ਤਨਖ਼ਾਹ ਕਮਿਸ਼ਨ: ਸਰਕਾਰੀ ਹਸਪਤਾਲ ਦੇ ਡਾਕਟਰਾਂ ਵੱਲੋਂ ਓਪੀਡੀ ਬੰਦ ਕਰਕੇ ਜ਼ਬਰਦਸਤ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੁਲਾਈ:
ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖ਼ਾਹ-ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਡਾਕਟਰਾਂ ਦੇ ਕਾਡਰ ਦਾ ਨਾਨ ਪ੍ਰੈਕਟਿਸਿੰਗ ਭੱਤਾ 25 ਫੀਸਦੀ ਤੋਂ ਘਟਾ ਕੇ 20 ਫੀਸਦੀ ਕਰਨ ਅਤੇ ਇਸ ਨੂੰ ਮੂਲ ਤਨਖ਼ਾਹ ਦਾ ਹਿੱਸਾ ਨਾ ਮੰਨੇ ਜਾਣ ਦੇ ਰੋਸ ਵਜੋਂ ਸਰਕਾਰੀ ਹਸਪਤਾਲਾਂ ਦੇ ਡਾਕਟਰ ਵੀ ਸੜਕਾਂ ’ਤੇ ਉਤਰ ਆਏ ਹਨ। ਸਰਕਾਰੀ ਮੈਡੀਕਲ, ਵੈਟਰਨਰੀ, ਡੈਂਟਲ, ਹੋਮਿਓਪੈਥਿਕ ਅਤੇ ਆਯੁਰਵੈਦਿਕ ਡਾਕਟਰਾਂ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਅੱਜ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਫੇਜ਼-6 ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਹੋਰਨਾਂ ਥਾਵਾਂ ’ਤੇ ਵੀ ਡਾਕਟਰਾਂ ਨੇ ਰੋਸ ਮੁਜ਼ਾਹਰੇ ਕੀਤੇ ਗਏ।
ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਮਨੋਹਰ ਸਿੰਘ ਅਤੇ ਡਾ. ਪਰਮਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੈਡੀਕਲ, ਵੈਟਰਨਰੀ, ਹੋਮਿਓਪੈਥਿਕ, ਡੈਂਟਲ ਤੇ ਆਯੁਰਵੈਦ ਡਾਕਟਰਾਂ ਦਾ ਐੱਨਪੀਏ ਘਟਾਉਣ ਅਤੇ ਇਸ ਨੂੰ ਮੂਲ ਤਨਖ਼ਾਹ ਦਾ ਹਿੱਸਾ ਨਾ ਮੰਨੇ ਜਾਣ ਦੇ ਫ਼ੈਸਲੇ ਨਾਲ ਡਾਕਟਰ ਕਾਡਰ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ ਜਦੋਂਕਿ ਕੋਵਿਡ ਮਹਾਮਾਰੀ ਦੌਰਾਨ ਡਾਕਟਰਾਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਫਰੰਟ ਲਾਈਨ ’ਤੇ ਕੰਮ ਕੀਤਾ ਹੈ ਅਤੇ ਮੌਜੂਦਾ ਸਮੇਂ ਵਿੱਚ ਵੀ ਕਰਦੇ ਆ ਰਹੇ ਹਨ। ਕਰੋਨਾ ਸੰਕਟ ਦੌਰਾਨ ਉਨ੍ਹਾਂ ਦੇ ਕਈ ਡਾਕਟਰ ਸਾਥੀ ਆਪਣੀਆਂ ਜਾਨਾਂ ਵੀ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨਾਲ ਡਾਕਟਰਾਂ ਨੂੰ ਮੋਹਰੀ ਮਾਰ ਪਈ ਹੈ।

ਉਨ੍ਹਾਂ ਕਿਹਾ ਕਿ ਅੱਜ ਸਿਰਫ਼ ਓਪੀਡੀ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ਜਦੋਂਕਿ ਐਮਰਜੈਂਸੀ ਸੇਵਾਵਾਂ ਅਤੇ ਕੋਵਿਡ ਡਿਊਟੀ ਦਿੱਤੀ ਗਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਹੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸਮੁੱਚੇ ਪੰਜਾਬ ਵਿੱਚ ਸਿਹਤ ਸੇਵਾਵਾਂ ਮੁਕੰਮਲ ਠੱਪ ਕੀਤੀਆਂ ਜਾਣਗੀਆਂ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।

Load More Related Articles
Load More By Nabaz-e-Punjab
Load More In Awareness/Campaigns

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…