
ਪੱਕਾ ਮੋਰਚਾ: ਕੌਮੀ ਇਨਸਾਫ਼ ਮੋਰਚਾ ਵੱਲੋਂ ਅਖੰਡ ਪਾਠਾਂ ਦੀ ਲੜੀ ਸ਼ੁਰੂ ਕਰਨ ਦਾ ਐਲਾਨ
13 ਮਈ ਨੂੰ ਪੱਕੇ ਮੋਰਚੇ ਤੋਂ ਚੱਪੜਚਿੜੀ ਤੱਕ ਫਤਿਹ ਮਾਰਚ ਕੀਤਾ ਜਾਵੇਗਾ: ਬਾਪੂ ਗੁਰਚਰਨ ਸਿੰਘ
17 ਮਈ ਨੂੰ ਜਥੇਦਾਰ ਜਗਤਾਰ ਸਿੰਘ ਹਵਾਰਾ ਦਾ ਜਨਮ ਦਿਨ ਮਨਾਉਣ ਦਾ ਫ਼ੈਸਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ:
ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ, 328 ਸਰੂਪ ਲਾਪਤਾ ਸਮੇਤ ਹੋਰ ਸਿੱਖ ਮਸਲਿਆਂ ਬਾਰੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪੱਕਾ ਮੋਰਚਾ ਜਾਰੀ ਹੈ। ਅੱਜ ਕੌਮੀ ਇਨਸਾਫ਼ ਮੋਰਚੇ ਦੇ ਪ੍ਰਮੁੱਖ ਆਗੂ ਬਾਪੂ ਗੁਰਚਰਨ ਸਿੰਘ ਤੇ ਹੋਰਨਾਂ ਆਗੂਆਂ ਨੇ ਪੱਤਰਕਾਰ ਸੰਮੇਲਨ ਦੌਰਾਨ ਸਿੱਖ ਮਸਲਿਆਂ ਦੇ ਹੱਲ ਲਈ ਸਮੇਂ ਦੀਆਂ ਸਰਕਾਰਾਂ ’ਤੇ ਦਬਾਅ ਪਾਉਣ ਲਈ ਲੜੀਵਾਰ ਸੰਘਰਸ਼ ਨੂੰ ਹੋਰ ਤੇਜ਼ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਅਖੰਡ ਪਾਠਾਂ ਦੀ ਲੜੀ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।
ਸਿੱਖ ਆਗੂਆਂ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਬੇਮੌਸਮੀ ਬਾਰਸ਼ ਅਤੇ ਕਣਕ ਦੀ ਵਾਢੀ ਕਾਰਨ ਪੱਕੇ ਮੋਰਚੇ ਵਿੱਚ ਸ਼ਾਮਲ ਹੋਣ ਵਾਲਿਆਂ ਦੀ ਗਿਣਤੀ ਵਿੱਚ ਕਮੀ ਆਈ ਸੀ ਲੇਕਿਨ ਹੁਣ ਕਣਕ ਵਾਢੀ ਦਾ ਕੰਮ ਖ਼ਤਮ ਹੋਣ ’ਤੇ ਪੱਕੇ ਮੋਰਚੇ ਵਿੱਚ ਮੁੜ ਗਿਣਤੀ ਵਧਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ 8 ਅਪਰੈਲ ਤੋਂ ਪੱਕੇ ਮੋਰਚੇ ਵਾਲੀ ਥਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠਾਂ ਦੀ ਲੜੀ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਹ ਲੜੀ ਨਿਰੰਤਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ 13 ਮਈ ਨੂੰ ਚੱਪੜਚਿੜੀ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਦੀ ਜੰਗੀ ਯਾਦਗਾਰ ਤੱਕ ਵਿਸ਼ਾਲ ਫਤਿਹ ਮਾਰਚ ਕੀਤਾ ਜਾਵੇਗਾ ਅਤੇ 17 ਮਈ ਨੂੰ ਜਥੇਦਾਰ ਜਗਤਾਰ ਸਿੰਘ ਹਵਾਰਾ ਦਾ ਜਨਮ ਦਿਨ ਮਨਾਇਆ ਜਾਵੇਗਾ।