
ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਪਟਵਾਰੀ ਗ੍ਰਿਫ਼ਤਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਪਰੈਲ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਬਲਾਕ ਮਾਜਰੀ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਚਮਕੌਰ ਲਾਲ ਵਾਸੀ ਫੇਜ਼-3ਬੀ-1, ਮੁਹਾਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਦੇ ਖ਼ਿਲਾਫ਼ ਆਮਦਨ ਦੇ ਜਾਣੂ ਸਰੋਤਾਂ ਨਾਲੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ ਹੈ। ਇਸ ਸਬੰਧੀ ਮੁਲਜ਼ਮ ਪਟਵਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਪਰਚਾ ਦਰਜ ਕੀਤਾ ਗਿਆ ਹੈ। ਪਟਵਾਰੀ ਨੂੰ ਭਲਕੇ ਮੰਗਲਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਰਾਹੀਂ ਚੱਲ-ਅਚੱਲ ਜਾਇਦਾਦਾਂ ਖ਼ਰੀਦ ਕੇ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਸਬੰਧੀ ਵਿਜੀਲੈਂਸ ਦੀ ਜਾਂਚ ਤੋਂ ਬਾਅਦ ਉਕਤ ਪਟਵਾਰੀ ਖ਼ਿਲਾਫ਼ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਅਨੁਸਾਰ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਪਟਵਾਰੀ ਨੇ ਆਪਣੀ ਆਮਦਨ ਦੇ ਕੁੱਲ ਸਰੋਤਾਂ ਨਾਲੋਂ 76 ਫੀਸਦੀ ਵੱਧ ਖ਼ਰਚੇ ਕੀਤੇ ਹਨ। ਭ੍ਰਿਸ਼ਟਾਚਾਰ ਰਾਹੀਂ ਇਕੱਠੀ ਕੀਤੇ ਕਥਿਤ ਨਾਜਾਇਜ਼ ਧਨ ਨੂੰ ਐਡਜਸਟ ਕਰਨ ਲਈ ਉਸ ਨੇ ਵੱਖ-ਵੱਖ ਵਿਅਕਤੀਆਂ ਰਾਹੀਂ ਆਪਣੇ ਪੁੱਤਰ ਅਤੇ ਪਤਨੀ ਦੇ ਬੈਂਕ ਖਾਤਿਆਂ ਵਿੱਚ ਚੈੱਕਾਂ ਰਾਹੀਂ ਜਾਂ ਸਿੱਧੇ ਟਰਾਂਸਫ਼ਰ ਕਰਵਾ ਕੇ ਭਾਰੀ ਰਕਮਾਂ ਜਮ੍ਹਾਂ ਕਰਵਾਈਆਂ ਹਨ। ਪੜਤਾਲ ਵਿੱਚ ਪਤਾ ਲੱਗਾ ਹੈ ਕਿ ਮੁਲਜ਼ਮ ਪਟਵਾਰੀ ਨੇ ਮੁਹਾਲੀ ਦੇ ਫੇਜ਼-3ਬੀ-1 ਵਿੱਚ ਕਰੋੜਾਂ ਰੁਪਏ ਖਰਚ ਕੇ ਇੱਕ ਆਲੀਸ਼ਾਨ ਮਕਾਨ ਵੀ ਬਣਾਇਆ ਹੈ। ਇਸ ਤੋਂ ਇਲਾਵਾ ਉਸ ਕੋਲ ਮਹਿੰਗੀਆਂ ਲਗਜ਼ਰੀ ਗੱਡੀਆਂ ਵੀ ਹਨ। ਵਿਜੀਲੈਂਸ ਵੱਲੋਂ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਮੁਲਜ਼ਮ ਨੂੰ ਭਲਕੇ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।