
ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਜਤਿੰਦਰ ਸਿੰਘ ਦੀ ਮਾਂ ਨੂੰ ਦਿੱਤਾ ਪੈਨਸ਼ਨ ਦਾ ਚੈੱਕ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਾਰਚ:
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸਪੀ ਸਿੰਘ ਓਬਰਾਏ ਦੀ ਅਗਵਾਈ ਦੇ ਹੇਠ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਕਿਸਾਨੀ ਸੰਘਰਸ਼ ਦੌਰਾਨ ਸਿੰਘੂ ਬਾਰਡਰ ਉੱਤੇ ਸ਼ਹੀਦ ਹੋਣ ਵਾਲੇ ਪਰਿਵਾਰਾਂ ਦੇ ਆਸ਼ਰਿਤਾਂ ਨੂੰ ਪੈਨਸ਼ਨ ਸਕੀਮ ਸ਼ੁਰੂ ਕੀਤੀ ਗਈ ਹੈ। ਜਿਸ ਦੇ ਤਹਿਤ ਜ਼ਿਲ੍ਹਾ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਲਜੀਤ ਸਿੰਘ ਰੂਬੀ ਨੇ ਸਿੰਘੂ ਬਾਰਡਰ ’ਤੇ ਸ਼ਹੀਦ ਹੋਣ ਵਾਲੇ ਮੁਹਾਲੀ ਇਲਾਕੇ ਦੇ ਨੌਜਵਾਨ ਜਤਿੰਦਰ ਸਿੰਘ ਰਾਏਪੁਰ ਕਲਾਂ ਦੀ ਮਾਤਾ ਬਲਜੀਤ ਕੌਰ ਨੂੰ ਪੈਨਸ਼ਨ ਦਾ ਚੈੱਕ ਦਿੱਤਾ ਗਿਆ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਇਕ ਮੀਟਿੰਗ ਦੌਰਾਨ ਬਲਜੀਤ ਕੌਰ ਦੇ ਨਾਲ ਸ਼ਹੀਦ ਜਤਿੰਦਰ ਸਿੰਘ ਦੇ ਭਰਾ ਹਰਿੰਦਰ ਸਿੰਘ, ਪਿਤਾ ਸ਼ਰਨਜੀਤ ਸਿੰਘ ਵੀ ਹਾਜ਼ਰ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੰਵਲਜੀਤ ਸਿੰਘ ਰੂਬੀ ਨੇ ਕਿਹਾ ਕਿ ਸੰਸਥਾ ਵੱਲੋਂ ਡਾ. ਐਸਪੀ ਸਿੰਘ ਓਬਰਾਏ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਜ ਸੇਵਾ ਦੇ ਵੱਖ-ਵੱਖ ਖੇਤਰਾਂ ਵਿੱਚ ਟਰੱਸਟ ਦੀ ਤਰਫ਼ੋ ਸਕੀਮਾਂ ਸ਼ੁਰੂ ਕੀਤੀਆਂ ਹਨ, ਜਿਸ ਦੇ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਅਤੇ ਮੁਹਾਲੀ ਸ਼ਹਿਰ ਵਿੱਚ ਸਿਲਾਈ-ਕਢਾਈ ਕੋਰਸ ਕਰਵਾ ਕੇ ਲੜਕੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਦੇ ਲਈ ਸਿਲਾਈ ਸੈਂਟਰ ਅਤੇ ਕੰਪਿਊਟਰ ਸੈਂਟਰ ਵੀ ਖੋਲ੍ਹੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਛੇਤੀ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਚਲਾਏ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਹਾਜ਼ਰ ਮੈਂਬਰਾਂ ਦੇ ਕੋਲੋਂ ਟਰੱਸਟ ਦੀਆਂ ਸਕੀਮਾਂ ਨੂੰ ਹੋਰ ਲੋਕਾਂ ਤੱਕ ਪੁੱਜਦਾ ਕਰਨ ਦੇ ਸੁਝਾਅ ਮੰਗੇ ਜਾਣਗੇ। ਇਸ ਮੌਕੇ ਗੁਰਪ੍ਰਤਾਪ ਸਿੰਘ ਅਨਮੋਲ, ਬਲਜੀਤ ਸਿੰਘ ਕਾਹਲੋਂ, ਸੁਖਦੇਵ ਸਿੰਘ ਲਾਂਡਰਾਂ, ਕਮਲ ਖਰੜ ਅਤੇ ਰਣਜੀਤ ਸਿੰਘ ਰਾਏਪੁਰ ਕਲਾਂ ਵੀ ਹਾਜ਼ਰ ਸਨ।