Nabaz-e-punjab.com

ਮੁਹਾਲੀ ਵਿੱਚ ਦੋ ਹੋਰ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ, ਦੋ ਮਰੀਜ਼ਾਂ ਨੂੰ ਠੀਕ ਹੋਣ ਮਗਰੋਂ ਛੁੱਟੀ ਮਿਲੀ

ਮੁਹਾਲੀ ਜ਼ਿਲ੍ਹੇ ਵਿੱਚ ਮਰੀਜ਼ਾਂ ਦੀ ਗਿਣਤੀ ਵਧ ਕੇ 95 ਹੋਈ, 36 ਮਰੀਜ਼ ਠੀਕ ਹੋਏ, 57 ਕੇਸ ਐਕਟਿਵ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਈ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਰੋਜ਼ਾਨਾ ਲਗਾਤਾਰ ਜਿੱਥੇ ਕਰੋਨਾਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ, ਉੱਥੇ ਨਾਲ-ਨਾਲ ਪੀੜਤ ਮਰੀਜ਼ ਠੀਕ ਵੀ ਹੋ ਰਹੇ ਹਨ। ਮੁਹਾਲੀ ਜ਼ਿਲ੍ਹੇ ਅੱਜ ਕਰੋਨਾ ਦੇ ਦੋ ਹੋਰ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਹ ਦੋਵੇਂ ਲਾਲੜੂ ਦੇ ਵਸਨੀਕ ਹਨ। ਜਿਨ੍ਹਾਂ ਵਿੱਚ ਇਕ ਸ੍ਰੀ ਹਜ਼ੂਰ ਸਾਹਿਬ ਤੋਂ ਮੁਹਾਲੀ ਪਰਤਿਆਂ ਸ਼ਰਧਾਲੂ ਹੈ ਜਦੋਂਕਿ ਦੂਜਾ ਮਰੀਜ਼ ਇਸ ਸਮੇਂ ਸਰਕਾਰੀ ਹਸਪਤਾਲ ਲੁਧਿਆਣਾ ਵਿੱਚ ਦਾਖ਼ਲ ਹੈ। ਜਦੋਂਕਿ ਪਿੰਡ ਜਵਾਹਰਪੁਰ ਨਾਲ ਸਬੰਧਤ ਦੋ ਪੀੜਤ ਮਰੀਜ਼ਾਂ ਨੂੰ ਠੀਕ ਹੋਣ ਮਗਰੋਂ ਹਸਪਤਾਲ ’ਚੋਂ ਛੁੱਟੀ ਮਿਲ ਗਈ ਹੈ।
ਅੱਜ ਇੱਥੇ ਇਸ ਗੱਲ ਦਾ ਖੁਲਾਸਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ (47) ਅਤੇ ਰਮੇਸ਼ ਕੁਮਾਰ (39) ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਬੀਤੇ ਕੱਲ੍ਹ ਪਿੰਡ ਦੇਸੂਮਾਜਰਾ ਦੀ ਅੌਰਤ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਦੇ ਪਤੀ ਸਮੇਤ 11 ਗੁਆਂਢੀਆਂ ਦੇ ਲਏ ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਨ੍ਹਾਂ ਸਾਰੇ ਵਿਅਕਤੀਆਂ ਨੂੰ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 95 ’ਤੇ ਪਹੁੰਚ ਗਈ ਹੈ। ਜਿਨ੍ਹਾਂ ’ਚੋਂ ਦੋ ਮਰੀਜ਼ਾਂ ਓਮ ਪ੍ਰਕਾਸ਼ ਵਾਸੀ ਨਵਾਂ ਗਾਉਂ ਅਤੇ ਰਾਜ ਕੁਮਾਰੀ ਵਾਸੀ ਖਰੜ ਦੀ ਮੌਤ ਹੋ ਚੁੱਕੀ ਹੈ ਜਦੋਂਕਿ ਹੁਣ ਤੱਕ 36 ਮਰੀਜ਼ ਠੀਕ ਹੋਏ ਹਨ ਅਤੇ ਇਸ ਸਮੇਂ 57 ਕੇਸ ਐਕਟਿਵ ਹਨ। ਜੋ ਪੀਜੀਆਈ ਸਮੇਤ ਹੋਰ ਵੱਖ-ਵੱਖ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ।
ਜ਼ਿਲ੍ਹਾ ਐਪੀਡੀਮੋਲੋਜਿਸਟ-ਕਮ-ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਕਰੋਨਾਵਾਇਰਸ ਦੀ ਲਾਗ ਨਾਲ ਜੂਝ ਰਹੇ ਦੋ ਹੋਰ ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਠੀਕ ਹੋਣ ਵਾਲੇ ਮਰੀਜ਼ਾਂ ਵਿੱਚ ਨਰਿੰਦਰ ਕੌਰ (52) ਅਤੇ ਨੈਬ ਸਿੰਘ (56) ਸ਼ਾਮਲ ਹਨ। ਇਹ ਦੋਵੇਂ ਪਿੰਡ ਜਵਾਹਰਪੁਰ ਦੇ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਇਕੱਲੇ ਜਵਾਹਰਪੁਰ ਵਿੱਚ ਹੁਣ ਤੱਕ 22 ਮਰੀਜ਼ ਤੰਦਰੁਸਤ ਹੋ ਚੁੱਕੇ ਹਨ। ਇਹ ਦੋਵੇਂ 14 ਦਿਨਾਂ ਤੋਂ ਬਨੂੜ ਨੇੜਲੇ ਗਿਆਨ ਸਾਗਰ ਹਸਪਤਾਲ ਦੇ ‘ਕੋਵਿਡ ਕੇਅਰ ਸੈਂਟਰ’ ਵਿੱਚ ਇਲਾਜ ਅਧੀਨ ਸਨ। ਇਨ੍ਹਾਂ ਮਰੀਜ਼ਾਂ ਦੇ 14 ਦਿਨਾਂ ਬਾਅਦ ਲਗਾਤਾਰ ਵਾਰੋ ਵਾਰੀ ਦੋ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਸਨ ਅਤੇ ਦੋਵੇਂ ਨਮੂਨਿਆਂ ਦੀਆਂ ਰਿਪੋਰਟਾਂ ਨੈਗੇਟਿਵ ਆਉਣ ਮਗਰੋਂ ਅੱਜ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਨੋਡਲ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਭਾਵੇਂ ਦੋਵੇਂ ਨੂੰ ਹਸਪਤਾਲ ’ਚੋਂ ਛੁੱਟੀ ਮਿਲ ਗਈ ਹੈ ਪ੍ਰੰਤੂ ਫਿਲਹਾਲ ਇਨ੍ਹਾਂ ਨੂੰ ਘਰ ਨਹੀਂ ਭੇਜਿਆ ਜਾਵੇਗਾ। ਸਗੋਂ ਅਹਿਤਿਆਤ ਵਜੋਂ 14 ਦਿਨਾਂ ਲਈ ਨਿਰੰਕਾਰੀ ਭਵਨ ਡੇਰਾਬੱਸੀ ਵਿੱਚ ਬਣਾਏ ਗਏ ‘ਇਕਾਂਤਵਾਸ ਕੇਂਦਰ’ ਵਿੱਚ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਰੱਖਿਆ ਜਾਵੇਗਾ।
ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ, ਨਰਸਾਂ ਅਤੇ ਹੋਰ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਾਰੇ ਦਿਨ ਰਾਤ ਅਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਪੀੜਤ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਇਸ ਬਿਮਾਰੀ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ ਅਤੇ ਸਾਰਿਆਂ ਦੇ ਸਹਿਯੋਗ ਨਾਲ ਛੇਤੀ ਹੀ ਇਸ ਮਹਾਮਾਰੀ ’ਤੇ ਕਾਬੂ ਪਾ ਲਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਪ੍ਰੇਰਦਿਆਂ ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In General News

Check Also

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ ਬੀਬੀ ਜਰਨੈਲ ਕੌਰ ਰਾਮੂਵਾਲੀਆ ਨਮਿੱਤ ਅੰ…