nabaz-e-punjab.com

ਪੰਚਾਇਤ ਚੋਣਾਂ: ਜ਼ਿਲ੍ਹਾ ਮੁਹਾਲੀ ਵਿੱਚ 2 ਲੱਖ 74 ਹਜ਼ਾਰ 894 ਵੋਟਰ ਕਰਨਗੇ ਵੋਟ ਦਾ ਇਸਤੇਮਾਲ

ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ ਬਲਾਕ ਸੰਮਤੀਆਂ ਦੇ 63 ਜ਼ੋਨਾਂ ਲਈ ਹੋਵੇਗੀ ਚੋਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਸਤੰਬਰ:
ਪੰਜਾਬ ਵਿੱਚ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਚੋਣਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਚੋਣਾਂ ਅਮਨ, ਸ਼ਾਂਤੀ ਅਤੇ ਨਿਰਵਿਘਨ ਨੇਪਰੇ ਚਾੜ੍ਹਿਆ ਜਾ ਸਕੇ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਮਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਚੋਣਾਂ ਵਿੱਚ ਜ਼ਿਲ੍ਹੇ ਦੇ 02 ਲੱਖ 74 ਹਜ਼ਾਰ 894 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਅਤੇ ਬਲਾਕ ਸੰਮਤੀਆਂ ਦੇ 63 ਜ਼ੋਨਾਂ ਲਈ ਚੋਣ ਹੋਵੇਗੀ।
ਸ੍ਰੀ ਬੈਂਸ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਚੋਣ ਲੜ ਰਹੇ ਉਮੀਦਵਾਰ 4 ਸਤੰਬਰ ਤੋਂ 7 ਸਤੰਬਰ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਭਰੇ ਸਕਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 1 ਲੱਖ 47 ਹਜਾਰ 676 ਮਰਦ ਅਤੇ 1 ਲੱਖ 27 ਹਜਾਰ 218 ਅੌਰਤ ਵੋਟਰ ਆਪਣੀ ਵੋਟ ਪਾ ਸਕਣਗੇ। ਚੋਣਾਂ ਲਈ 415 ਬੂਥ ਬਣਾਏ ਗਏ ਹਨ ਅਤੇ ਜ਼ਿਲੇ੍ਹ ਵਿੱਚ ਚੋਣਾਂ ਲਈ 04 ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ। ਜ਼ਿਲ੍ਹਾ ਪ੍ਰੀਸ਼ਦ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਚਰਨਦੇਵ ਸਿੰਘ ਮਾਨ ਨੂੰ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜਨ ਵਾਲੇ ਉਮੀਦਵਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ-207 ਸੈਕਟਰ-76 ਵਿੱਚ ਸ੍ਰੀ ਮਾਨ ਕੋਲ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਸਕਣਗੇ।
ਪੰਚਾਇਤ ਸੰਮਤੀ ਡੇਰਾਬਸੀ ਲਈ ਐਸਡੀਐਮ ਡੇਰਾਬਸੀ ਪਰਮਜੀਤ ਸਿੰਘ ਨੂੰ ਰਿਟਰਨਿੰਗ ਅਫ਼ਸਰ ਲਗਾਇਆ ਗਿਆ ਹੈ ਅਤੇ ਪੰਚਾਇਤ ਸੰਮਤੀ ਡੇਰਾਬਸੀ ਲਈ ਚੋਣ ਲੜਨ ਵਾਲੇ ਚਾਹਵਾਨ ਉਮੀਦਵਾਰ ਆਪਣੇ ਨਾਮਜ਼ਦਗੀ ਕਾਗ਼ਜ਼ ਐਸਡੀਐਮ ਦਫ਼ਤਰ ਡੇਰਾਬਸੀ ਵਿਖੇ ਦਾਖਲ ਕਰ ਸਕਣਗੇ। ਇਸੇ ਤਰ੍ਹਾਂ ਪੰਚਾਇਤ ਸੰਮਤੀ ਖਰੜ ਲਈ ਐਸ.ਡੀ.ਐਮ ਖਰੜ ਸ੍ਰੀ ਵਿਨੋਦ ਕੁਮਾਰ ਬਾਂਸਲ ਨੂੰ ਰਿਟਰਨਿੰਗ ਅਫ਼ਸਰ ਲਗਾਇਆ ਗਿਆ ਹੈ ਅਤੇ ਬਲਾਕ ਸੰਮਤੀ ਖਰੜ ਦੀ ਚੋਣ ਲੜਨ ਵਾਲੇ ਉਮੀਦਵਾਰ ਐਸ.ਡੀ.ਐਮ ਦਫ਼ਤਰ ਖਰੜ ਵਿੱਚ ਨਾਮਜ਼ਦਗੀ ਕਾਗਜ਼ ਦਾਖਲ ਕਰ ਸਕਣਗੇ।
ਸ੍ਰੀ ਬੈਂਸ ਨੇ ਦੱਸਿਆ ਕਿ ਪੰਚਾਇਤ ਸੰਮਤੀ ਮਾਜਰੀ ਲਈ ਜ਼ਿਲ੍ਹਾ ਮਾਲ ਅਫ਼ਸਰ ਐਸ.ਏ.ਐਸ ਨਗਰ ਬਲਵਿੰਦਰ ਪਾਲ ਸਿੰਘ ਨੂੰ ਰਿਟਰਨਿੰਗ ਅਫ਼ਸਰ ਲਗਾਇਆ ਗਿਆ ਹੈ ਅਤੇ ਪੰਚਾਇਤ ਸੰਮਤੀ ਮਾਜਰੀ ਦੀ ਚੋਣ ਲੜਨ ਵਾਲੇ ਚਾਹਵਾਨ ਉਮੀਦਵਾਰ ਦਫ਼ਤਰ ਸਬ ਤਹਿਸੀਲ ਮਾਜਰੀ ਵਿਖੇ ਆਪਣੇ ਨਾਮਜ਼ਦਗੀ ਕਾਗਜ਼ ਜ਼ਿਲ੍ਹਾ ਮਾਲ ਅਫ਼ਸਰ ਪਾਸ ਦਾਖਲ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ 10 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਸਮਾਂ 11 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗਾ ਅਤੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ 11 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਅਲਾਟ ਕੀਤੇ ਜਾਣਗੇ ਅਤੇ ਵੋਟਾਂ 19 ਸਤੰਬਰ ਨੂੰ ਪੈਣਗੀਆਂ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…