Share on Facebook Share on Twitter Share on Google+ Share on Pinterest Share on Linkedin ਪੱਕਾ ਮੋਰਚਾ: ਬਹਿਬਲ ਕਲਾਂ ਗੋਲੀਬਾਰੀ ਮਾਮਲੇ ਵਿੱਚ ਪੰਜਾਬ ਸਰਕਾਰ ਜਲਦੀ ਪੇਸ਼ ਕਰੇਗੀ ਚਲਾਨ ਵਿੱਤੀ ਮੰਤਰੀ ਤੇ ਪੁੱਡਾ ਮੰਤਰੀ ਦੀ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨਾਲ ਹੋਈ ਮੀਟਿੰਗ ’ਚ ਲਿਆ ਫੈਸਲਾ ਬੰਦੀ ਸਿੰਘਾਂ ਬਾਰੇ ਵੀ ਕੀਤੀ ਚਰਚਾ, ਬੇਅਦਬੀ ਕੇਸਾਂ ’ਚ ਸਜ਼ਾਵਾਂ ਵਧਾਉਣ ਲਈ ਰਾਸ਼ਟਰਪਤੀ ਕੋਲ ਪੈਰਵਾਈ ਕਰਨ ਦਾ ਭਰੋਸਾ ਹਵਾਰਾ ਨਾਲ ਸਬੰਧਤ ਸਾਰੇ ਕੇਸਾਂ ਨੂੰ ਮੁਹਾਲੀ ਅਦਾਲਤ ’ਚ ਤਬਦੀਲ ਕਰਨ ਬਾਰੇ ਕਾਨੂੰਨੀ ਸਲਾਹ ਲਵੇਗੀ ਸਰਕਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਾਰਚ: ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਬਾਰੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਦੇ ਕੇਸ ਵਿੱਚ ਛੇਤੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੁੱਡਾ ਮੰਤਰੀ ਅਮਨ ਅਰੋੜਾ ਨੇ ਇਹ ਭਰੋਸਾ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨੂੰ ਸਾਂਝੀ ਮੀਟਿੰਗ ਵਿੱਚ ਦਿੱਤਾ। ਇਸ ਮੀਟਿੰਗ ਵਿੱਚ ਐਡਵੋਕੇਟ ਅਮਰ ਸਿੰਘ ਚਾਹਲ, ਪਾਲ ਸਿੰਘ ਫਰਾਂਸ ਅਤੇ ਬਲਵਿੰਦਰ ਸਿੰਘ ਵੀ ਸ਼ਾਮਲ ਸਨ। ਦੋਵੇਂ ਮੰਤਰੀਆਂ ਨੇ ਵਫ਼ਦ ਨੂੰ ਦੱਸਿਆ ਕਿ ਸਰਕਾਰ ਬਹਿਬਲ ਕਲਾਂ ਗੋਲੀਕਾਂਡ ਸਬੰਧੀ ਜਲਦੀ ਹੀ ਅਦਾਲਤ ’ਚ ਚਲਾਨ ਪੇਸ਼ ਕਰੇਗੀ। ਮੰਤਰੀਆਂ ਨੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਇਹ ਵੀ ਦੱਸਿਆ ਕਿ ਸਰਕਾਰ ਨੇ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਕੋਲ ਬੇਅਦਬੀ ਮਾਮਲਿਆਂ ਨਾਲ ਸਬੰਧਤ ਆਈਪੀਸੀ ਦੇ ਮੌਜੂਦਾ ਕਾਨੂੰਨਾਂ ਵਿੱਚ ਸਖ਼ਤ ਉਪਬੰਧ ਕਰਨ ਦਾ ਮੁੱਦਾ ਚੁੱਕਿਆ ਗਿਆ ਹੈ। ਇਹ ਮਾਮਲਾ ਪਹਿਲਾਂ ਹੀ ਸੂਬਾ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਹ ਮੁੱਦਾ ਭਾਰਤ ਦੇ ਰਾਸ਼ਟਰਪਤੀ ਕੋਲ ਵੀ ਚੁੱਕਿਆ ਜਾਵੇਗਾ। ਦੇਸ਼ ਭਰ ਦੀਆਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੇ ਮੁੱਦੇ ’ਤੇ ਦੋਵੇਂ ਮੰਤਰੀਆਂ ਨੇ ਕਿਹਾ ਕਿ ਗੁਰਦੀਪ ਸਿੰਘ ਖਹਿਰਾ ਅਤੇ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਸਰਕਾਰ ਜਲਦੀ ਹੀ ਦਿੱਲੀ ਅਤੇ ਕਰਨਾਟਕ ਸਰਕਾਰਾਂ ਨਾਲ ਰਾਬਤਾ ਕਾਇਮ ਕਰੇਗੀ। ਇਹ ਵੀ ਫੈਸਲਾ ਕੀਤਾ ਗਿਆ ਕਿ ਸਰਕਾਰ, ਗੁਰਮੀਤ ਸਿੰਘ, ਲਖਵਿੰਦਰ ਸਿੰਘ ਅਤੇ ਸ਼ਮਸ਼ੇਰ ਦੇ ਪਰਿਵਾਰਾਂ ਦੀਆਂ ਅਪੀਲਾਂ ਨੂੰ ਪ੍ਰਵਾਨ ਕਰਕੇ ਇਨ੍ਹਾਂ ਸਿੱਖ ਕੈਦੀਆਂ ਦੀ ਜਲਦੀ ਰਿਹਾਈ ਲਈ ਕਾਰਵਾਈ ਸ਼ੁਰੂ ਕਰੇਗੀ ਅਤੇ ਬਾਕੀ ਮੰਗਾਂ ਨੂੰ ਦੂਜੇ ਪੜਾਅ ਵਿੱਚ ਵਿਚਾਰਿਆ ਜਾਵੇਗਾ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ ਜਗਤਾਰ ਸਿੰਘ ਹਵਾਰਾ ਨਾਲ ਸਬੰਧਤ ਸਾਰੇ ਕੇਸਾਂ ਨੂੰ ਮੁਹਾਲੀ ਅਦਾਲਤ ਵਿੱਚ ਤਬਦੀਲ ਕਰਨ ਦੀ ਅਪੀਲ ’ਤੇ ਕਾਨੂੰਨੀ ਸਲਾਹ ਲਵੇਗੀ ਅਤੇ ਇਸ ਸਬੰਧੀ 31 ਮਾਰਚ ਤੋਂ ਪਹਿਲਾਂ ਫੈਸਲਾ ਲਿਆ ਜਾਵੇਗਾ। ਲੋਕਾਂ ਨੂੰ ਹੋ ਰਹੀ ਅਸੁਵਿਧਾ ਦੇ ਮੱਦੇਨਜ਼ਰ ਮੋਰਚੇ ਦੇ 31 ਮੈਂਬਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣ ਵਾਲੇ ਮਾਰਚ ਨੂੰ ਮੁਲਤਵੀ ਕਰਨ ਦੀ ਸਹਿਮਤੀ ਦਿੱਤੀ। ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਮਸਲੇ ’ਤੇ ਚਰਚਾ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਉਨ੍ਹਾਂ ਦੀ ਹਸਪਤਾਲ ਤੋਂ ਛੁੱਟੀ ਹੋਣ ਮਗਰੋਂ ਸਰਕਾਰ ਉਨ੍ਹਾਂ ਦੀ ਸਿਹਤ-ਸੰਭਾਲ ਦਾ ਪੂਰਾ ਖ਼ਿਆਲ ਰੱਖੇਗੀ, ਜਦੋਂਕਿ ਕੌਮੀ ਇਨਸਾਫ਼ ਮੋਰਚਾ ਇਹ ਗੱਲ ਯਕੀਨੀ ਬਣਾਏਗਾ ਕਿ ਹਸਪਤਾਲ ਤੋਂ ਛੁੱਟੀ ਹੋਣ ਤੋਂ ਘੱਟੋ-ਘੱਟ 15 ਦਿਨਾਂ ਤੱਕ ਉਹ ਮੋਰਚੇ ਦੇ ਧਰਨੇ ਵਿੱਚ ਸ਼ਮੂਲੀਅਤ ਨਹੀਂ ਕਰਨਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ