nabaz-e-punjab.com

ਪਰਲਜ਼ ਗਰੁੱਪ ਘੁਟਾਲਾ: ਵਿਜੀਲੈਂਸ ਵੱਲੋਂ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿੱਚ ਸੀਏ ਗ੍ਰਿਫ਼ਤਾਰ

ਮੁਲਜ਼ਮ ਸੀਏ ਦੀ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਥਾਣਾ ਮੁਹਾਲੀ ਵਿੱਚ ਦਰਜ ਪਰਚੇ ਵਿੱਚ ਪਾਈ ਗ੍ਰਿਫ਼ਤਾਰੀ

ਨਬਜ਼-ਏ-ਪੰਜਾਬ, ਮੁਹਾਲੀ, 18 ਜੁਲਾਈ:
ਪੰਜਾਬ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐਲ.) ਘੁਟਾਲੇ ਦੇ ਮਾਮਲੇ ਵਿੱਚ ਲੁਧਿਆਣਾ ਦੇ ਚਾਰਟਰਡ ਅਕਾਊਂਟੈਂਟ (ਸੀਏ) ਜਸਵਿੰਦਰ ਸਿੰਘ ਡਾਂਗ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਸੀਏ ’ਤੇ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦਾ ਦੋਸ਼ ਹੈ। ਮੁੱਖ ਮੰਤਰੀ ਦੇ ਹੁਕਮਾਂ ’ਤੇ ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਜ਼ਮੀਨ ਘੁਟਾਲੇ ਦੀ ਵੱਖ-ਵੱਖ ਪਹਿਲੂਆਂ ’ਤੇ ਡੂੰਘਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਵਿੰਗ ਥਾਣਾ ਮੁਹਾਲੀ ਵਿੱਚ ਬੀਤੀ 21 ਫਰਵਰੀ 2023 ਨੂੰ ਧਾਰਾ 406, 420, 465, 467, 468, 471, 384, 120-ਬੀ ਅਧੀਨ ਤਹਿਤ ਦਰਜ ਮਾਮਲੇ ਦੀ ਜਾਂਚ ਉਪਰੰਤ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਏ.ਸੀ.ਐਲ. ਦੀ ਐਕਸਟਰਾ ਅੌਰਡਨਰੀ ਜਨਰਲ ਮੀਟਿੰਗ (ਈ.ਓ.ਜੀ.ਐਮ) ਜੈਪੁਰ (ਰਾਜਸਥਾਨ) ਵਿੱਚ ਇਸ ਦੇ ਰਜਿਸਟਰਡ ਦਫ਼ਤਰ ਵਿੱਚ ਹੋਈ ਦਿਖਾਈ ਗਈ ਸੀ, ਜਦੋਂਕਿ ਇਹ ਦਫ਼ਤਰ 7-8 ਸਾਲਾਂ ਤੋਂ ਬੰਦ ਪਿਆ ਸੀ ਅਤੇ ਫ਼ਰਜ਼ੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਪੀ.ਏ.ਸੀ.ਐਲ. ਦੇ ਤਿੰਨ ਨਵੇਂ ਡਾਇਰੈਕਟਰਾਂ ਦੀ ਨਿਯੁਕਤੀ ਵੀ ਕੀਤੀ ਗਈ ਸੀ। ਚਾਰਟਰਡ ਅਕਾਊਂਟੈਂਟ ਜਸਵਿੰਦਰ ਸਿੰਘ ਡਾਂਗ ਨੇ ਸਹਿ ਮੁਲਜ਼ਮਾਂ ਨਾਲ ਸਾਜ਼ਿਸ਼ ਰਚ ਕੇ ਫ਼ਰਜ਼ੀ ਦਸਤਾਵੇਜ਼ ਤਸਦੀਕ ਕੀਤੇ ਗਏ ਅਤੇ ਤਿੰਨ ਨਵੇਂ ਡਾਇਰੈਕਟਰਾਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੀ ਨਿਯੁਕਤੀ ਸਬੰਧੀ ਦਸਤਾਵੇਜ਼ ਕਾਰਪੋਰੇਟ ਮਾਮਲਿਆਂ ਬਾਰੇ ਮੰਤਰਾਲੇ ਦੀ ਵੈੱਬਸਾਈਟ ’ਤੇ ਅਪਲੋਡ ਕੀਤੇ ਗਏ ਸਨ। ਹਾਲਾਂਕਿ ਸਚਾਈ ਇਹ ਹੈ ਕਿ ਉਸ ਨੂੰ ਪਤਾ ਸੀ ਕਿ ਇਹ ਮੀਟਿੰਗ ਅਸਲ ਵਿੱਚ ਹੋਈ ਹੀ ਨਹੀਂ ਸੀ।
ਵਿਜੀਲੈਂਸ ਦੀ ਜਾਣਕਾਰੀ ਅਨੁਸਾਰ ਉਹ ਇਸ ਗੱਲ ਤੋਂ ਵੀ ਭਲੀ-ਭਾਂਤ ਜਾਣੂ ਸੀ ਕਿ ਲਗਪਗ 5 ਕਰੋੜ ਗ਼ਰੀਬ ਅਤੇ ਭੋਲੇ-ਭਾਲੇ ਨਿਵੇਸ਼ਕਾਂ ਨੇ ਪਰਲਜ਼ ਗਰੁੱਪ ਪ੍ਰਾਜੈਕਟਾਂ ਵਿੱਚ ਲਗਭਗ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਜ਼ਿਕਰਯੋਗ ਹੈ ਕਿ ਮੁਹਾਲੀ ਸ਼ਹਿਰੀ ਖੇਤਰ ਹੋਰ ਆਸਪਾਸ ਪੇਂਡੂ ਇਲਾਕਿਆਂ ਵਿੱਚ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਵਿਕਰੀ ਤੋਂ ਹੋਣ ਵਾਲੀ ਕਮਾਈ ਪੀ.ਏ.ਸੀ.ਐਲ. ਵਿੱਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਲਈ ਸੁਪਰੀਮ ਕੋਰਟ ਦੇ ਹੁਕਮਾਂ ਉੱਤੇ ਸੇਬੀ ਵੱਲੋਂ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਕਮੇਟੀ ਵੀ ਗਠਿਨ ਕੀਤੀ ਗਈ ਹੈ। ਕੰਪਨੀ ਦੇ ਐਮਡੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਰੀਅਲ ਅਸਟੇਟ ਦੇ ਕਾਰੋਬਾਰ ਨਾਲ ਜੁੜੇ ਕੁੱਝ ਵਿਅਕਤੀ ਲੁਕਵੇਂ ਢੰਗ ਨਾਲ ਪਰਲਜ਼ ਗਰੁੱਪ ਦੀ ਜ਼ਮੀਨ ਵੇਚਣ ਅਤੇ ਹੜੱਪਣ ਦੀ ਤਾਕ ਵਿੱਚ ਹਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…