੰਘ, ਭਾਈ ਜਸਵਿੰਦਰ ਸਿੰਘ, ਦਿਲਸ਼ੇਰ ਸਿੰਘ, ਪਾਲ ਸਿੰਘ ਫਰਾਂਸ, ਸੋਸ਼ਲ ਵਰਕਰ ਜਥੇਦਾਰ ਅਵਤਾਰ ਸਿੰਘ ਨੱਗਲਾ ਅਤੇ ਕਿਸਾਨ ਆਗੂਆਂ ਨੇ ਇੱਕਸੁਰ ਵਿੱਚ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲਦੀਆਂ, ਉਦੋਂ ਤੱਕ ਪੱਕਾ ਮੋਰਚਾ ਜਾਰੀ ਰਹੇਗਾ। ਅੱਜ ਵੀ ਫ਼ੈਸਲਾ ਲਿਆ ਗਿਆ ਕਿ ਭਵਿੱਖ ਵਿੱਚ ਪੱਕੇ ਮੋਰਚੇ ਦੇ ਮੰਚ ਤੋਂ ਕਿਸੇ ਵੀ ਸਿਆਸੀ ਆਗੂ ਨੂੰ ਬੋਲਣ ਨਹੀਂ ਦਿੱਤਾ ਜਾਵੇਗਾ ਕਿਉਂਕਿ ਬੀਤੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਸੰਬੋਧਨ ਤੋਂ ਬਾਅਦ ਤਲਖੀ ਪੈਦਾ ਹੋ ਗਈ ਸੀ। ਹੁਣ ਪ੍ਰਬੰਧਕ ਮਾਮਲੇ ਨੂੰ ਸ਼ਾਂਤ ਕਰਨ ਵਿੱਚ ਲੱਗੇ ਹੋਏ ਹਨ।
ਬੁਲਾਰਿਆਂ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਵੀ ਧਰਮ ਜਾਂ ਫ਼ਿਰਕੇ ਨਾਲ ਕੋਈ ਨਿੱਜੀ ਵਿਰੋਧ ਨਹੀਂ ਹੈ, ਉਹ ਸਾਰੇ ਧਰਮਾਂ ਦਾ ਪੂਰਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਚੜ੍ਹਦੀ ਕਲਾਂ ਲਈ ਕੰਮ ਕਰਨ ਵਾਲੇ ਸੂਰਮੇ ਹਮੇਸ਼ਾ ਅਮਰ ਰਹਿੰਦੇ ਹਨ, ਜਦੋਂਕਿ ਸਿੱਖਾਂ ਦਾ ਵਿਰੋਧ ਕਰਨ ਵਾਲਿਆਂ ਨੂੰ ਹਮੇਸ਼ਾ ਮੂੰਹ ਦੀ ਖਾਣੀ ਪਈ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਗੁਰੂ ਗਰੰਥ ਸਾਹਿਬ ਦੀ ਅਗਵਾਈ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਤਾਲਮੇਲ ਕਮੇਟੀ ਦੇ ਪ੍ਰਬੰਧ ਹੇਠ ਇਹ ਪੱਕਾ ਮੋਰਚਾ ਸ਼ੁਰੂ ਕੀਤਾ ਗਿਆ ਹੈ। ਧਰਨੇ ਵਿੱਚ ਪਹੁੰਚ ਰਹੀ ਸੰਗਤ ਲਈ ਲੰਗਰਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸੜਕ ਦੇ ਦੋਵੇਂ ਪਾਸੇ ਪੱਕੇ ਸ਼ੈੱਡ ਬਣਾਉਣੇ ਸ਼ੁਰੂ ਕਰ ਦਿੱਤੇ ਹਨ। ਉਧਰ, ਬੀਤੇ ਕੱਲ੍ਹ ਦੀ ਘਟਨਾ ਤੋਂ ਬਾਅਦ ਕੇਂਦਰ ਅਤੇ ਪੰਜਾਬ ਦੀਆਂ ਖ਼ੁਫ਼ੀਆ ਏਜੰਸੀਆਂ ਵੱਲੋਂ ਪ੍ਰਦਰਸ਼ਨਕਾਰੀ ਸਿੱਖਾਂ ਦੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।