nabaz-e-punjab.com

ਤਿਉਹਾਰਾਂ ਦੇ ਮੱਦੇਨਜ਼ਰ ਮੁਹਾਲੀ ਵਿੱਚ ਪਾਰਕਿੰਗ ਦੀ ਸਮੱਸਿਆ ਹੱਲ ਕੀਤੀ ਜਾਵੇ: ਵਿਨੀਤ ਵਰਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਨਵੰਬਰ:
ਮੁਹਾਲੀ ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ ਨੇ ਮੁਹਾਲੀ ਦੀ ਡਿਪਟੀ ਕਮਿਸ਼ਨਰ, ਜ਼ਿਲ੍ਹਾ ਪੁਲੀਸ ਮੁਖੀ ਅਤੇ ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਨੂੰ ਪੱਤਰ ਲਿਖ ਕੇ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਪੇਸ਼ ਆਉਣ ਵਾਲੀ ਪਾਰਕਿੰਗ ਦੀ ਸਮੱਸਿਆ ਦੇ ਹੱਲ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਤਿਉਹਾਰਾਂ ਦਾ ਸੀਜ਼ਨ ਹੋਣ ਕਾਰਨ ਮੁਹਾਲੀ ਦੀਆਂ ਵੱਖ ਵੱਖ ਮਾਰਕੀਟਾਂ ਵਿੱਚ ਵੱਡੀ ਗਿਣਤੀ ਵਿੱਚ ਵਾਹਨ ਆਉਣ ਕਾਰਨ ਦੁਕਾਨਾਂ ਦੇ ਅੱਗੇ ਪਾਰਕਿੰਗ ਅਤੇ ਸੜਕਾਂ ’ਤੇ ਟਰੈਫ਼ਿਕ ਜਾਮ ਦੀ ਸਮੱਸਿਆ ਖੜੀ ਹੋ ਗਈ ਹੈ। ਉਨ੍ਹਾਂ ਲਿਖਿਆ ਹੈ ਕਿ ਮਾਰਕੀਟਾਂ ਵਿੱਚ ਲੱਗਦੀਆਂ ਰੇਹੜੀਆਂ ਫੜੀਆਂ ਕਾਰਨ ਇਹ ਸਮੱਸਿਆ ਹੋਰ ਵੀ ਵੱਧ ਜਾਂਦੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਸਮੱਸਿਆ ਗੰਭੀਰ ਹੋ ਸਕਦੀ ਹੈ।
ਸ੍ਰੀ ਵਿਨੀਤ ਵਰਮਾ ਨੇ ਪੱਤਰ ਵਿੱਚ ਲਿਖਿਆ ਹੈ ਕਿ ਤਿਉਹਾਰ ਦੇ ਸੀਜ਼ਨ ਕਾਰਨ ਮਾਰਕੀਟ ਵਿੱਚ ਕਾਫੀ ਭੀੜ ਹੁੰਦੀ ਹੈ ਅਤੇ ਸ਼ਾਮ ਢਲਦੇ ਹੀ ਪੈਦਲ ਚੱਲਣ ਲਈ ਵੀ ਜਗ੍ਹਾ ਨਹੀਂ ਰਹਿੰਦੀ ਹੈ। ਇੱਥੋਂ ਦੇ ਫੇਜ਼-3ਬੀ2, ਫੇਜ਼-5, ਫੇਜ਼-7 ਅਤੇ ਫੇਜ਼-10 ਵਿੱਚ ਸਭ ਤੋਂ ਵੱਧ ਭੀੜ ਭੜੱਕਾ ਹੁੰਦਾ ਹੈ। ਇਨ੍ਹਾਂ ਥਾਵਾਂ ’ਤੇ ਤਕਰੀਬਨ 4 ਹਜ਼ਾਰ ਤੋਂ ਵੱਧ ਲੋਕ ਰੋਜ਼ਾਨਾ ਮਾਰਕੀਟਾਂ ਵਿੱਚ ਆਉਂਦੇ ਜਾਂਦੇ ਹਨ। ਮਾਰਕੀਟਾਂ ਵਿੱਚ ਵਾਹਨਾਂ ਦੀ ਪਾਰਕਿੰਗ ਦੀ ਥਾਂ ਘੱਟ ਹੋਣ ਕਾਰਨ ਪੂਰੀ ਮਾਰਕੀਟ ਬਲਾਕ ਹੋ ਜਾਂਦੀ ਹੈ। ਜਿਸ ਕਾਰਨ ਦੁਕਾਨਦਾਰਾਂ ਨੂੰ ਵੱਡਾ ਨੁਕਸਾਨ ਅਤੇ ਮਾਨਸਿਕ ਤਣਾਓ ਸਹਿਣ ਕਰਨਾ ਪੈਂਦਾ ਹੈ। ਕਈ ਵਾਰ ਵਾਹਨ ਚਾਲਕਾਂ ਵਿੱਚ ਝੜਪਾਂ ਵੀ ਹੁੰਦੀਆਂ ਹਨ।
ਉਨ੍ਹਾਂ ਕਿਹਾ ਕਿ ਪਾਰਕਿੰਗ ਦੀ ਇਸ ਸਮੱਸਿਆ ਦੇ ਹੱਲ ਲਈ ਮਾਰਕੀਟਾਂ ਦੇ ਨੇੜੇ ਸ਼ਹਿਰ ਦੇ ਕਮਿਊਨਿਟੀ ਸੈਂਟਰਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਵਿਚਲੀ ਪਾਰਕਿੰਗ ਦੀ ਥਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਇਸ ਨਾਲ ਨਾ ਸਿਰਫ਼ ਪਾਰਕਿੰਗ ਦੀ ਸਮੱਸਿਆ ਦਾ ਹੱਲ ਹੋ ਜਾਵੇਗਾ ਬਲਕਿ ਸ਼ਹਿਰ ਨਿਵਾਸੀਆਂ ਅਤੇ ਦੁਕਾਨਦਾਰਾਂ ਨੂੰ ਵੀ ਵੱਡੀ ਰਾਹਤ ਮਿਲੇਗੀ। ਉਨ੍ਹਾਂ ਲਿਖਿਆ ਹੈ ਕਿ ਸਾਲ ਵਿੱਚ ਸਿਰਫ਼ ਇੱਕ ਵਾਰ ਹੀ ਤਿਉਹਾਰ ਦੇ ਸੀਜ਼ਨ ਵਿੱਚ ਦੁਕਾਨਦਾਰਾਂ ਨੂੰ ਥੋੜੀ ਬਹੁਤ ਕਮਾਈ ਹੁੰਦੀ ਹੈ। ਇਸ ਲਈ ਇਸ ਗੰਭੀਰ ਮੁੱਦੇ ਵੱਲ ਧਿਆਨ ਦੇ ਕੇ ਆਮ ਲੋਕਾਂ ਅਤੇ ਸ਼ਹਿਰ ਦੇ ਵਪਾਰੀਆਂ ਦੀ ਇਸ ਸਮੱਸਿਆ ਦਾ ਹੱਲ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…