ਪੰਚਾਇਤ ਮੰਤਰੀ ਮਲੂਕਾ 10 ਦਸੰਬਰ ਨੂੰ ਕਰਨਗੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਦੀ ਨਵੀਂ ਇਮਾਰਤ ਦਾ ਉਦਘਾਟਨ

ਜੁਝਾਰ ਨਗਰ ਵਿੱਚ 2 ਏਕੜ ਰਕਬੇ ਵਿੱਚ 3 ਕਰੋੜ 87 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਜ਼ਿਲ੍ਹਾ ਪ੍ਰੀਸ਼ਦ ਦੀ ਅਤਿ-ਆਧੁਨਿਕ ਇਮਾਰਤ

ਅਮਨਦੀਪ ਸਿੰਘ ਸੋਢੀ
ਮੁਹਾਲੀ, 8 ਦਸੰਬਰ
ਅਕਾਲੀ-ਭਾਜਪਾ ਸਰਕਾਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਜੂਹ ਵਿੱਚ ਵਸੇ ਜੁਝਾਰ ਨਗਰ ਵਿਖੇ ਬਣਾਈ ਗਈ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਦੀ ਨਵੀਂ ਇਮਾਰਤ ਦਾ ਉਦਘਾਟਨ 10 ਦਸੰਬਰ ਨੂੰ ਪੰਜਾਬ ਦੇ ਪੰਚਾਇਤ ਮੰਤਰੀ ਸ੍ਰ. ਸਿਕੰਦਰ ਸਿੰਘ ਮਲੂਕਾ ਵੱਲੋਂ ਕੀਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਬੀਬੀ ਪਰਮਜੀਤ ਕੌਰ ਬਡਾਲੀ ਚੇਅਰਪਰਸਨ ਜ਼ਿਲ੍ਰਾ ਪ੍ਰੀਸ਼ਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਪ੍ਰੀਸ਼ਦ ਦੇ ਦਫਤਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਬੀਬੀ ਬਡਾਲੀ ਨੇ ਦੱਸਿਆ ਕਿ ਜਿਲਾ੍ਹ ਪ੍ਰੀਸ਼ਦ ਦੀ ਇਮਾਰਤ ਦੀ ਉਸਾਰੀ ਤੇ 3 ਕਰੋੜ 87 ਲੱਖ ਰੁਪਏ ਖਰਚ ਕੀਤੇ ਗਏ। ਉਨ੍ਹਾਂ ਦੱਸਿਆ ਕਿ ਜੁਝਾਰ ਨਗਰ ਵਿੱਚ 2 ਏਕੜ ਰਕਬੇ ਵਿਚ 17 ਹਜ਼ਾਰ ਸੁਕੇਅਰ ਫੁੱਟ ਇਮਾਰਤ ਦੀ ਉਸਾਰੀ ਕੀਤੀ ਗਈ ਅਤੇ ਇਹ ਇਮਾਰਤ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਇਸ ਇਮਾਰਤ ਦੇ ਬਣਨ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਰਜੀ ਤੌਰ ’ਤੇ ਚਲ ਰਿਹਾ ਜ਼ਿਲ੍ਹਾ ਪ੍ਰੀਸ਼ਦ ਦਾ ਦਫਤਰ ਇੱਥੋਂ ਤਬਦੀਲ ਹੋ ਜਾਵੇਗਾ ਅਤੇ ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਇੱਕੋ ਛੱਤ ਥੱਲੇ ਸਾਰੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਮੌਕੇ ਉਪ ਮੁੱਖ ਕਾਰਜਕਾਰੀ ਅਫ਼ਸਰ ਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੀ ਅਤਿ ਅਧੁਨਿਕ ਨਵੀਂ ਉਸਾਰੀ ਇਮਾਰਤ ਦੀਆਂ ਤਿੰਨ ਮੰਜ਼ਿਲਾਂ ਤਿਆਰ ਕੀਤੀਆਂ ਗਈਆਂ ਹਨ। ਜਿਸ ਵਿੱਚ ਚੇਅਰਮੈਨ/ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਸਮੇਤ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਾ ਦਫਤਰ ਅਤੇ ਕੋਰਟ ਰੂਮ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਦਾ ਦਫ਼ਤਰ, ਐਕਸੀਅਨ ਪੰਚਾਇਤੀ ਰਾਜ, ਐਸ.ਡੀ.ਓ ਪੰਚਾਇਤੀ ਰਾਜ, ਜੂਨੀਅਰ ਇੰਜੀਨੀਅਰ ਪੰਚਾਇਤੀ ਰਾਜ ਦੇ ਦਫ਼ਤਰਾਂ ਸਮੇਤ ਕਰਮਚਾਰੀਆਂ ਲਈ ਕਮਰੇ ਤਿਆਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਮਾਰਤ ਵਿੱਚ ਕਮੇਟੀ ਰੂਮ, ਕਾਨਫਰੰਸ ਹਾਲ, ਪੌੜੀਆਂ ਅਤੇ ਲਿਫਟ ਦੀ ਸਹੂਲਤ ਵੀ ਹੈ। ਇਸ ਤੋਂ ਪਹਿਲਾਂ ਬੀਬੀ ਬਡਾਲੀ ਨੇ ਜ਼ਿਲ੍ਹਾ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਵੱਲੋਂ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜ ਜਿਨ੍ਹਾਂ ਵਿੱਚ ਸ਼ੈਨੀਟੇਸ਼ਨ ਅਤੇ ਵਾਟਰ ਸਪਲਾਈ, ਪੰਚਾਇਤੀ ਇਮਾਰਤਾਂ ਦੀ ਉਸਾਰੀ ਅਤੇ ਗਲੀਆਂ ਨਾਲੀਆਂ ਪੱਕੀਆਂ ਕਰਨ ਅਤੇ ਗੰਦੇ ਪਾਣੀ ਦੇ ਨਿਕਾਸੀ ਦੇ ਪ੍ਰਬੰਧ ਲਈ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਧੀਨ 44 ਸਬਸਿਡਰੀ ਹੈਲਥ ਸੈਂਟਰ ਵਿੱਚੋਂ 40 ਡਿਸਪੈਂਸਰੀਆਂ ਵਿੱਚ ਦਵਾਈਆਂ ਰੱਖਣ ਲਈ ਸਟੋਰ ਉਸਾਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪੀ.ਐਮ.ਏ.ਵਾਈ ਸਕੀਮ ਅਧੀਨ ਸਾਲ 2016-17 ਦੌਰਾਨ ਪਿੰਡਾਂ ਵਿੱਚ 519 ਕੱਚੇ ਘਰਾਂ ਨੂੰ ਪੱਕਾ ਕੀਤਾ ਜਾਵੇਗਾ। ਮੀਟਿੰਗ ਵਿੱਚ ਚਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਰੀਵਿਊ ਕੀਤਾ ਗਿਆ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਚਰਨਦੇਵ ਸਿੰਘ ਮਾਨ, ਉਪ ਮੁੱਖ ਕਾਰਜਕਾਰੀ ਰਵਿੰਦਰ ਸਿੰਘ ਸੰਧੂ, ਸੁਪਰਡੈਂਟ ਰਮਨਦੀਪ ਕੌਰ, ਗੁਰਵੰਤ ਕੌਰ ਸਮੇਤ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…