nabaz-e-punjab.com

ਮੁੱਖ ਮੰਤਰੀ ਵੱਲੋਂ ਰਿਸ਼ਵਤਖੋਰੀ ਦੇ ਦੋਸ਼ ਵਿੱਚ ਪੀਸੀਐਸ ਅਧਿਕਾਰੀ ਟੀਕੇ ਗੋਇਲ ਬਰਖ਼ਾਸਤ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 30 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਪੀ.ਸੀ.ਐਸ. ਅਧਿਕਾਰੀ ਨੂੰ ਬਰਖ਼ਾਸਤ ਕਰਨ ਦੇ ਹੁਕਮ ਦਿੱਤੇ ਹਨ ਜਿਸ ਨੂੰ ਬੀਤੇ ਮਹੀਨੇ ਇਕ ਅਦਾਲਤ ਵੱਲੋਂ ਸਾਲ 2010 ਦੇ ਰਿਸ਼ਤਵਖੋਰੀ ਦੇ ਕੇਸ ਵਿੱਚ ਦੋਸ਼ੀ ਠਹਿਰਾਉਂਦਿਆਂ ਸਜ਼ਾ ਸੁਣਾਈ ਗਈ ਸੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਪੀ.ਸੀ.ਐਸ. ਅਧਿਕਾਰੀ ਟੀ.ਕੇ. ਗੋਇਲ ਨੂੰ ਸਿਵਲ ਸਰਵਿਸ ਰੂਲਜ਼ ਦੀ ਧਾਰਾ 311 ਅਧੀਨ ਬਰਖ਼ਾਸਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਅਧਿਕਾਰੀ ਦੇ ਦੋਸ਼ਾਂ ਦਾ ਗੰਭੀਰ ਨੋਟਿਸ ਲੈਂਦਿਆਂ ਦਫ਼ਤਰ ਤੋਂ ਤੁਰੰਤ ਹਟਾਉਣ ਦੇ ਹੁਕਮ ਦਿੱਤੇ ਹਨ। ਬੁਲਾਰੇ ਨੇ ਦੱਸਿਆ ਕਿ ਪੀ.ਸੀ.ਐਸ. ਅਧਿਕਾਰੀ ਨੂੰ ਅਦਾਲਤ ਵੱਲੋਂ ਰਿਸ਼ਵਤ ਦੇ ਕੇਸ ਵਿੱਚ ਬੀਤੇ ਮਹੀਨੇ ਤਿੰਨ ਸਾਲਾਂ ਦੀ ਸਖ਼ਤ ਸਜ਼ਾ ਦਿੱਤੀ ਗਈ ਸੀ।
ਵੱਢੀਖੋਰੀ ਦਾ ਇਹ ਮਾਮਲਾ ਅਨੁਸੂਚਿਤ ਜਾਤੀਆਂ/ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਵਿਭਾਗ ਵਿੱਚ ਉਸ ਦੇ ਸੰਯੁਕਤ ਸਕੱਤਰ ਹੁੰਦਿਆਂ ਵਾਪਰਿਆ ਹੋਇਆ ਸੀ। ਕਪੂਰਥਲਾ ਜ਼ਿਲ੍ਹੇ ਵਿੱਚ ਪਿੰਡ ਬੇਗੋਵਾਲ ਦੇ ਜੌਰਜ ਸ਼ੰਭੂ ਵੱਲੋਂ ਕੀਤੀ ਸ਼ਿਕਾਇਤ ਦੇ ਅਧਾਰ ’ਤੇ ਇਸ ਪੀ.ਸੀ.ਐਸ. ਅਧਿਕਾਰੀ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਅਧੀਨ 8 ਸਤੰਬਰ, 2010 ਵਿੱਚ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਉਸ ਦੇ ਦਫ਼ਤਰ ਵਿੱਚ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਜਾਰੀ ਕਰਨ ਲਈ 50 ਹਜ਼ਾਰ ਰੁਪਏ ਲੈਂਦਿਆਂ ‘ਰੰਗੇ ਹੱਥੀਂ’ ਕਾਬੂ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। 1995 ਬੈਚ ਦਾ ਇਹ ਅਧਿਕਾਰੀ ਇਸ ਵੇਲੇ ਰਾਸ਼ਟਰੀਆ ਉਚਤਰ ਸ਼ਿਕਸ਼ਾ ਅਭਿਆਨ (ਰੂਸਾ) ਦੇ ਪ੍ਰਾਜੈਕਟ ਡਾਇਰੈਕਟਰ ਵਜੋਂ ਤਾਇਨਾਤ ਸੀ ਜਿਸ ਕੋਲ ਸੰਯੁਕਤ ਸਕੱਤਰ ਉਚੇਰੀ ਸਿੱਖਿਆ ਦਾ ਵਾਧੂ ਚਾਰਜ ਵੀ ਸੀ।
ਮੁੱਖ ਮੰਤਰੀ ਜਿਨ੍ਹਾਂ ਦਾ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਸਟੈਂਡ ਹੈ, ਨੇ ਸਾਫ-ਸੁਥਰੀ ਤੇ ਪਾਰਦਰਸ਼ੀ ਸਰਕਾਰ ਚਲਾਉਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਭ੍ਰਿਸ਼ਟਾਚਾਰ ਨਾਲ ਲਿਪਤ ਕਿਸੇ ਵੀ ਵਿਅਕਤੀ ਲਈ ਉਨ੍ਹਾਂ ਦੇ ਸ਼ਾਸਨ ਵਿੱਚ ਕੋਈ ਥਾਂ ਨਹੀਂ ਹੈ। ਮੁੱਖ ਮੰਤਰੀ ਨੇ ਸਮੁੱਚੇ ਮਾਮਲਿਆਂ ’ਤੇ ਬਿਨਾਂ ਕਿਸੇ ਸਮਝੌਤੇ ਤੋਂ ਕਾਨੂੰਨ ਦਾ ਪਾਲਣ ਸਖ਼ਤੀ ਨਾਲ ਕਰਨ ਦੇ ਨਿਰਦੇਸ਼ ਦਿੱਤੇ ਹਨ ਕਿਉਂ ਜੋ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਇਮਾਨਦਾਰ ਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਪ੍ਰਗਟਾਈ ਹੈ। ਉਨ੍ਹਾਂ ਨੇ ਇਕ ਵਾਰ ਫੇਰ ਇਨ੍ਹਾਂ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਣ ਦੀ ਚਿਤਾਵਨੀ ਦਿੱਤੀ ਹੈ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…