
ਸੈਂਟ ਜੇਵੀਅਰ ਸਕੂਲ ਸੈਕਟਰ-71 ਦੇ ਬਾਹਰ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਰੋਸ ਮੁਜ਼ਾਹਰਾ
ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਕਾਰਵਾਈ ਮੰਗੀ
ਪੰਜਾਬ ਅਗੇਂਸਟ ਕੁਰੱਪਸ਼ਨ ਨੇ ਵੀ ਕੀਤੀ ਮਾਪਿਆਂ ਦੇ ਸੰਘਰਸ਼ ਦੀ ਹਮਾਇਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਗਸਤ:
ਇੱਥੋਂ ਦੇ ਸੈਂਟ ਜੇਵੀਅਰ ਸਕੂਲ ਸੈਕਟਰ-71 ਦੇ ਬਾਹਰ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਟਰਾਈਸਿਟੀ ਦੇ ਮਾਪਿਆਂ ਅਤੇ ਸਕੂਲ ਪੈਰੇਂਟਸ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਦਾਊਂ ਦੀ ਅਗਵਾਈ ਹੇਠ ਸਕੂਲ ਦੇ ਬਾਹਰ ਧਰਨਾ ਦਿੱਤਾ ਅਤੇ ਪ੍ਰਬੰਧਕਾਂ ਖ਼ਿਲਾਫ਼ ਨਾਅਰੇਬਾਜੀ ਕੀਤੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ-ਮੁਹਾਲੀ ਅਤੇ ਪੰਚਕੂਲਾ ਦੇ ਸੈਂਟ ਜੇਵੀਅਰ ਸਕੂਲਾਂ ਨੇ ਕਾਫੀ ਵਿਦਿਆਰਥੀਆਂ ਨੂੰ ਫੀਸ ਮੁਆਫ਼ੀ ਦੀ ਅਰਜੀ ਦੇਣ ਤੋਂ ਬਾਅਦ ਮੁੜ ਪੜ੍ਹਾਉਣ ਤੋਂ ਇਨਕਾਰ ਕਰ ਦਿੱਤਾ ਹੈ, ਜੋ ਕਿ ਅਦਾਲਤੀ ਹੁਕਮਾਂ ਦੀ ਸ਼ਰ੍ਹੇਆਮ ਉਲੰਘਣਾ ਦਾ ਮਾਮਲਾ ਹੈ।
ਸ੍ਰੀ ਦਾਊਂ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਕੇ ਉਨ੍ਹਾਂ ਬੱਚਿਆਂ ਦੇ ਨਾਮ ਕੱਟੇ ਜਾ ਰਹੇ ਹਨ ਜੋ ਸਕੂਲਾਂ ਦੀਆਂ ਫੀਸਾਂ ਦੇਣ ਤੋਂ ਅਸਮਰੱਥ ਹਨ ਅਤੇ ਮਾਪਿਆਂ ਨੇ ਹਾਈ ਕੋਰਟ ਦੇ ਹੁਕਮਾਂ ਮੁਤਾਬਕ ਸਕੂਲਾਂ ਨੂੰ ਫੀਸ ਮੁਆਫ਼ੀ ਦੀਆਂ ਅਰਜ਼ੀਆਂ ਦਿੱਤੀਆਂ ਹੋਈਆਂ ਹਨ ਪ੍ਰੰਤੂ ਸਮੇਂ ਦੀਆਂ ਸਰਕਾਰਾਂ ਅਤੇ ਪ੍ਰਾਈਵੇਟ ਸਕੂਲ ਮਾਫ਼ੀਆ ਦੀ ਕਥਿਤ ਮਿਲੀਭੁਗਤ ਕਾਰਨ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਫੈਸਲਾ ਕੀਤਾ ਗਿਆ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਦੇ ਬਾਹਰ ਧਰਨੇ ਲਗਾਏ ਜਾਣਗੇ ਅਤੇ ਪ੍ਰਬੰਧਕਾਂ ਖ਼ਿਲਾਫ਼ ਉੱਚ ਅਧਿਕਾਰੀਆਂ ਅਤੇ ਅਦਾਲਤ ਵਿੱਚ ਸ਼ਿਕਾਇਤ ਕੀਤੀ ਜਾਵੇਗੀ ਤਾਂ ਕਿ ਉੱਚ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਵਾਈ ਜਾ ਸਕੇ।
ਉਧਰ, ਇਸ ਸਬੰਧੀ ਸਕੂਲ ਪ੍ਰਬੰਧਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਪੱਖ ਜਾਣਨ ਦੀ ਕੋਸ਼ਿਸ਼ ਕੀਤੀ ਗਈ ਲੇਕਿਨ ਮੁੱਖ ਗੇਟ ’ਤੇ ਤਾਇਨਾਤ ਸਟਾਫ਼ ਨੇ ਗੇਟ ਨਹੀਂ ਖੋਲ੍ਹਿਆ ਅਤੇ ਨਾ ਹੀ ਕਿਸੇ ਮੀਡੀਆ ਕਰਮੀ ਨੂੰ ਸਕੂਲ ਦੇ ਅੰਦਰ ਜਾਣ ਦਿੱਤਾ ਅਤੇ ਨਾ ਹੀ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਨਾਲ ਗੱਲ ਕਰਵਾਈ ਗਈ।