ਪੱਕਾ ਮੋਰਚਾ: ਗਣਤੰਤਰ ਦਿਵਸ ਦੇ ਮੌਕੇ ਇਨਸਾਫ਼ ਲਈ ਸਿੱਖਾਂ ਵੱਲੋਂ ਪੈਦਲ ਮਾਰਚ ਕਰਨ ਦਾ ਐਲਾਨ

ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਵੀ ਕੀਤੀ ਸਿੱਖਾਂ ਦੇ ਸੰਘਰਸ਼ ਦੀ ਪੂਰਨ ਹਮਾਇਤ

ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨਹੀਂ ਪਹੁੰਚ ਸਕੇ

ਡਾਕਟਰਾਂ ਨੇ ਹਸਪਤਾਲ ’ਚੋਂ ਛੁੱਟੀ ਦੇ ਕੇ ਘਰ ਭੇਜਿਆ, ਕੁੱਝ ਆਰਾਮ ਕਰਨ ਦੀ ਦਿੱਤੀ ਸਲਾਹ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ:
ਕੌਮੀ ਇਨਸਾਫ਼ ਮੋਰਚਾ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਹੱਡ ਚੀਰਵੀਂ ਠੰਢ ਦੇ ਬਾਵਜੂਦ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪੱਕਾ ਮੋਰਚਾ ਧਰਨਾ ਜਾਰੀ ਹੈ। ਅੱਜ ਵੱਡੀ ਗਿਣਤੀ ਵਿੱਚ ਸਿੱਖਾਂ ਨੇ ਜੈਕਾਰੇ ਛੱਡਦੇ ਹੋਏ ਹੁਕਮਰਾਨਾਂ ਖ਼ਿਲਾਫ਼ ਭੜਾਸ ਕੱਢੀ। ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਸਮੇਂ ਦੀਆਂ ਸਰਕਾਰਾਂ ਦੀ ਅਣਦੇਖੀ ਦੇ ਚੱਲਦਿਆਂ ਸਿੱਖਾਂ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸੰਗਤ ਜੁੜ ਰਹੀ ਹੈ। ਹੁਣ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਵੀ ਸਿੱਖਾਂ ਦੇ ਸੰਘਰਸ਼ ਦੀ ਹਮਾਇਤ ਕਰਕੇ ਹੁਕਮਰਾਨਾਂ ਦੀ ਨੀਂਦ ਉੱਡਾ ਦਿੱਤੀ ਹੈ।
ਬਾਪੂ ਗੁਰਚਰਨ ਸਿੰਘ, ਮਨੁੱਖੀ ਅਧਿਕਾਰਾਂ ਦੀ ਲੜਾਈ ਨੜ ਰਹੇ ਸੀਨੀਅਰ ਵਕੀਲ ਅਮਰ ਸਿੰਘ ਚਾਹਲ, ਦਿਲਸ਼ੇਰ ਸਿੰਘ ਅਤੇ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਹੁਕਮਰਾਨਾਂ ਨੂੰ ਸਿੱਖਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲੈਣ ਲਈ ਵਰਜਦਿਆਂ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਇਨਸਾਫ਼ ਲਈ ਪੈਦਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਦਹਾਕਿਆਂ ਤੋਂ ਸਿੱਖਾਂ ਨਾਲ ਬੇਇਨਸਾਫ਼ੀਆਂ ਕੀਤੀਆਂ ਜਾ ਰਹੀਆਂ ਹਨ। ਨਤੀਜੇ ਵਜੋਂ ਸਿੱਖਾਂ ਨੂੰ ਕੜਾਕੇ ਦੀ ਠੰਢ ਵਿੱਚ ਸੜਕਾਂ ’ਤੇ ਆਉਣਾ ਪਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਸਿੱਖ ਆਗੂਆਂ ਨੇ ਦੱਸਿਆ ਕਿ ਭਲਕੇ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਮੁਹਾਲੀ, ਰੂਪਨਗਰ ਤੇ ਫਤਹਿਗੜ੍ਹ ਸਾਹਿਬ ਆਦਿ ਤਿੰਨ ਜ਼ਿਲ੍ਹਿਆਂ ’ਚੋਂ ਕਿਸਾਨ ਅਤੇ ਬੀਬੀਆਂ ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕਰਨਗੇ। ਬੁੱਧਵਾਰ ਨੂੰ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਅਤੇ ਵੀਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ (ਡਕੌਂਡਾ) ਦੇ ਮੈਂਬਰ ਪੱਕੇ ਮੋਰਚੇ ਵਿੱਚ ਸ਼ਿਰਕਤ ਕਰਕੇ ਸੰਘਰਸ਼ ਨੂੰ ਭਖਾਉਣਗੇ। ਉਧਰ, ਨਿਹੰਗ ਸਿੰਘ ਜਥੇਬੰਦੀ (96 ਕਰੋੜੀ) ਦੀਆਂ ਲਾਡਲੀਆਂ ਫੌਜਾਂ ਨੇ ਵੀ ਅੱਜ ਘੋੜਿਆਂ ਸਮੇਤ ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕਰਨੀ ਸੀ ਪ੍ਰੰਤੂ ਪ੍ਰਮੁੱਖ ਆਗੂਆਂ ਨੂੰ ਅਚਾਨਕ ਦਿੱਲੀ ਜਾਣਾ ਪੈ ਗਿਆ।

ਇੰਜ ਹੀ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਅੰਮ੍ਰਿਤਸਰ ਵਿੱਚ ਦਾਖ਼ਲ ਕਰਵਾਉਣਾ ਪਿਆ। ਹਾਲਾਂਕਿ ਸ਼ਾਮ ਨੂੰ ਡਾਕਟਰਾਂ ਨੇ ਖ਼ਾਲਸਾ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ ਪ੍ਰੰਤੂ ਮੈਡੀਕਲ ਟੀਮ ਨੇ ਸਿੱਖ ਆਗੂ ਨੂੰ ਕੁੱਝ ਦਿਨ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਆਗੂਆਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਜਲਦੀ ਸਿਹਤਯਾਬ ਹੋ ਕੇ ਪੱਕੇ ਮੋਰਚੇ ਵਿੱਚ ਪਹੁੰਚਣਗੇ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…