ਪ੍ਰਤਾਪ ਬਾਜਵਾ ਨੇ ਧਰਨੇ ’ਤੇ ਬੈਠੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ, ਮੋਦੀ ਸਰਕਾਰ ’ਤੇ ਵਰੇ੍ਹ

ਪੰਜਾਬੀਆਂ ਨੂੰ ਪਿਆਰ ਨਾਲ ਮਨਾਇਆ ਜਾ ਸਕਦੈ ਪਰ ਧੱਕੇਸ਼ਾਹੀ ਨਾਲ ਨਹੀਂ: ਪ੍ਰਤਾਪ ਬਾਜਵਾ

ਮਨੋਹਰ ਲਾਲ ਖੱਟਰ, ਕਿਸਾਨਾਂ ਨੂੰ ਸੰਘਰਸ਼ ਖ਼ਤਮ ਕਰਨ ਦੀਆਂ ਮੱਤਾਂ ਦੇਣ ਦੀ ਥਾਂ ਪ੍ਰਧਾਨ ਮੰਤਰੀ ਨੂੰ ਕਾਨੂੰਨ ਰੱਦ ਕਰਨ ਲਈ ਕਹੇ: ਬਾਜਵਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਈ:
ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ’ਤੇ ਪਿਛਲੇ ਛੇ ਮਹੀਨਿਆਂ ਤੋਂ ਲੜੀਵਾਰ ਧਰਨੇ ਉੱਤੇ ਬੈਠੇ ਕਿਸਾਨਾਂ ਦੀ ਚੜ੍ਹਦੀ ਕਲਾਂ ਲਈ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਦੇ ਮੈਂਬਰ ਪ੍ਰਤਾਪ ਸਿੰਘ ਬਾਜਵਾ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਪਹੁੰਚ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ। ਉਨ੍ਹਾਂ ਨੇ ਆਪਣੇ ਸਾਥੀਆਂ ਸਮੇਤ ਬੀਬੀਆਂ ਦੇ ਜਥੇ ਕੋਲੋਂ ਗੁਰਬਾਣੀ ਕੀਰਤਨ ਵੀ ਸੁਣਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਅਤੇ ਭਾਜਪਾ ਨੂੰ ਕਿਸਾਨ ਵਿਰੋਧੀ ਦੱਸਦਿਆਂ ਕੇਂਦਰ ਸਰਕਾਰ ਨੂੰ ਜੰਮ ਕੇ ਭੰਡਿਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਦੀ ਮੰਗ ਮੰਨ ਲੈਣੀ ਚਾਹੀਦੀ ਹੈ ਅਤੇ ਫੌਰੀ ਤੌਰ ’ਤੇ ਤਿੰਨੇ ਕਾਲੇ ਕਾਨੂੰਨ ਰੱਦ ਕੀਤੇ ਜਾਣੇ ਚਾਹੀਦੇ ਹਨ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਸ੍ਰੀ ਬਾਜਵਾ ਨੇ ਕਿਹ ਕਿ ਰਾਜ ਸਭਾ ਵਿੱਚ ਖੇਤੀ ਬਿੱਲਾਂ ਦਾ ਉਨ੍ਹਾਂ ਸਮੇਤ ਕਈ ਹੋਰਨਾਂ ਮੈਂਬਰਾਂ ਨੇ ਸਖ਼ਤ ਵਿਰੋਧ ਕੀਤਾ ਗਿਆ ਸੀ ਅਤੇ ਮੇਜ਼ਾਂ ’ਤੇ ਚੜ੍ਹ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਪ੍ਰੰਤੂ ਦੇਸ਼ ਦੇ ਹਾਕਮਾਂ ਨੇ ਵੱਡੇ ਘਰਾਣਿਆਂ ਅੰਬਾਨੀ ਅਤੇ ਅੰਡਾਨੀ ਨੂੰ ਖ਼ੁਸ਼ ਕਰਨ ਲਈ ਕਿਸੇ ਦੀ ਕੋਈ ਗੱਲ ਨਹੀਂ ਸੁਣੀ। ਉਨ੍ਹਾਂ ਕਿਹਾ ਜਦੋਂ ਕਿਸਾਨ ਸ਼ੁਰੂ ਤੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਰਿਹਾ ਹੈ ਤਾਂ ਸਰਕਾਰ ਕਿਉਂ ਜ਼ਿੱਦ ਕਰਕੇ ਬੈਠੀ ਹੋਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦ ਹੋਣ ਤੋਂ ਬਾਅਦ ਹੁਣ ਤੱਕ ਪਿਛਲੇ 70 ਸਾਲਾਂ ਵਿੱਚ ਕਿਸੇ ਸਰਕਾਰ ਨੇ ਅਜਿਹੀ ਜ਼ਿੱਦ ਨਹੀਂ ਕੀਤੀ ਹੈ। ਜਿੰਨੀ ਕਿ ਮੋਦੀ ਸਾਹਿਬ ਅਤੇ ਉਨ੍ਹਾਂ ਦੀ ਜੁੰਡਲੀ ਕਰਕੇ ਬੈਠੀ ਹੋਈ ਹੈ।
ਸ੍ਰੀ ਬਾਜਵਾ ਨੇ ਕਿਹਾ ਕਿ ਪੰਜਾਬੀਆਂ ਨੂੰ ਪਿਆਰ ਨਾਲ ਮਨਾਇਆ ਜਾ ਸਕਦਾ ਹੈ ਪਰ ਧੱਕੇਸ਼ਾਹੀ ਨਾਲ ਨਹੀਂ। ਉਨ੍ਹਾਂ ਕਿਹਾ ਕਿ ਇਹ ਤਿੰਨੇ ਖੇਤੀ ਕਾਨੂੰਨ ਕਿਸਾਨਾਂ ਲਈ ਮੌਤ ਦੇ ਵਾਰੰਟ ਤੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਨੈਸ਼ਨਲ ਕਾਂਗਰਸ ਕਿਸਾਨਾਂ ਦੇ ਨਾਲ ਚਟਾਨ ਵਾਂਗ ਖੜੀ ਹੈ ਅਤੇ ਕਿਸਾਨ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਜੋ ਵੀ ਪ੍ਰੋਗਰਾਮ ਉਲੀਕਣਗੇ, ਕਾਂਗਰਸ ਉਸ ਦਾ ਬਿਨਾਂ ਸ਼ਰਤ ਸਮਰਥਨ ਕਰੇਗੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਕਰੋਨਾ ਦੇ ਮੱਦੇਨਜ਼ਰ ਆਪਣਾ ਸੰਘਰਸ਼ ਖ਼ਤਮ ਕਰਨ ਦੀ ਅਪੀਲ ਉੱਤੇ ਟਿੱਪਣੀ ਕਰਦਿਆਂ ਸ੍ਰੀ ਬਾਜਵਾ ਨੇ ਕਿਹਾ ਕਿ ਸ੍ਰੀ ਖੱਟਰ ਨੂੰ ਕਿਸਾਨਾਂ ਨੂੰ ਆਪਣਾ ਸੰਘਰਸ਼ ਖ਼ਤਮ ਕਰਨ ਦੀ ਮੱਤਾਂ ਦੇਣ ਤੋਂ ਪਹਿਲਾਂ ਆਪਣੀ ਪਾਰਟੀ ਦੇ ਪ੍ਰਧਾਨ ਮੰਤਰੀ ਨੂੰ ਇਹ ਸਲਾਹ ਦੇਣੀ ਚਾਹੀਦੀ ਹੈ, ਉਹ ਖੇਤੀ ਕਾਨੂੰਨ ਰੱਦ ਕਰ ਦੇਵੇ ਕਿਸਾਨ ਤਾਂ ਖ਼ੁਦ ਹੀ ਆਪਣੇ ਘਰਾਂ ਨੂੰ ਪਰਤ ਜਾਣਗੇ। ਇਸ ਮੌਕੇ ਬਲਰਾਜ ਸਿੰਘ ਗਿੱਲ, ਨਰਿੰਦਰ ਸਿੰਘ, ਸਾਬਕਾ ਪ੍ਰਧਾਨ ਗੁਰਮੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles

Check Also

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ ਨਬਜ਼-ਏ-ਪੰਜਾਬ, ਮੁਹਾਲੀ, 26…