
ਯੂਕਰੇਨ ਵਿੱਚ ਪੜ੍ਹਾਈ ਕਰ ਰਹੇ ਮੁਹਾਲੀ ਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਡੀਸੀ ਨਾਲ ਕੀਤੀ ਮੁਲਾਕਾਤ
ਡੀਸੀ ਈਸ਼ਾ ਕਾਲੀਆ ਨੇ ਕੇਂਦਰ ਸਰਕਾਰ ਰਾਹੀਂ ਬੱਚਿਆਂ ਨੂੰ ਸਹੀ ਸਲਾਮਤ ਬੱਚਿਆਂ ਨੂੰ ਵਾਪਸ ਲਿਆਉਣ ਦਾ ਦਿੱਤਾ ਭਰੋਸਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਫਰਵਰੀ:
ਰੂਸ ਵੱਲੋਂ ਯੂਕਰੇਨ ’ਤੇ ਆਪਣਾ ਕਬਜ਼ਾ ਜਮਾਉਣ ਲਈ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਕਾਰਨ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਯੂਕਰੇਨ ਵਿੱਚ ਉੱਚ ਸਿੱਖਿਆ ਹਾਸਲ ਕਰਨ ਲਈ ਗਏ ਨੌਜਵਾਨਾਂ ਦੇ ਮਾਪਿਆਂ ਦੀ ਨੀਂਦ ਉੱਡ ਗਈ ਹੈ। ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ਕਾਫ਼ੀ ਨੌਜਵਾਨ ਵੀ ਯੂਕਰੇਨ ਵਿੱਚ ਫਸੇ ਹੋਏ ਹਨ, ਜਿੱਥੇ ਉਹ ਖਾਰਕੀਵ ਦੇ ਸਿੱਖਿਆ ਸੰਸਥਾਨ ਵਿਖੇ ਮੈਡੀਕਲ ਦੀ ਪੜ੍ਹਾਈ ਕਰਨ ਗਏ ਸੀ ਅਤੇ ਤਣਾਅ ਕਾਰਨ ਉਹ ਕਈ ਦਿਨਾਂ ਤੋਂ ਭੁੱਖੇ ਭਾਣੇ ਹਨ।
ਯੂਕਰੇਨ ਵਿੱਚ ਫਸੇ ਮੁਹਾਲੀ ਦੇ ਨੌਜਵਾਨ ਅੰਕੁਰ ਮਹਿਤਾ ਦੇ ਮਾਪਿਆਂ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੂੰ ਦਰਖਾਸਤ ਦੇ ਕੇ ਮੰਗ ਕੀਤੀ ਕਿ ਜੰਗ ਮਾਰੂ ਇਲਾਕੇ ’ਚੋਂ ਉਨ੍ਹਾਂ ਦੇ ਬੱਚੇ ਦੀ ਸਹੀ ਸਲਾਮਤ ਦੇਸ਼ ਵਾਪਸੀ ਦਾ ਇੰਤਜ਼ਾਮ ਕੀਤਾ ਜਾਵੇ।
ਡੀਸੀ ਈਸ਼ ਕਾਲੀਆ ਨੇ ਪੀੜਤ ਮਾਪਿਆਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਫੌਰੀ ਤੌਰ ’ਤੇ ਇਸ ਉੱਤੇ ਕਾਰਵਾਈ ਕਰੇਗਾ ਅਤੇ ਉਨ੍ਹਾਂ ਦੀ ਦਰਖਾਸਤ ਨੂੰ ਅਗਲੀ ਕਾਰਵਾਈ ਲਈ ਭਾਰਤ ਸਰਕਾਰ ਨੂੰ ਭੇਜਿਆ ਜਾਵੇਗਾ ਅਤੇ ਪੀੜਤ ਵਿਦਿਆਰਥੀਆਂ ਦੀ ਸਹੀ ਸਲਾਮਤੀ ਨਾਲ ਭਾਰਤ ਵਾਪਸੀ ਨੂੰ ਯਕੀਨੀ ਬਣਾਇਆ ਜਾਵੇਗਾ।
ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਡੀਸੀ ਈਸ਼ਾ ਕਾਲੀਆ ਨੇ ਦੱਸਿਆ ਕਿ ਯੂਕਰੇਨ ਵਿੱਚ ਫਸੇ ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰਨਾਂ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ 0172-2219505 ਅਤੇ 0172-2219506 ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਤਾਂ ਜੋ ਪੀੜਤ ਵਿਅਕਤੀਆਂ ਦੀ ਜਾਣਕਾਰੀ ਪੰਜਾਬ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ। ਇਹ ਹੈਲਪਲਾਈਨ ਨੰਬਰ 24 ਘੰਟੇ ਚੱਲਦਾ ਰਹੇਗਾ।