ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ ਜਾਰੀ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਨਬਜ਼-ਏ-ਪੰਜਾਬ, ਮੁਹਾਲੀ, 7 ਦਸੰਬਰ:
ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਸਿਵਲ ਸਰਜਨ ਦਫ਼ਤਰ ਮੁਹਾਲੀ ਅਤੇ ਜ਼ਿਲ੍ਹਾ ਸਿਹਤ ਵਿਭਾਗ ਅਧੀਨ ਵੱਖ-ਵੱਖ ਦਫ਼ਤਰਾਂ ਵਿੱਚ ਮੁਲਾਜ਼ਮਾਂ ਦੀ ਲੜੀਵਾਰ ‘ਕਲਮ-ਛੋੜ’ ਹੜਤਾਲ ਜਾਰੀ ਹੈ। ਅੱਜ ਸਿਵਲ ਸਰਜਨ ਦਫ਼ਤਰ ਦੇ ਬਾਹਰ ਕਰਮਚਾਰੀਆਂ ਨੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਰਕਾਰ ਦੀ ਜ਼ਿੱਦ ਅਤੇ ਅਣਗਹਿਲੀ ਕਾਰਨ ਮੁਲਾਜ਼ਮਾਂ ਨੂੰ ਹੜਤਾਲ ’ਤੇ ਜਾਣਾ ਪਿਆ ਹੈ ਪ੍ਰੰਤੂ ਸਿਹਤ ਕਰਮਚਾਰੀਆਂ ਦੇ ਪ੍ਰਦਰਸ਼ਨ ਦੇ ਬਾਵਜੂਦ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਜਿਸ ਕਾਰਨ ਲੋਕ ਖੱਜਲ-ਖੁਆਰ ਹੋ ਰਹੇ ਹਨ।
ਵੱਖ-ਵੱਖ ਬੁਲਾਰਿਆਂ ਨੇ ਮੁਲਾਜ਼ਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਭੱਤੇ ਦੀ ਅਦਾਇਗੀ, ਪੁਰਾਣੀ ਪੈਨਸ਼ਨ ਤੇ ਹੋਰ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ। ਉਧਰ, ਮਨਿਸਟਰੀਅਲ ਮੁਲਾਜ਼ਮ ਯੂਨੀਅਨ ਦੀ ਹੜਤਾਲ ਨੂੰ ਪੀਸੀਐਮਐਸ ਐਸੋਸੀਏਸ਼ਨ, ਮਾਸ ਮੀਡੀਆ ਐਸੋਸੀਏਸ਼ਨ, ਫਾਰਮੇਸੀ ਐਸੋਸੀਏਸ਼ਨ, ਮੈਡੀਕਲ ਲੈਬ ਐਸੋਸੀਏਸ਼ਨ, ਹੈਲਥ ਇੰਸਪੈਕਟਰ, ਵਰਕਰ ਐਸੋਸੀਏਸ਼ਨ, ਪੈਰਾ ਮੈਡੀਕਲ, ਡਰਾਈਵਰ ਯੂਨੀਅਨ ਤੇ ਦਰਜਾ ਚਾਰ ਮੁਲਾਜ਼ਮ ਯੂਨੀਅਨ ਸਮੇਤ ਸਾਰਿਆਂ ਨੇ ਪਹਿਲਾਂ ਹੀ ਸਮਰਥਨ ਦਿੱਤਾ ਹੋਇਆ ਹੈ।
ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦੀਵਾਲੀ ਮੌਕੇ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਨਹੀਂ ਕੀਤੀ। ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਤੇ ਗੁੱਸਾ ਹੈ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਬਹਾਲੀ, ਬੰਦ ਕੀਤੇ ਗਏ ਵੱਖ-ਵੱਖ ਭੱਤੇ ਮੁੜ ਚਾਲੂ ਕਰਵਾਉਣ ਸਮੇਤ ਹੋਰ ਕਈ ਮੰਗਾਂ ਕਾਫ਼ੀ ਸਮੇਂ ਤੋਂ ਲਟਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਿਹਤ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਸਾਂਝਾ ਮੁਲਾਜ਼ਮ ਮੰਚ ਦੇ ਫ਼ੈਸਲੇ ਮੁਤਾਬਕ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਮੁਲਾਜ਼ਮ ਆਗੂ ਦਵਿੰਦਰ ਸਿੰਘ, ਦਿਲਬਾਗ ਸਿੰਘ, ਰਣਧੀਰ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

India Needs Next Generation Leaders: Jagdeep Dhankhar

India Needs Next Generation Leaders: Jagdeep Dhankhar Nabaz-e-Punjab, Mohali, October 18: …