nabaz-e-punjab.com

ਪਾਦਰੀ ਦੇ 6.66 ਕਰੋੜ ਗਾਇਬ: ਮੁਲਜ਼ਮ ਥਾਣੇਦਾਰਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਟਲੀ

ਹੁਣ 23 ਅਪਰੈਲ ਨੂੰ ਹੋਵੇਗੀ ਥਾਣੇਦਾਰਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ:
ਮੁਹਾਲੀ ਅਦਾਲਤ ਨੇ ਜਲੰਧਰ ਦੇ ਪਾਦਰੀ ਦੀ 6.66 ਕਰੋੜ ਰੁਪਏ ਦੀ ਰਕਮ ਹੜੱਪ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਦੋ ਥਾਣੇਦਾਰਾਂ ਏਐਸਆਈ ਜੋਗਿੰਦਰ ਸਿੰਘ ਅਰਬਨ ਅਸਟੇਟ ਪਟਿਆਲਾ ਅਤੇ ਏਐਸਆਈ ਰਾਜਪ੍ਰੀਤ ਸਿੰਘ ਨਵੀਂ ਮਹਿੰਦਰਾ ਕਲੋਨੀ ਪਟਿਆਲਾ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ 23 ਤੱਕ ਅੱਗੇ ਟਾਲ ਦਿੱਤੀ ਹੈ। ਬੀਤੀ 13 ਅਪਰੈਲ ਨੂੰ ਪੰਜਾਬ ਪੁਲੀਸ ਦੇ ਮੁਹਾਲੀ ਸਥਿਤ ਸਟੇਟ ਕਰਾਈਮ ਥਾਣਾ ਫੇਜ਼-4 ਵਿੱਚ ਉਕਤ ਥਾਣੇਦਾਰਾਂ ਸਮੇਤ ਪੁਲੀਸ ਦੇ ਮੁਖ਼ਬਰ ਸੁਰਿੰਦਰ ਸਿੰਘ ਵਾਸੀ ਨੌਸ਼ਿਹਰਾ ਖੁਰਦ, ਜ਼ਿਲ੍ਹਾ ਗੁਰਦਾਸਪੁਰ ਦੇ ਖ਼ਿਲਾਫ਼ ਅਪਰਾਧਿਕ ਕੇਸ ਦਰਜ ਕੀਤਾ ਗਿਆ। ਕੇਸ ਦਰਜ ਹੋਣ ਤੋਂ ਬਾਅਦ ਦੋਵੇਂ ਥਾਣੇਦਾਰ ਆਪਣੀ ਗ੍ਰਿਫ਼ਤਾਰੀ ਤੋਂ ਬਚਨ ਲਈ ਰੂਪੋਸ਼ ਹੋ ਗਏ ਹਨ ਜਦੋਂਕਿ ਪਿਛਲੇ ਦਿਨੀਂ ਪੁਲੀਸ ਨੇ ਮੁਖ਼ਬਰ ਸੁਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਜੋ ਛੇ ਦਿਨ ਦੇ ਪੁਲੀਸ ਰਿਮਾਂਡ ’ਤੇ ਚੱਲ ਰਿਹਾ ਹੈ। ਮੁਲਜ਼ਮ ਸੁਰਿੰਦਰ ਸਿੰਘ ਨੂੰ ਵੀ 23 ਅਪਰੈਲ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਜਾਣਕਾਰੀ ਅਨੁਸਾਰ ਇਸ ਕੇਸ ਵਿੱਚ ਬਤੌਰ ਮੁਲਜ਼ਮ ਨਾਮਜ਼ਦ ਥਾਣੇਦਾਰਾਂ ਜੋਗਿੰਦਰ ਸਿੰਘ ਅਤੇ ਰਾਜਪ੍ਰੀਤ ਸਿੰਘ ਨੇ ਆਪਣੇ ਵਕੀਲਾਂ ਰਾਹੀਂ ਮੁਹਾਲੀ ਅਦਾਲਤ ਵਿੱਚ ਵੱਖੋ ਵੱਖਰੀਆਂ ਅਰਜ਼ੀਆਂ ਦਾਇਰ ਕਰਕੇ ਅਗਾਊਂ ਜ਼ਮਾਨਤ ਦੇਣ ਦੀ ਮੰਗ ਕੀਤੀ ਗਈ ਹੈ। ਮੁਲਜ਼ਮ ਥਾਣੇਦਾਰਾਂ ਦੀਆਂ ਅਰਜ਼ੀਆਂ ’ਤੇ ਅੱਜ ਮੁਹਾਲੀ ਅਦਾਲਤ ਵਿੱਚ ਸੁਣਵਾਈ ਹੋਣੀ ਸੀ ਪ੍ਰੰਤੂ ਅੱਜ ਜ਼ਿਲ੍ਹਾ ਅਦਾਲਤ ਦੇ ਵਕੀਲਾਂ ਦੀ ਹੜਤਾਲ ਕਾਰਨ ਥਾਣੇਦਾਰਾਂ ਦੀਆਂ ਅਰਜ਼ੀਆਂ ’ਤੇ ਸੁਣਵਾਈ ਨਹੀਂ ਹੋ ਸਕੀ। ਅਦਾਲਤ ਨੇ ਵੱਖ ਵੱਖ ਪਹਿਲੂਆਂ ’ਤੇ ਗੌਰ ਕਰਦਿਆਂ ਥਾਣੇਦਾਰਾਂ ਦੀਆਂ ਅਗਾਊਂ ਜ਼ਮਾਨਤ ਦੀਆਂ ਅਰਜ਼ੀਆਂ ’ਤੇ ਸੁਣਵਾਈ ਲਈ 23 ਅਪਰੈਲ ਦਾ ਦਿਨ ਨਿਰਧਾਰਿਤ ਕੀਤਾ ਗਿਆ ਹੈ।
ਇਸ ਸਬੰਧੀ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਡੀਜੀਪੀ ਵੱਲੋਂ ਆਈਜੀ (ਕਰਾਈਮ) ਪਰਵੀਨ ਕੁਮਾਰ ਸਿਨਹਾ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਸਿੱਟ) ਦਾ ਗਠਨ ਕੀਤਾ ਗਿਆ ਹੈ। ਜਿਸ ਵਿੱਚ ਜਲੰਧਰ ਪੁਲੀਸ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਪਟਿਆਲਾ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਅਤੇ ਸਟੇਟ ਕਰਾਈਮ ਪੁਲੀਸ ਦੇ ਏਆਈਜੀ ਰਾਕੇਸ਼ ਕੌਸ਼ਲ ਨੂੰ ਸ਼ਾਮਲ ਕੀਤਾ ਗਿਆ ਹੈ। ਉਂਜ ਐਸਆਈਟੀ ਦੀ ਓਵਰਆਲ ਨਿਗਰਾਨੀ ਬਿਊਰੋ ਆਫ਼ ਇਨਵੇਸਟੀਗੇਸ਼ਨ ਪ੍ਰਬੋਧ ਕੁਮਾਰ ਕਰ ਰਹੇ ਹਨ। ਪੁਲੀਸ ਨੇ ਮੁਲਜ਼ਮ ਥਾਣੇਦਾਰਾਂ ਵੱਲੋਂ ਗ੍ਰਿਫ਼ਤਾਰੀ ਲਈ ਵੱਖ ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਅਤੇ ਰਿਸਤੇਦਾਰਾਂ ’ਤੇ ਦਬਾਅ ਪਾਇਆ ਜਾ ਰਿਹਾ ਹੈ। ਪੁਲੀਸ ਨੂੰ ਥਾਣੇਦਾਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਸ ਮਾਮਲੇ ਸਬੰਧੀ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…