ਸਰਕਾਰੀ ਭਰੋਸੇ ਮਗਰੋਂ ਪਟਵਾਰ ਯੂਨੀਅਨ ਪੰਜਾਬ ਵੱਲੋਂ ਹੜਤਾਲ ਮੁਲਤਵੀ

ਸ਼ੁੱਕਰਵਾਰ ਨੂੰ ਸੂਬਾ ਪੱਧਰੀ ਰੈਲੀ ਤੇ ਵਿਧਾਨ ਸਭਾ ਦੇ ਘਿਰਾਓ ਦਾ ਪ੍ਰੋਗਰਾਮ ਵੀ ਕੀਤਾ ਮੁਲਤਵੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਸਤੰਬਰ:
ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੋਈ ਇਕ ਅਹਿਮ ਮੀਟਿੰਗ ਦੌਰਾਨ ਪਟਵਾਰੀਆਂ ਨੇ ਸਰਕਾਰੀ ਭਰੋਸੇ ਮਗਰੋਂ ਇਕ ਮਹੀਨੇ ਲਈ ਹੜਤਾਲ ਮੁਲਤਵੀ ਕਰਦਿਆਂ ਆਪਣੇ ਕੰਮ ’ਤੇ ਵਾਪਸ ਜਾਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੈਵੀਨਿਊ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਨੇ ਦੱਸਿਆ ਕਿ ਰੈਵੀਨਿਊ ਪਟਵਾਰੀ ਕਈ ਦਿਨਾਂ ਤੋਂ ਹੜਤਾਲ ’ਤੇ ਚੱਲ ਰਹੇ ਸੀ। ਅੱਜ ਸਰਕਾਰ ਭਰੋਸੇ ਤੋਂ ਬਾਅਦ ਉਨ੍ਹਾਂ ਨੇ ਆਪਣੀ ਹੜਤਾਲ ਖ਼ਤਮ ਕਰਕੇ ਡਿਊਟੀ ’ਤੇ ਪਰਤਣ ਦਾ ਫੈਸਲਾ ਲਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 4700 ਪਟਵਾਰੀਆਂ ਦੀ ਸਖ਼ਤ ਲੋੜ ਹੈ ਪ੍ਰੰਤੂ ਇਸ ਸਮੇਂ ਸਿਰਫ਼ 1900 ਪਟਵਾਰੀ ਹੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਪਟਵਾਰੀਆਂ ਦੀਆਂ ਮੰਗਾਂ ਨੂੰ ਜਾਇਜ਼ ਮੰਨਣ ਦਾ ਭਰੋਸਾ ਦੇ ਕੇ ਡਿਊਟੀ ’ਤੇ ਵਾਪਸ ਪਰਤਣ ਲਈ ਆਖਿਆ ਗਿਆ ਸੀ ਅਤੇ ਯੂਨੀਅਨ ਨੇ ਫੈਸਲਾ ਕੀਤਾ ਕਿ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਦੇਖਦੇ ਹੋਏ ਫਿਲਹਾਲ ਇਕ ਮਹੀਨੇ ਲਈ ਹੜਤਾਲ ਮੁਲਤਵੀ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਭਲਕੇ 3 ਸਤੰਬਰ ਨੂੰ ਮੁਹਾਲੀ ਦੇ ਵਾਈਪੀਐਸ ਚੌਂਕ ਵਿਖੇ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ, ਪਟਵਾਰ ਯੂਨੀਅਨ ਅਤੇ ਕਾਨੂੰਗੋ ਯੂਨੀਅਨ ਦੀ ਸਾਂਝੀ ਰੈਲੀ ਕੀਤੀ ਜਾਣੀ ਸੀ ਅਤੇ ਮੁਲਾਜ਼ਮਾਂ ਮੰਗਾਂ ’ਤੇ ਚਰਚਾ ਕਰਨ ਉਪਰੰਤ ਵਿਧਾਨ ਸਭਾ ਦੇ ਵਿਸ਼ੇਸ਼ ਸੈਨ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਚਾਲੇ ਪਾਉਣੇ ਸੀ ਪ੍ਰੰਤੂ ਸ਼ਾਮ ਨੂੰ ਮੁਹਾਲੀ ਦੇ ਡਿਪਟੀ ਕਮਿਸ਼ਨਰ ਵੱਲੋਂ ਐਸਡੀਐਮ ਰਾਹੀਂ ਬੁੱਧਵਾਰ ਨੂੰ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦਿੱਤਾ ਗਿਆ। ਜਿਸ ਕਾਰਨ ਹੁਣ ਭਲਕੇ ਸ਼ੁੱਕਰਵਾਰ ਨੂੰ ਮੁਹਾਲੀ ਵਿੱਚ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੈਲੀ ਅਤੇ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਵੀ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਅਗਲੇ ਬੁੱਧਵਾਰ ਨੂੰ ਮੀਟਿੰਗ ਵਿੱਚ ਪਟਵਾਰੀਆਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ ਤਾਂ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।
ਇਸ ਮੌਕੇ ਕਾਨੂੰਗੋ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰੁਪਿੰਦਰ ਸਿੰਘ ਗਰੇਵਾਲ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਖੇੜਾ, ਆਲ ਇੰਡੀਆ ਕਾਨੂੰਗੋ ਪਟਵਾਰ ਯੂਨੀਅਨ ਦੇ ਮੀਤ ਪ੍ਰਧਾਨ ਸੁਖਪ੍ਰੀਤ ਸਿੰਘ, ਪੰਜਾਬ ਦੇ ਮੀਤ ਪ੍ਰਧਾਨ ਚਾਨਣ ਸਿੰਘ ਖਹਿਰਾ, ਪ੍ਰੈਸ ਸਕੱਤਰ ਹਰਵਿੰਦਰ ਸਿੰਘ ਪੋਹਲੀ, ਸਾਬਕਾ ਸੂਬਾ ਪ੍ਰਧਾਨ ਮੋਹਨ ਸਿੰਘ ਭੇਡਪੁਰ, ਕੈਸ਼ੀਅਰ ਕਰਨ ਜਸਪਾਲ ਸਿੰਘ ਵਿਰਕ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਜਸਵੀਰ ਸਿੰਘ ਧਾਲੀਵਾਲ, ਅਜੀਤ ਸਿੰਘ ਮਾਮੂਪੁਰ ਸਮੇਤ ਪਟਵਾਰ ਤੇ ਕਾਨੂੰਗੋ ਯੂਨੀਅਨ ਦੇ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …