ਮੁਹਾਲੀ ਵਿੱਚ ਬਿਰਧ ਆਸ਼ਰਮ ਲਈ ਰਾਹ ਪੱਧਰਾ, ਗਮਾਡਾ ਨੇ 3 ਏਕੜ ਜ਼ਮੀਨ ਮੁਫ਼ਤ ਦੇਣ ਦੀ ਹਾਮੀ ਭਰੀ

ਡਿਪਟੀ ਮੇਅਰ ਕੁਲਜੀਤ ਬੇਦੀ ਨੇ ਬਿਰਧ ਆਸ਼ਰਮ ਬਣਾਉਣ ਲਈ ਹਾਈ ਕੋਰਟ ਵਿੱਚ 9 ਸਾਲ ਕਾਨੂੰਨੀ ਲੜਾਈ

ਨਬਜ਼-ਏ-ਪੰਜਾਬ, ਮੁਹਾਲੀ, 11 ਅਕਤੂਬਰ:
ਮੁਹਾਲੀ ਵਿੱਚ ਓਲਡ ਏਜ ਹੋਮ (ਬਿਰਧ ਆਸ਼ਰਮ) ਬਣਾਉਣ ਲਈ ਰਾਹ ਪੱਧਰਾ ਹੋ ਗਿਆ ਹੈ। ਗਮਾਡਾ ਨੇ ਇਸ ਕਾਰਜ ਲਈ ਸੈਕਟਰ-78 ਵਿੱਚ ਤਿੰਨ ਏਕੜ ਜ਼ਮੀਨ ਮੁਫ਼ਤ ਦੇਣ ਦੀ ਹਾਮੀ ਭਰ ਦਿੱਤੀ ਹੈ। ਇਸ ਗੱਲ ਦਾ ਖੁਲਾਸਾ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੱਤਰਕਾਰ ਸੰਮੇਲਨ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਉਨ੍ਹਾਂ ਨੂੰ 9 ਸਾਲ ਹਾਈ ਕੋਰਟ ਵਿੱਚ ਕਾਨੂੰਨੀ ਲੜਾਈ ਲਡਨੀ ਪਈ ਹੈ। ਹੁਣ ਮੁਹਾਲੀ ਵਿੱਚ ਬਿਰਧ ਆਸ਼ਰਮ ਬਣਾਉਣ ਲਈ ਗਮਾਡਾ ਨੇ ਸੈਕਟਰ-78 ਵਿੱਚ 2.92 ਏਕੜ ਜ਼ਮੀਨ ਰਾਖਵੀਂ ਰੱਖ ਦਿੱਤੀ ਹੈ। ਇਹ ਜ਼ਮੀਨ ਸਮਾਜ ਭਲਾਈ ਵਿਭਾਗ ਨੂੰ ਸੌਂਪੀ ਜਾਣੀ ਹੈ। ਇਸ ਸਬੰਧੀ ਗਮਾਡਾ ਨੇ ਪੱਤਰ ਦੀ ਕਾਪੀ ਡਿਪਟੀ ਮੇਅਰ ਨੂੰ ਵੀ ਭੇਜੀ ਗਈ ਹੈ।
ਕੁਲਜੀਤ ਬੇਦੀ ਨੇ ਦੱਸਿਆ ਕਿ ਉਨ੍ਹਾਂ ਨੇ ਮੁਹਾਲੀ ਸਮੇਤ ਪੰਜਾਬ ਵਿੱਚ ਬਿਰਧ ਆਸ਼ਰਮ ਬਣਾਉਣ ਲਈ ਸਰਕਾਰ ਤੋਂ ਮੰਗ ਕੀਤੀ ਸੀ ਅਤੇ ਸੂਚਨਾ ਦੇ ਅਧਿਕਾਰ ਤਹਿਤ ਇਸ ਸਬੰਧੀ ਬਣੇ ਕਾਨੂੰਨ ਅਨੁਸਾਰ ਸਰਕਾਰ ਤੋਂ ਜਾਣਕਾਰੀ ਮੰਗੀ ਗਈ ਸੀ। ਸਰਕਾਰੀ ਅੰਕੜਿਆਂ ਮੁਤਾਬਕ ਪੰਜਾਬ ਵਿੱਚ ਸਿਰਫ਼ ਹੁਸ਼ਿਆਰਪੁਰ ਨੂੰ ਛੱਡ ਕੇ ਹੋਰ ਕਿਤੇ ਵੀ ਸਰਕਾਰੀ ਬਿਰਧ ਆਸ਼ਰਮ ਨਹੀਂ ਹੈ। ਇਸ ਸਬੰਧੀ ਉਨ੍ਹਾਂ ਨੇ 2014 ਵਿੱਚ ਸੀਨੀਅਰ ਵਕੀਲ ਰੰਜੀਵਨ ਸਿੰਘ ਰਾਹੀਂ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਖ਼ਲ ਕੀਤੀ। ਕੇਸ ਦੀ ਸੁਣਵਾਈ ਦੌਰਾਨ ਉੱਚ ਅਦਾਲਤ ਨੇ ਇਸ ਵਿੱਚ ਯੂਟੀ ਅਤੇ ਹਰਿਆਣਾ ਨੂੰ ਵੀ ਸ਼ਾਮਲ ਕਰ ਲਿਆ।
ਡਿਪਟੀ ਮੇਅਰ ਨੇ ਦੱਸਿਆ ਕਿ ਕੇਸ ਦਾ ਨਿਪਟਾਰਾ 2020 ਵਿੱਚ ਹੋ ਗਿਆ ਸੀ। ਇਸ ਸਬੰਧੀ ਪੰਜਾਬ ਅਤੇ ਹਰਿਆਣਾ ਸਰਕਾਰਾਂ ਵੱਲੋਂ ਹਲਫ਼ਨਾਮੇ ਦਾਇਰ ਕਰਕੇ ਕ੍ਰਮਵਾਰ ਪੰਜਾਬ ਵਿੱਚ 2022 ਤੱਕ ਅਤੇ ਹਰਿਆਣਾ ਵਿੱਚ 2024 ਤੱਕ ਹਰੇਕ ਜ਼ਿਲ੍ਹੇ ਵਿੱਚ ਬਿਰਧ ਆਸ਼ਰਮ ਬਣਾਉਣ ਦੀ ਗੱਲ ਕਹੀ ਗਈ, ਪ੍ਰੰਤੂ ਬਾਅਦ ਵਿੱਚ ਪੰਜਾਬ ਸਰਕਾਰ ਨੇ ਇਸ ਦਿਸ਼ਾ ਵਿੱਚ ਇੱਕ ਪੁਣੀ ਵੀ ਨਹੀਂ ਕੱਤੀ। ਜਿਸ ਕਾਰਨ ਸਤੰਬਰ 2022 ਵਿੱਚ ਸਬੰਧਤ ਵਿਭਾਗਾਂ ਨੂੰ ਯਾਦ ਪੱਤਰ ਲਿਖੇ। ਜਦੋਂ ਕੋਈ ਤਸੱਲੀਬਖ਼ਸ਼ ਜਵਾਬ ਨਾ ਮਿਲਿਆ ਤਾਂ ਵਿਭਾਗਾਂ ਨੂੰ ਅਦਾਲਤ ਦੀ ਮਾਨਹਾਨੀ ਦਾ ਨੋਟਿਸ ਭੇਜਿਆ ਗਿਆ। ਹੁਣ ਗਮਾਡਾ ਕਰੀਬ ਤਿੰਨ ਏਕੜ ਜ਼ਮੀਨ ਦੇਣ ਲਈ ਰਾਜੀ ਹੋ ਗਿਆ ਹੈ।
ਐਡਵੋਕੇਟ ਰੰਜੀਵਨ ਸਿੰਘ ਨੇ ਦੱਸਿਆ ਕਿ 6 ਸਾਲ ਅਦਾਲਤ ਵਿੱਚ ਕਾਨੂੰਨੀ ਚਾਰਾਜੋਈ ਕੀਤੀ ਅਤੇ ਬਾਅਦ ਵਿੱਚ ਤਿੰਨ ਸਾਲ ਸਬੰਧਤ ਵਿਭਾਗਾਂ ਨਾਲ ਪੇਚਾ ਫਸਿਆ ਰਿਹਾ। ਅੱਜ ਬੜੀ ਖੁਸ਼ੀ ਦਾ ਦਿਨ ਹੈ ਕਿ ਗਮਾਡਾ ਜ਼ਮੀਨ ਦੇਣ ਲਈ ਤਿਆਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਅਜਿਹੇ ਬਜ਼ੁਰਗ ਹਨ ਜੋ ਆਪਣੇ ਬੱਚਿਆਂ ਨਾਲ ਨਹੀਂ ਰਹਿਣਾ ਚਾਹੁੰਦੇ ਜਾਂ ਬੱਚੇ ਮਾਪਿਆਂ ਨੂੰ ਨਾਲ ਰੱਖਣਾ ਨਹੀਂ ਚਾਹੁੰਦੇ। ਜਿਸ ਕਾਰਨ ਬਜੁਰਗ ਇਕੱਲਾਪਣ ਸਮੇਤ ਹੋਰ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਤੋਂ ਪੀੜਤ ਹਨ, ਜਿਨਾਂ ਲਈ ਬਿਰਧ ਆਸ਼ਰਮ ਦੀ ਸਖ਼ਤ ਲੋੜ ਹੈ।
ਸੀਨੀਅਰ ਸਿਟੀਜਨ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਪ੍ਰਿੰਸੀਪਲ ਐਸ ਚੌਧਰੀ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਕਈ ਪਰਿਵਾਰਾਂ ਦੇ ਬਜ਼ੁਰਗ ਅਣਦੇਖੀ ਦਾ ਸ਼ਿਕਾਰ ਹਨ। ਜਿਸ ਕਾਰਨ ਉਹ ਬਿਰਧ ਆਸ਼ਰਮ ਵਿੱਚ ਰਹਿਣਾ ਜ਼ਿਆਦਾ ਪਸੰਦ ਕਰਦੇ ਹਨ। ਉਨ੍ਹਾਂ ਨੇ ਡਿਪਟੀ ਮੇਅਰ ਕੁਲਜੀਤ ਬੇਦੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਬਜ਼ੁਰਗਾਂ ਨੂੰ ਵੱਡੀ ਰਾਹਤ ਮਿਲੇਗੀ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਛੋਟਾ-ਵੱਡਾ ਘੱਲੂਘਾਰਾ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਛੋਟਾ-ਵੱਡਾ ਘੱਲੂਘਾਰਾ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਨਬਜ਼…