ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਗੁਰਦੁਆਰਾ ਅੰਬ ਸਾਹਿਬ ਤੇ ਹੋਰਨਾਂ ਥਾਵਾਂ ’ਤੇ ਪ੍ਰਕਾਸ਼ ਪੁਰਬ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 6 ਜਨਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅੱਜ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਬੀਬੀ ਮੁਖ਼ਤਿਆਰ ਕੌਰ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿੱਚ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਅਵਤਾਰ ਸਿੰਘ ਦਮਦਮੀ ਟਕਸਾਲ ਨੇ ਦੇਸ਼ ਅਤੇ ਕੌਮ ਖ਼ਾਤਰ ਦਿੱਤੀਆਂ ਸ਼ਹਾਦਤਾਂ ਅਤੇ ਖ਼ਾਲਸਾ ਪੰਥ ਦੀ ਸਥਾਪਨਾ ਬਾਰੇ ਜਾਣੂ ਕਰਵਾਇਆ। ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8, ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1 ਵਿਖੇ ਪ੍ਰਕਾਸ਼ ਪੁਰਬ ਦੇ ਮੌਕੇ ਵਿਸ਼ੇਸ਼ ਗੁਰਪੁਰਬ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਅਤੇ ਹੋਰਨਾਂ ਨੇ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਇੰਜ ਹੀ ਗੁਰਦੁਆਰਾ ਸਾਹਿਬ ਫੇਜ਼-2, ਗੁਰਦੁਆਰਾ ਕਲਗੀਧਰ ਸਾਹਿਬ ਫੇਜ਼-4, ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-6, ਗੁਰਦੁਆਰਾ ਫਤਿਹ-ਏ-ਜੰਗ ਚੱਪੜਚਿੜੀ ਕਲਾਂ, ਗੁਰਦੁਆਰਾ ਸੰਤ ਬਾਬਾ ਸਮੀਰ ਸਿੰਘ ਬਲੌਂਗੀ ਸਮੇਤ ਹੋਰਨਾਂ ਵੱਖ-ਵੱਖ ਗੁਰਦੁਆਰਿਆਂ ਵਿੱਚ ਦਸਮੇਸ਼ ਪਿਤਾ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ। ਥਾਂ-ਥਾਂ ’ਤੇ ਲੰਗਰ ਲਗਾਏ ਗਏ।
ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ‘ਆਪ’ ਵਿਧਾਇਕ ਕੁਲਵੰਤ ਸਿੰਘ, ‘ਆਪ’ ਆਗੂ ਬੱਬੀ ਬਾਦਲ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਐਸਜੀਪੀਸੀ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟੌਹੜਾ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਸਿੱਖ ਆਗੂ ਪਰਮਜੀਤ ਸਿੰਘ ਗਿੱਲ, ਅਵਤਾਰ ਸਿੰਘ ਵਾਲੀਆ, ਸਿਮਰਨਜੀਤ ਸਿੰਘ ਚੰਦੂਮਾਜਰਾ ਅਤੇ ਹੋਰਨਾਂ ਸਿਆਸੀ ਅਤੇ ਧਾਰਮਿਕ ਆਗੂਆਂ ਨੇ ਸ਼ਿਰਕਤ ਕੀਤੀ ਅਤੇ ਸ਼ਬਦ ਕੀਰਤਨ ਸੁਣਿਆ।

Load More Related Articles
Load More By Nabaz-e-Punjab
Load More In General News

Check Also

ਦਿਨ ਦਿਹਾੜੇ ਸੁੰਨੇ ਘਰ ’ਚੋਂ ਇਨਵਰਟਰ ਦੀਆਂ ਦੋ ਬੈਟਰੀਆਂ ਚੋਰੀ

ਦਿਨ ਦਿਹਾੜੇ ਸੁੰਨੇ ਘਰ ’ਚੋਂ ਇਨਵਰਟਰ ਦੀਆਂ ਦੋ ਬੈਟਰੀਆਂ ਚੋਰੀ ਨਬਜ਼-ਏ-ਪੰਜਾਬ, ਮੁਹਾਲੀ, 6 ਜਨਵਰੀ: ਇੱਥੋਂ ਦ…