nabaz-e-punjab.com

ਦੇਸ਼ ਦੇ ਲੋਕ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ: ਰਾਮ ਵਿਲਾਸ ਪਾਸਵਾਨ

ਫਸਲਾਂ ਦਾ ਸਮਰਥਨ ਮੁੱਲ: ਮੋਦੀ ਸਰਕਾਰ ਦੇ ਫੈਸਲੇ ਨਾਲ ਕਿਸਾਨ ਖ਼ੁਦਕੁਸ਼ੀਆਂ ਨੂੰ ਠੱਲ੍ਹ ਪਵੇਗੀ: ਪਾਸਵਾਨ
ਪਹਿਲੀਆਂ ਸਰਕਾਰਾਂ ਵੱਲੋਂ ਨਿਗੂਣਾ ਵਾਧਾ ਕਰਕੇ ਦੇਸ਼ ਦੇ ਅੰਨਦਾਤਾ ਨਾਲ ਕੀਤਾ ਜਾਂਦਾ ਰਿਹਾ ਹੈ ਕੋਝਾ ਮਜ਼ਾਕ
ਲੋਕ ਸਭਾ ਚੋਣਾਂ ਸਮੇਂ ਵਿੱਚ ਵਿਰੋਧੀਆਂ ਪਾਰਟੀਆਂ ਦੇ ਸਾਰੇ ਭੁਲੇਖੇ ਦੂਰ ਕਰ ਦਿੱਤੇ ਜਾਣਗੇ:

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਗਸਤ:
ਕੇਂਦਰੀ ਖ਼ੁਰਾਕ, ਖ਼ਪਤਕਾਰ ਮਾਮਲਿਆਂ ਤੇ ਜਨਤਕ ਵੰਡ ਪ੍ਰਣਾਲੀ ਬਾਰੇ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਕਣਕ ਅਤੇ ਹੋਰ ਫਸਲਾਂ ਦੇ ਸਮਰਥਨ ਮੁੱਲ ਵਿੱਚ ਕੀਤੇ ਭਾਰੀ ਵਾਧੇ ਨੂੰ ਕੇਂਦਰ ਸਰਕਾਰ ਦਾ ਇਤਿਹਾਸਕ ਫੈਸਲਾ ਦੱਸਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨ ਖ਼ੁਦਕੁਸ਼ੀਆਂ ਨੂੰ ਠੱਲ੍ਹ ਪਵੇਗੀ ਅਤੇ ਕਿਸਾਨ ਆਰਥਿਕ ਪੱਖੋਂ ਮਜ਼ਬੂਤ ਹੋਵੇਗਾ ਜਦੋਂਕਿ ਇਸ ਤੋਂ ਪਹਿਲਾਂ ਸਰਕਾਰਾਂ ਨੇ ਹਮੇਸ਼ਾ ਹੀ ਨਿਗੂਣਾ ਵਾਧਾ ਕਰਕੇ ਦੇਸ਼ ਦੇ ਅੰਨਦਾਤਾ ਨਾਲ ਕੋਝਾ ਮਜ਼ਾਕ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੋਦੀ ਸਰਕਾਰ ਨੇ ਪਹਿਲਕਦਮੀ ਕਰਦਿਆਂ ਗਰੀਬ ਲੋਕਾਂ ਨੂੰ ਦੋ ਵਕਤ ਦੀ ਰੋਟੀ ਮੁਹੱਈਆ ਕਰਵਾਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕਰੀਬ ਸਾਢੇ 5 ਲੱਖ ਸਰਕਾਰੀ ਰਾਸ਼ਨ ਦੇ ਡਿੱਪੂ ਹਨ ਅਤੇ 23 ਕਰੋੜ ਕਾਰਡ ਧਾਰਕ ਹਨ। ਇਨ੍ਹਾਂ ਡਿੱਪੂਆਂ ’ਤੇ ਗਰੀਬ ਲੋਕਾਂ ਨੂੰ ਵੱਖ ਵੱਖ ਤਰ੍ਹਾਂ ਦਾ ਸਸਤਾ ਰਾਸ਼ਨ ਦਿੱਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਹ ਯੋਜਨਾ ਲਗਾਤਾਰ ਜਾਰੀ ਰਹੇਗੀ।
ਮੁਹਾਲੀ ਵਿੱਚ ਸੇਵਾਮੁਕਤ ਸੀਨੀਅਰ ਆਈਏਐਸ ਜਗਜੀਤ ਸਿੰਘ ਦੀ ਅੰਤਿਮ ਅਰਦਾਸ਼ ਵਿੱਚ ਸ਼ਾਮਲ ਹੋਣ ਆਏ ਸ੍ਰੀ ਰਾਮ ਵਿਲਾਸ ਪਾਸਵਾਨ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਾਂਗਰਸ ਅਤੇ ਸਹਿਯੋਗੀ ਪਾਰਟੀਆਂ ਨੂੰ ਮੁੱਦਾਹੀਣ ਕਰਾਰ ਦਿੰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਸਮੇਂ ਵਿੱਚ ਵਿਰੋਧੀਆਂ ਪਾਰਟੀਆਂ ਦੇ ਸਾਰੇ ਭੁਲੇਖੇ ਦੂਰ ਕਰ ਦਿੱਤੇ ਜਾਣਗੇ। ਕੇਂਦਰ ਸਰਕਾਰ ਗਰੀਬਾਂ ਦੀ ਸਰਕਾਰ ਹੈ ਅਤੇ ਦੇਸ਼ ਦੇ ਲੋਕ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅੱਜ ਖ਼ੁਦ ਨੂੰ ਦਲਿਤਾਂ ਦੀ ਹਮਦਰਦ ਦੱਸ ਰਹੀ ਹੈ ਪ੍ਰੰਤੂ ਆਜ਼ਾਦੀ ਤੋਂ ਬਾਅਦ ਹੁਣ ਤੱਕ ਕਾਂਗਰਸੀ ਸਰਕਾਰਾਂ ਨੇ ਦਲਿਤਾਂ ਦੇ ਵਿਕਾਸ ਲਈ ਕੁਝ ਨਹੀਂ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਲੰਮਾ ਸਮਾਂ ਦੇਸ਼ ’ਤੇ ਹਕੂਮਤ ਵਾਲੀ ਕਾਂਗਰਸ ਨੇ ਹਮੇਸ਼ਾ ਹੀ ਦਲਿਤਾਂ ਨੂੰ ਵੋਟ ਬੈਂਕ ਵਜੋ ਵਰਤਿਆ ਹੈ ਪ੍ਰੰਤੂ ਬਦਲੇ ਵਿੱਚ ਕਦੇ ਗਰੀਬਾਂ ਦਾ ਭਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਕੇਂਦਰੀ ਕੈਬਨਿਟ ਨੇ ਐੱਸਸੀ-ਐਸਟੀ ਜ਼ੁਲਮ ਰੋਕੂ ਐਕਟ ਦੇ ਮੁੱਢਲੇ ਪ੍ਰਬੰਧਾਂ ਨੂੰ ਬਹਾਲ ਕਰਨ ਲਈ ਬਿਲ ਸੰਸਦ ਵਿੱਚ ਪੇਸ਼ ਕਰਨ ਦੀ ਤਜਵੀਜ਼ ਨੂੰ ਮਨਜ਼ੂਰੀ ਦੇ ਕੇ ਗਰੀਬਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਹੈ। ਉਨ੍ਹਾਂ ਦੱਸਿਆ ਕਿ ਐੱਸਸੀ-ਐਸਟੀ (ਜ਼ੁਲਮ ਰੋਕੂ) ਸੋਧ ਬਿਲ ਸੰਸਦ ਦੇ ਚਾਲੂ ਮੌਨਸੂਨ ਸੈਸ਼ਨ ਦੌਰਾਨ ਪੇਸ਼ ਕੀਤਾ ਜਾਵੇਗਾ। ਇੱਕ ਸਵਾਲ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਨੇ ਕਿਹਾ ਕਿ ਸੰਵਿਧਾਨ ਦੇ ਤਹਿਤ ਸਰਕਾਰ ਨੂੰ ਇਹ ਵੀ ਅਧਿਕਾਰ ਹੈ ਕਿ ਸਰਕਾਰ ਲੋਕ ਹਿੱਤ ਵਿੱਚ ਕੋਈ ਵੀ ਵਿਸ਼ੇਸ਼ ਕਾਨੂੰਨ ਬਣਾ ਸਕਦੀ ਹੈ।
ਸ੍ਰੀ ਪਾਸਵਾਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਕੇਂਦਰੀ ਜਮਹੂਰੀ ਗੱਠਜੋੜ ਤਿਆਰ-ਬਰ-ਤਿਆਰ ਹੈ, ਭਾਵੇਂ ਅੱਜ ਚੋਣਾਂ ਹੋ ਜਾਣ। ਇਹ ਚੋਣਾਂ ਵਿਕਾਸ ਦੇ ਮੁੱਦੇ ’ਤੇ ਲੜੀਆਂ ਜਾਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਆਗੂ ਨਰਿੰਦਰ ਮੋਦੀ ਹੀ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ। ਉਂਜ ਵੀ ਕਾਂਗਰਸ ਅਤੇ ਸਹਿਯੋਗੀ ਪਾਰਟੀਆਂ ਕੋਲ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਨਰਿੰਦਰ ਮੋਦੀ ਦੇ ਮੁਕਾਬਲੇ ਕੋਈ ਵਧੀਆ ਚਿਹਰਾ ਨਹੀਂ ਹੈ। ਇਸ ਮੌਕੇ ਸਾਬਕਾ ਫੂਡ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਕੈਰੋਂ, ਸਰਵਣ ਸਿੰਘ ਫਿਲੌਰ, ਮੇਅਰ ਕੁਲਵੰਤ ਸਿੰਘ, ਸੀਨੀਅਰ ਅਕਾਲੀ ਆਗੂ ਕਿਰਨਬੀਰ ਸਿੰਘ ਕੰਗ, ਰਣਜੀਤ ਸਿੰਘ ਗਿੱਲ, ਜਥੇਦਾਰ ਬਲਜੀਤ ਸਿੰਘ ਕੁੰਭੜਾ, ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ, ਜਨਤਾ ਲੈਂਡ ਪ੍ਰਮੋਟਰਜ਼ ਦੇ ਡਾਇਰੈਕਟਰ ਪਰਮਜੀਤ ਸਿੰਘ, ਡਾ. ਐਸ.ਐਸ. ਭੰਵਰਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…