nabaz-e-punjab.com

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਬੰਧੀ ਬਕਾਇਆ ਫੰਡ ਜਲਦੀ ਰਿਲੀਜ਼ ਕੀਤੇ ਜਾਣਗੇ: ਧਰਮਸੋਤ

ਪੰਜਾਬ ਦੇ ਵੱਖ-ਵੱਖ ਪ੍ਰਾਈਵੇਟ ਕਾਲਜਾਂ ਦੀਆਂ ਐਸੋਸੀਏਸ਼ਨਾਂ ਦੇ ਵਫ਼ਦ ਨੇ ਕੀਤੀ ਭਲਾਈ ਮੰਤਰੀ ਨਾਲ ਅਹਿਮ ਮੁਲਾਕਾਤ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 31 ਮਈ:
ਪੰਜਾਬ ਦੇ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼ੇ੍ਰਣੀਆਂ ਦੇ ਵਿਦਿਆਰਥੀਆਂ ਨਾਲ ਸਬੰਧਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਬਕਾਇਆ ਫੰਡ ਜਲਦ ਹੀ ਜਾਰੀ ਕਰ ਦਿੱਤੇ ਜਾਣਗੇ। ਅੱਜ ਇੱਥੇ ਪੰਜਾਬ ਦੀਆਂ ਵੱਖ-ਵੱਖ ਅਨਏਡਿਡ ਕਾਲਜਾਂ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਸ. ਧਰਮਸੋਤ ਨੇ ਕਿਹਾ ਕਿ ਉਨ੍ਹਾਂ ਵਲੋਂ ਪਿਛਲੇ ਦਿਨੀਂ ਕੇਂਦਰੀ ਸਮਾਜਿਕ ਨਿਆਂ ਤੇ ਸ਼ਸ਼ਕਤੀਕਰਨ ਮੰਤਰੀ ਸ੍ਰੀ ਥਾਵਰ ਚੰਦ ਗਹਿਲੋਤ ਅਤੇ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨਾਲ ਮੁਲਾਕਾਤ ਕੀਤੀ ਗਈ ਸੀ, ਜਿਸ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਨਾਲ ਸਬੰਧਤ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼ੇ੍ਰਣੀਆਂ ਦੇ ਵਿਦਿਆਰਥੀਆਂ ਨਾਲ ਸਬੰਧਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਬਕਾਇਆ ਫੰਡ ਜਲਦੀ ਹੀ ਜਾਰੀ ਕੀਤੇ ਜਾਣ ਦਾ ਭਰੋਸਾ ਦਿੱਤਾ ਸੀ।
ਇਸ ਤੋਂ ਪਹਿਲਾਂ ਪੰਜਾਬ ਅਨਏਡਿਡ ਕਾਲਜਿਜ ਐਸੋਸੀਏਸ਼ਨ ਦੇ ਮੈਂਬਰਾਂ ਨੇ ਕੇਂਦਰ ਸਰਕਾਰ ਤੋ ਸੂਬੇ ਦੀ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਅਧੀਨ ਸਾਲ 2015-16 ਦੇ ਲਈ ਐਸ.ਸੀ. ਵਿਦਿਆਰਥੀਆਂ ਦੇ ਲੰਬਿਤ 350 ਕਰੋੜ ਅਤੇ ਸਾਲ 2016-17 ਦੇ 500 ਕਰੋੜ ਤੋਂ ਵੱਧ ਰਾਸ਼ੀ ਨੂੰ ਜਲਦ ਜਾਰੀ ਕਰਾਉਣ ਲਈ ਭਲਾਈ ਮੰਤਰੀ ਤੋਂ ਮੰਗ ਕੀਤੀ। ਐਸੋਸੀਏਸ਼ਨ ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ ਅਤੇ ਨਰਸਿੰਗ ਕਾਲਜ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਕਈ ਸਾਲਾਂ ਤੋ ਪੰਜਾਬ ਦੀ ਓ.ਬੀ.ਸੀ ਵਿਦਿਆਰਥੀਆਂ ਦੀ ਸਕਾਲਰਸ਼ਿਪ ਦੀ ਰਾਸ਼ੀ ਪੂਰੀ ਜਾਰੀ ਨਹੀਂ ਕੀਤੀ ਗਈ ਜਦ ਕਿ ਬਿਹਾਰ, ਹਿਮਾਚਲ ਪ੍ਰਦੇਸ਼ ਸਮੇਤ ਦੇਸ਼ ਦੇ ਹੋਰ ਸੂਬੇ ਸੰਪੂਰਨ ਟਿਊਸ਼ਨ ਫ਼ੀਸ ਲਗਾਤਾਰ ਰਿਲੀਜ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਓ.ਬੀ.ਸੀ ਰਾਸ਼ੀ ਰਿਲੀਜ਼ ਨਾ ਹੋਣ ਕਰਕੇ ਕਾਲਜ ਭਾਰੀ ਵਿੱਤੀ ਸੰਕਟ ਵਿੱਚ ਹਨ। ਵੱਖ-ਵੱਖ ਐਸੋਸੀਏਸ਼ਨਾਂ ਦੇ ਇਨ੍ਹਾਂ ਨੁਮਾਇੰਦਿਆਂ ਨੇ ਭਲਾਈ ਮੰਤਰੀ ਨੂੰ ਵਿਸਥਾਰ ਪੂਰਵਕ ਆਪਣੀਆਂ ਸਮੱਸਿਆਵਾਂ ਤੇ ਮੰਗਾਂ ਬਾਰੇ ਦੱਸਿਆ। ਜਿਨ੍ਹਾਂ ਨੂੰ ਧਰਮਸੋਤ ਨੇ ਨਿਯਮਾਂ ਅਨੁਸਾਰ ਛੇਤੀ ਤੋਂ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ, ਦਵਿੰਦਰ ਸਿੰਘ ਘੁਬਾਇਆ ਐਮ.ਐਲ.ਏ., ਫਾਜ਼ਿਲਕਾ, ਪੰਜਾਬ ਡੈਂਟਲ ਕਾਲਜ ਐਸੋਸੀਏਸ਼ਨ ਦੇ ਪ੍ਰਧਾਨ ਲੈਫ਼. ਕਰਨਲ ਜੀ.ਐਸ. ਸੰਧੂ ਅਤੇ ਬੀ.ਐੱਡ ਕਾਲਜ ਐਸੋਸੀਏਸ਼ਨ ਦੇ ਪ੍ਰਧਾਨ ਜਸਨੀਕ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In Important Stories

Check Also

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਮਲਾਵਰਾਂ ਨੇ ਕਿੱਥੇ ਛੁਪਾਏ ਹਥਿਆਰ?

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਮਲਾਵਰਾਂ ਨੇ ਕਿੱਥੇ ਛੁਪਾਏ ਹਥਿਆਰ? ਗੈਂਗਸਟਰ ਗੋਲਡੀ ਬਰਾੜ ਦੇ ਜੀਜਾ ਗ…