
ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸੁਖਮਣੀ ਸਾਹਿਬ ਤੇ ਜਪੁਜੀ ਸਾਹਿਬ ਦਾ ਪਾਠ
‘ਜੇ ਚੱਲੇ ਓ ਸਰਹੰਦ ਨੂੰ ਮੇਰੇ ਲਾਲਾਂ ਨਾਲ ਰਾਤ ਗੁਜਾਰਿਓ’
ਕੁਰਾਲੀ 25 ਦਸੰਬਰ (ਰਜਨੀਕਾਂਤ ਗਰੋਵਰ):
ਸਥਾਨਕ ਸ਼ਹਿਰ ਦੀ ਸਬਜ਼ੀ ਮੰਡੀ ਵਿੱਚ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਿੱਚ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕੋਹਿਨੂਰ ਤੋਂ ਵੱਧ ਕੀਮਤੀ ਚਾਰ ਸਾਹਿਬਜ਼ਾਦਿਆਂ ਦੀ ਨਿੱਘੀ ਯਾਦ ਵਿੱਚ ‘ਸ਼ਹਾਦਤ-ਏ-ਸਫ਼ਰ’ ਮਨਾਇਆ ਗਿਆ। ਇਸ ਦੌਰਾਨ ਸ੍ਰੀ ਸੁਖਮਣੀ ਸਾਹਿਬ ਅਤੇ ਜਪੁਜੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਸਕੂਲੀ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ। ਜਿਸ ਵਿੱਚ ‘ਜੇ ਚੱਲੇ ਓ ਸਰਹੰਦ ਨੂੰ ਮੇਰੇ ਲਾਲਾਂ ਦੇ ਨਾਲ ਰਾਤ ਗੁਜਾਰਿਓ’ ਨੇ ਹਾਜ਼ਰ ਦਰਸ਼ਕਾਂ ਦੇ ਦਿਲ ਨੂੰ ਝੰਜੋੜ ਕੇ ਰੱਖ ਦਿੱਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਬਬੀਤਾ ਸ਼ਰਮਾ ਨੇ ਸਕੂਲੀ ਬੱਚਿਆਂ ਨੂੰ ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਅਤੇ ਉਨ੍ਹਾਂ ਦੇ ਦਾਦਾ ਜੀ ਨੌਵੀਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਸਾਹਿਬਜ਼ਾਦਿਆਂ ਦੀ ਕੁਰਬਾਨੀ ਤੋਂ ਸੇਧ ਲੈਣ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਯੋਗਦਾਨ ਦੇਣ ਲਈ ਪ੍ਰੇਰਿਆ।