
ਪੱਕਾ ਮੋਰਚਾ: ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਸੁਰੱਖਿਆ ਵਧਾਈ, ਬੁਲਟ ਪਰੂਫ਼ ਟਰੈਕਟਰ ਕੀਤੇ ਖੜੇ
31 ਮੈਂਬਰੀ ਜਥੇ ਨੇ ਸੱਤਵੇਂ ਦਿਨ ਮੁੜ ਮੁੱਖ ਮੰਤਰੀ ਦੀ ਰਿਹਾਇਸ਼ੀ ਵੱਲ ਵਧਣ ਦਾ ਯਤਨ, ਪੁਲੀਸ ਨੇ ਰਾਹ ਰੋਕਿਆ
ਬਾਕੀ ਹੋਰ ਐਂਟਰੀ ਪੁਆਇੰਟਾਂ ’ਤੇ ਕੰਡਾਤਾਰ ਲਾਈ, ਚੰਡੀਗੜ੍ਹ ਨੂੰ ਜਾਣ ਵਾਲੇ ਛੋਟੇ ਰਸਤੇ ਵੀ ਕੀਤੇ ਸੀਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਫਰਵਰੀ:
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਮੇਤ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਦਾ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪੱਕਾ ਮੋਰਚਾ ਜਾਰੀ ਹੈ। ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ ਵੱਲ ਕੂਚ ਕਰਨ ਦਾ ਯਤਨ ਕਰਨ ਸਮੇਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਵਾਪਰੀ ਮੰਦਭਾਗੀ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਹੁਣ ਦੋ ਬੁਲਟ ਪਰੂਫ਼ ਟਰੈਕਟਰਾਂ ਸਮੇਤ ਰੇਤੇ ਨਾਲ ਭਰੇ ਚਾਰ ਵੱਡੇ ਟਿੱਪਰ ਵੀ ਖੜ੍ਹੇ ਕੀਤੇ ਗਏ ਹਨ ਤਾਂ ਜੋ ਰੋਸ ਮੁਜ਼ਾਹਰੇ ਦੌਰਾਨ ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਚੰਡੀਗੜ੍ਹ ਵਿੱਚ ਦਾਖ਼ਲ ਨਾ ਹੋ ਸਕਣ।
ਸੋਮਵਾਰ ਨੂੰ ਸੱਤਵੇਂ ਦਿਨ ਬਾਅਦ ਦੁਪਹਿਰ ਕੌਮੀ ਇਨਸਾਫ਼ ਮੋਰਚੇ ਦੇ ਬੈਨਰ ਹੇਠ ਅਵਤਾਰ ਸਿੰਘ ਫੂਲੇਵਾਲ ਦੀ ਅਗਵਾਈ ਵਾਲੇ 31 ਮੈਂਬਰੀ ਵਫ਼ਦ ਨੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵੱਲ ਵਧਣ ਦਾ ਯਤਨ ਕੀਤਾ ਪ੍ਰੰਤੂ ਮੁਹਾਲੀ-ਯੂਟੀ ਦੇ ਐਂਟਰੀ ਪੁਆਇੰਟ ’ਤੇ ਤਾਇਨਾਤ ਭਾਰੀ ਪੁਲੀਸ ਬਲ ਨੇ ਪ੍ਰਦਰਸ਼ਨਕਾਰੀਆਂ ਦਾ ਰਾਹ ਡੱਕ ਲਿਆ। ਪੁਲੀਸ ਵੱਲੋਂ ਰੋਕੇ ਜਾਣ ’ਤੇ ਪ੍ਰਦਰਸ਼ਨਕਾਰੀ ਉੱਥੇ ਸ਼ਾਂਤਮਈ ਧਰਨੇ ’ਤੇ ਬੈਠ ਗਏ ਅਤੇ ਗੁਰਬਾਣੀ ਦਾ ਜਾਪ ਸ਼ੁਰੂ ਕਰ ਦਿੱਤਾ। ਕਰੀਬ ਦੋ ਘੰਟੇ ਬਾਅਦ ਸਾਰੇ ਧਰਨਾਕਾਰੀ ਮੁੜ ਪੱਕੇ ਮੋਰਚੇ ਵਾਲੀ ਥਾਂ ’ਤੇ ਚਲੇ ਗਏ।
ਮੁਹਾਲੀ ਅਤੇ ਚੰਡੀਗੜ੍ਹ ਦੀਆਂ ਸਾਂਝੀਆਂ ਹੱਦਾਂ ’ਤੇ ਪੁਲੀਸ ਵੱਲੋਂ ਕੰਡਾ ਤਾਰ ਲਗਾ ਕੇ ਬੈਰੀਕੇਡਿੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਮੁਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਛੋਟੇ ਰਸਤਿਆਂ ਨੂੰ ਵੀ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਜਿਸ ਕਾਰਨ ਰਾਹਗੀਰਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੱਕੇ ਮੋਰਚੇ ਨੇੜੇ ਵੀ ਪੰਜਾਬ ਪੁਲੀਸ ਦਾ ਸੁਰੱਖਿਆ ਘੇਰਾ ਪਹਿਲਾਂ ਨਾਲੋਂ ਵਧੇਰੇ ਮਜ਼ਬੂਤ ਕਰ ਦਿੱਤਾ ਹੈ। ਜ਼ਿਲ੍ਹਾ ਪ੍ਰੀਸ਼ਦ ਸ੍ਰੀ ਫਤਹਿਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਅਤੇ ਇਨਸਾਫ਼ ਪਸੰਦ ਲੋਕਾਂ ਨੇ ਪੱਕੇ ਮੋਰਚੇ ਵਿੱਚ ਪਹੁੰਚ ਕੇ ਸਮਰਥਨ ਦੇਣ ਦਾ ਐਲਾਨ ਕੀਤਾ।

ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਬਾਪੂ ਗੁਰਚਰਨ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਦਿਲਸ਼ੇਰ ਸਿੰਘ ਅਤੇ ਗੁਰਸ਼ਰਨ ਸਿੰਘ ਨੇ ਸਮਰਥਨ ਦੇਣ ਪਹੁੰਚੇ ਇਨਸਾਫ਼ ਪਸੰਦ ਵਿਅਕਤੀਆਂ ਦਾ ਸਵਾਗਤ ਕੀਤਾ। ਉਨ੍ਹਾਂ ਮੁੜ ਦੁਹਰਾਇਆ ਕਿ ਜਦੋਂ ਤੱਕ ਸਮੇਂ ਦੀਆਂ ਸਰਕਾਰਾਂ ਸਿੱਖਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਨਹੀਂ ਕਰ ਲੈਂਦੀਆਂ, ਉਦੋਂ ਸੰਘਰਸ਼ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਲੋੜ ਪੈਣ ’ਤੇ ਗੁਪਤ ਐਕਸ਼ਨ ਵੀ ਕੀਤੇ ਜਾਣਗੇ।