
ਮਾਪੇ-ਅਧਿਆਪਕ ਮਿਲਣੀ: ਪਹਿਲੀ ਤੋਂ ਚੌਥੀ ਜਮਾਤ ਦੇ ਸਾਲਾਨਾ ਨਤੀਜੇ ਐਲਾਨੇ
ਇੱਕ ਅਪਰੈਲ ਤੋਂ ਹੋਵੇਗੀ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਾਰਚ:
ਸਿੱਖਿਆ ਵਿਭਾਗ ਪੰਜਾਬ ਅਤੇ ਐੱਸਸੀਈਆਰਟੀ ਦੀਆਂ ਹਦਾਇਤਾਂ ਅਨੁਸਾਰ ਅੱਜ ਮੁਹਾਲੀ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪਹਿਲੀ ਤੋਂ ਚੌਥੀ ਜਮਾਤਾਂ ਦੇ ਸਾਲਾਨਾ ਨਤੀਜੇ ਐਲਾਨੇ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਅਸ਼ਵਨੀ ਦੱਤਾ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੂਹ ਸਰਕਾਰੀ ਸਕੂਲਾਂ ਵਿੱਚ ‘ਮਾਪੇ ਅਧਿਆਪਕ ਮਿਲਣੀ’ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮਾਪਿਆਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਮਾਪਿਆਂ ਨੇ ਆਪਣੇ ਬੱਚਿਆਂ ਦੇ ਨਤੀਜੇ ਅਤੇ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ। ਸਕੂਲਾਂ ਵੱਲੋਂ ਮਾਪਿਆਂ ਦੇ ਸਵਾਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਸੈਲਫ਼ੀ ਪੁਆਇੰਟ ਬਣਾ ਕੇ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਸੈਲਫੀ ਲੈਣ ਦਾ ਮੌਕਾ ਪ੍ਰਦਾਨ ਕੀਤਾ ਗਿਆ।
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਪਰਮਿੰਦਰ ਕੌਰ ਨੇ ਦੱਸਿਆ ਕਿ ਬੱਚਿਆਂ ਦੇ ਨਤੀਜੇ ਐਲਾਨਣ ਮੌਕੇ ਸਕੂਲਾਂ ਵੱਲੋਂ ਆਪਣੇ ਪੱਧਰ ’ਤੇ ਪ੍ਰੋਗਰਾਮ ਕਰਵਾਏ, ਜਿਨ੍ਹਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਬੱਚਿਆਂ ਨੂੰ ਪ੍ਰਗਤੀ ਰਿਪੋਰਟ ਕਾਰਡ, ਮੈਡਲ, ਟਰਾਫ਼ੀ ਅਤੇ ਸਟੇਸ਼ਨਰੀ ਆਦਿ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭਲਕੇ 1 ਅਪਰੈਲ ਤੋਂ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਹੋ ਰਹੀ ਹੈ। ਬੱਚੇ ਆਪਣੀ ਨਵੀਂ ਜਮਾਤ ਵਿੱਚ ਪੜ੍ਹਾਈ ਸ਼ੁਰੂ ਕਰਨਗੇ। ਨਵੀਂ ਜਮਾਤ ਦੀਆਂ ਪਾਠ-ਪੁਸਤਕਾਂ ਵਿਦਿਆਰਥੀਆਂ ਨੂੰ ਦਿੱਤੀਆਂ ਜਾਣਗੀਆਂ।
ਇਸ ਮੌਕੇ ਡੀਈਓ ਅਸ਼ਵਨੀ ਦੱਤਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਮੁਹਾਲੀ ਪਿੰਡ ਵਿੱਚ ਪਹੁੰਚ ਕੇ ਮਾਪਿਆਂ ਨੂੰ ਸੰਬੋਧਨ ਕੀਤਾ ਅਤੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕੀਤਾ। ਇੰਜ ਹੀ ਡਿਪਟੀ ਡੀਈਓ ਪਰਮਿੰਦਰ ਕੌਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਲਖਨੌਰ ਵਿੱਚ ਮਾਪਿਆਂ ਅਤੇ ਬੱਚਿਆਂ ਨੂੰ ਸੰਬੋਧਨ ਕੀਤਾ।