ਸੈਂਟ ਜੇਵੀਅਰ ਹਾਈ ਸਕੂਲ ਮੁਹਾਲੀ ਦੇ ਬਾਹਰ ਮਾਪਿਆਂ ਵੱਲੋਂ ਰੋਸ ਮੁਜ਼ਾਹਰਾ

ਕਲਾਸ ਨਹੀਂ ਤਾਂ ਫੀਸ ਨਹੀਂ ਦੇ ਸਲੋਗਨ ਵਾਲੀਆਂ ਤਖ਼ਤੀਆਂ ਫੜ ਕੇ ਸਕੂਲ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਈ:
ਇੱਥੋਂ ਦੇ ਸੈਂਟ ਜੇਵੀਅਰ ਹਾਈ ਸਕੂਲ ਵੱਲੋਂ ਫੀਸ ਵਸੂਲੀ ਦੇ ਖ਼ਿਲਾਫ਼ ਬੁੱਧਵਾਰ ਨੂੰ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਸਕੂਲ ਦੇ ਬਾਹਰ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਅਤੇ ਸਕੂਲ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ ਕੀਤੀ। ਬੱਚਿਆਂ ਦੇ ਮਾਪਿਆਂ ਨੇ ਕਿਹਾ ਕਿ ਲੌਕਡਾਊਨ ਦੇ ਚੱਲਦਿਆਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਕੂਲਾਂ ਨੂੰ ਇਹ ਹੁਕਮ ਜਾਰੀ ਕੀਤੇ ਸਨ ਕਿ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾਵੇ। ਸਕੂਲਾਂ ਨੂੰ ਸਿਰਫ਼ ਟਿਊਸ਼ਨ ਫੀਸ ਲੈਣ ਲਈ ਕਿਹਾ ਸੀ ਤਾਂ ਜੋ ਅਧਿਆਪਕਾਂ ਨੂੰ ਤਨਖ਼ਾਹ ਦਿੱਤੀ ਜਾ ਸਕੇ। ਇਸ ਤੋਂ ਇਲਾਵਾ ਸਕੂਲ ਵੱਲੋਂ ਹੋਰ ਕੋਈ ਖਰਚਾ ਨਹੀਂ ਲਿਆ ਜਾ ਸਕਦਾ ਅਤੇ ਨਾ ਹੀ ਮਾਪਿਆਂ ਨੂੰ ਫੀਸ ਜਮਾਂ ਕਰਵਾਉਣ ਲਈ ਮਜਬੂਰ ਨਹੀਂ ਕੀਤਾ ਸਕਦਾ ਹੈ। ਐਤਕੀਂ ਫੀਸਾਂ ਵਧਾਉਣ ’ਤੇ ਵੀ ਰੋਕ ਲਗਾਈ ਗਈ ਹੈ, ਪ੍ਰੰਤੂ ਸਕੂਲ ਪ੍ਰਬੰਧਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਨੂੰ ਛਿੱਕੇ ’ਤੇ ਟੰਗ ਕੇ ਮਾਪਿਆਂ ਨੂੰ ਫੀਸਾਂ ਦੇਣ ਲਈ ਮਜਬੂਰ ਕੀਤਾ ਜਾ ਰਿਹਾ ਹੈ।
ਮਾਪਿਆਂ ਨੇ ਸਕੂਲ ਪ੍ਰਸ਼ਾਸਨ ਵਿਰੁੱਧ ਦੋਸ਼ ਲਗਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਦੇ ਬਾਵਜੂਦ ਸਕੂਲ ਵੱਲੋਂ ਟਿਊਸ਼ਨ ਫੀਸ ਵਿੱਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਪਿਆਂ ਵੱਲੋਂ 4-5 ਦਿਨ ਪਹਿਲਾਂ ਸਕੂਲ ਮੈਨੇਜਮੈਂਟ ਨੂੰ ਫੀਸ ਮੰਗਣ ਦੇ ਕਾਰਨ ਜਾਨਣ ਸਬੰਧੀ ਮੰਗ ਪੱਤਰ ਦਿੱਤਾ ਗਿਆ ਸੀ ਪ੍ਰੰਤੂ ਅਜੇ ਤਾਈਂ ਕੋਈ ਜਵਾਬ ਨਹੀਂ ਦਿੱਤਾ ਗਿਆ। ਅੱਜ ਸਾਰੇ ਮਾਪਿਆ ਨੂੰ ਇੱਥੇ ਆਪਸੀ ਗੱਲਬਾਤ ਸੱਦਿਆ ਗਿਆ ਸੀ ਪ੍ਰੰਤੂ ਦੋ ਘੰਟੇ ਬੀਤਣ ’ਤੇ ਵੀ ਪ੍ਰਿੰਸੀਪਲ ਮਾਪਿਆਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਸਾਹਮਣੇ ਨਹੀਂ ਆਏ। ਜਿਸ ਕਾਰਨ ਮਾਪਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਸਕੂਲ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਕੋਈ ਠੋਸ ਜਵਾਬ ਨਹੀਂ ਦਿੱਤਾ ਗਿਆ ਤਾਂ ਮਾਪਿਆਂ ਵੱਲੋਂ ਵੱਡੇ ਪੱਧਰ ’ਤੇ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸਕੂਲ ਮੈਨੇਜਮੈਂਟ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗੀ।
(ਬਾਕਸ ਆਈਟਮ)
ਉਧਰ, ਇਸ ਮੁੱਦੇ ਨੂੰ ਲੈ ਕੇ ਮੀਡੀਆ ਕਰਮੀਆਂ ਵੱਲੋਂ ਸਕੂਲ ਮੈਨੇਜਮੈਂਟ ਨਾਲ ਤਾਲਮੇਲ ਕਰਕੇ ਪੱਖ ਜਾਣਨ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਸਕੂਲ ਦੇ ਬੁਲਾਰੇ ਸੰਜੇ ਚੌਹਾਨ ਨੇ ਸਕੂਲ ਗੇਟ ਨੂੰ ਤਾਲਾ ਲਗਵਾ ਦਿੱਤਾ ਅਤੇ ਕੁਝ ਸਮੇਂ ਲਈ ਪ੍ਰਿੰਸੀਪਲ ਦਾ ਇੰਤਜ਼ਾਰ ਕਰਨ ਲਈ ਕਿਹਾ ਗਿਆ ਪ੍ਰੰਤੂ 1 ਘੰਟਾ ਇੰਤਜ਼ਾਰ ਕਰਨ ਤੋਂ ਬਾਅਦ ਸਕੂਲ ਦੇ ਬੁਲਾਰੇ ਨੇ ਕਿਹਾ ਕਿ ਪ੍ਰਿੰਸੀਪਲ ਨਹੀਂ ਆਉਣਗੇ ਅਤੇ ਫੀਸਾਂ ਸਬੰਧੀ ਸਵਾਲਾਂ ਦੇ ਗੋਲ-ਮੋਲ ਜਵਾਬ ਦਿੰਦੇ ਹੋਏ ਬੁਲਾਰੇ ਨੇ ਕਿਹਾ ਕਿ ਉਹ ਅਧਿਕਾਰਤ ਤੌਰ ’ਤੇ ਇਸ ਮਸਲੇ ਸਬੰਧੀ ਕੁਝ ਨਹੀਂ ਕਹਿ ਸਕਦੇ ਹਨ। ਪ੍ਰਿੰਸੀਪਲ ਹੀ ਕੋਈ ਟਿੱਪਣੀ ਕਰ ਸਕਦੇ ਹਨ ਕਹਿ ਕੇ ਤੁਰਦੇ ਬਣੇ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…