ਪੰਚਾਇਤ ਵਿਭਾਗ ਪੰਜਾਬ ਦੇ ਕੰਮ ਵਿੱਚ ਪੂਰੀ ਪਾਰਦਰਸ਼ਤਾ ਲਿਆਂਦੀ ਜਾਵੇ: ਬਾਜਵਾ

ਪੰਚਾਇਤ ਵਿਭਾਗ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਠੋਸ ਨੀਤੀ ਬਣਾਈ ਜਾਵੇਗੀ

ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵਿਕਾਸ ਭਵਨ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਾਰਚ:
ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਕਾਸ ਭਵਨ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਇਸ ਤੋਂ ਪਹਿਲਾਂ ਉਨ੍ਹਾਂ ਦਾ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ। ਇਸ ਮੌਕੇ ਵਿੱਤੀ ਕਮਿਸ਼ਨਰ ਸ੍ਰੀ ਐਸ.ਆਰ. ਲੱਧੜ, ਡਾਇਰੈਕਟਰ ਸ੍ਰੀ ਜੀ.ਕੇ. ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਸ੍ਰੀ ਬਾਜਵਾ ਨੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਭਾਗ ਦਾ ਕੰਮ-ਕਾਜ ਪੂਰੀ ਪਾਰਦਰਸ਼ਤਾ ਨਾਲ ਕੀਤਾ ਜਾਵੇ, ਅਤੇ ਸਾਰਿਆਂ ਨੂੰ ਇਨਸਾਫ਼ ਮਿਲੇ। ਉਨ੍ਹਾਂ ਕਿਹਾ ਕਿ ਸਿਸਟਮ ਦਰੁਸਤ ਹੋਵੇਗਾ, ਤਾਂ ਉਸ ਵਿੱਚ ਰਾਜਸੀ ਜਾਂ ਹੋਰ ਕਿਸੇ ਤਰ੍ਹਾਂ ਦੀ ਦਖ਼ਲਅੰਦਾਜ਼ੀ ਦੀ ਗੁੰਜਾਇਸ਼ ਹੀ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਵਿਭਾਗ ਅੰਦਰ ਮਹਿਕਮੇ ਦੇ ਪੰਚਾਇਤ ਸਕੱਤਰ ਤੋਂ ਲੈ ਕੇ ਉੱਪਰ ਤੱਕ ਨਿਯੁਕਤੀਆਂ ਅਤੇ ਬਦਲੀਆਂ ਲਈ ਠੋਸ ਨੀਤੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹੇਠਲੀ ਪੱਧਰ ’ਤੇ ਇਸ ਵੇਲੇ ਕਿਸੇ ਪੰਚਾਇਤ ਸਕੱਤਰ ਕੋਲ ਕਈ-ਕਈ ਪਿੰਡ ਹਨ, ਅਤੇ ਕਿਸੇ ਕੋਲ ਇੱਕ ਹੀ ਪਿੰਡ ਹੈ। ਇਸ ਸਿਸਟਮ ਨੂੰ ਦਰੁਸਤ ਕਰਨ ਲਈ ਪ੍ਰਸ਼ਾਸਕੀ ਪ੍ਰਬੰਧ ਨਾਲੋਂ ਰਾਜਸੀ ਪ੍ਰਬੰਧ ਦੀ ਵਧੇਰੇ ਜ਼ਿੰਮੇਵਾਰੀ ਬਣਦੀ ਹੈ।
ਸ੍ਰੀ ਬਾਜਵਾ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਬੇਘਰੇ ਪਰਿਵਾਰਾਂ ਨੂੰ ਮਕਾਨ ਦੀ ਸਹੂਲਤ ਦੇਣ ਲਈ ਨੀਤੀ ਨੂੰ ਤਰਕਸੰਗਤ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਗਰੀਬ ਪਰਿਵਾਰ ਇੱਕ ਛੱਤ ਹੇਠਾਂ ਆਪਣੇ ਵਿਆਹੇ ਬੱਚਿਆਂ ਨਾਲ ਰਹਿੰਦਾ ਹੈ, ਤਾਂ ਵਿਆਹੇ ਬੱਚੇ ਨੂੰ ਰਹਿਣ ਲਈ ਵੱਖਰੇ ਮਕਾਨ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਨੇ ਸਰਹੱਦੀ ਜ਼ਿਲ੍ਹਿਆਂ ਲਈ ਫ਼ੰਡਾਂ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਗਰੀਬਾਂ ਲਈ ਪੰਜ ਮਰਲੇ ਦਾ ਪਲਾਟ ਦੇਣ ਦੀ ਸਕੀਮ ’ਤੇ ਤੇਜ਼ੀ ਨਾਲ ਅਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਲੋੜਵੰਦਾਂ ਨੂੰ ਘਰ ਮਿਲੇ ਅਤੇ ਸਕੀਮ ਦਾ ਲਾਭ ਸਹੀ ਲੋਕਾਂ ਤੱਕ ਪੁੱਜੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮਗਨਰੇਗਾ ਸਕੀਮ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ ਅਤੇ ਇਸ ਦਾ ਲਾਭ ਛੋਟੇ ਕਿਸਾਨਾਂ ਨੂੰ ਵੀ ਮਿਲੇ।
ਇਸ ਤੋਂ ਪਹਿਲਾਂ ਵਿੱਤੀ ਕਮਿਸ਼ਨਰ ਐਸ.ਆਰ. ਲੱਧੜ ਅਤੇ ਡਾਇਰੈਕਟਰ ਜੀ.ਕੇ. ਸਿੰਘ ਅਤੇ ਹੋਰ ਅਧਿਕਾਰੀਆਂ ਨੇ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪੰਚਾਇਤ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸਰਕਾਰ ਦੀਆਂ ਤਰਜੀਹਾਂ ਮੁਤਾਬਕ ਸਾਰੀਆਂ ਸਕੀਮਾਂ ਨੂੰ ਅਮਲ ਵਿੱਚ ਲਿਆਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ …