
ਪੰਜਾਬ ਦੇ ਲੋਕਾਂ ਨੇ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ‘ਆਪ’ ਦੇ ਹੱਕ ’ਚ ਦਿੱਤਾ ਫਤਵਾ: ਕੁਲਵੰਤ ਸਿੰਘ
ਸ਼ਹਿਰ ਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਨਵਾਂ ਮਾਸਟਰ ਪਲਾਨ ਤਿਆਰ ਕੀਤਾ ਜਾਵੇਗਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਾਰਚ:
ਮੁਹਾਲੀ ਹਲਕੇ ਤੋਂ ਚੋਣ ਜਿੱਤ ਕੇ ਪਹਿਲੀ ਵਾਰ ਵਿਧਾਇਕ ਚੁਣੇ ਗਏ ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਇਲਾਕੇ ਦੇ ਲੋਕਾਂ ਨੇ ਕਾਂਗਰਸ ਸਰਕਾਰ ਦੀਆਂ ਮਾੜੀਆਂ ਨੀਤੀਆਂ ਅਤੇ ਹੁਕਮਰਾਨਾਂ ਦੀਆਂ ਵਧੀਕੀਆਂ ਖ਼ਿਲਾਫ਼ ‘ਆਪ’ ਦੇ ਹੱਕ ਵਿੱਚ ਫਤਵਾ ਦਿੱਤਾ ਹੈ। ਉਨ੍ਹਾਂ ਆਪਣੀ ਜਿੱਤ ਨੂੰ ਲੋਕਤੰਤਰ ਦੀ ਜਿੱਤ ਦੱਸਦੇ ਹੋਏ ਐਲਾਨ ਕੀਤਾ ਕਿ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੜਾਅਵਾਰ ਪੂਰੇ ਕਰਨ ਲਈ ਪੂਰੀ ਵਾਹ ਲਾਈ ਜਾਵੇਗੀ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਹਲਕੇ ਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਹੱਲ ਕਰਵਾਉਣ ਲਈ ਪੰਜਾਬ ਕੈਬਨਿਟ ਦੀ ਮੀਟਿੰਗ ਅਤੇ ਵਿਧਾਨ ਸਭਾ ਵਿੱਚ ਆਵਾਜ਼ ਚੁੱਕੀ ਜਾਵੇਗੀ ਅਤੇ ਸਥਾਨਕ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਵਾਉਣ ਸਮੇਤ ਵਿਕਾਸ ਕਾਰਜਾਂ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਉਨ੍ਹਾਂ ਵੋਟਰਾਂ ਦੀ ਜਾਗਰੂਕਤਾ ਅੱਗੇ ਸਿਰ ਝੁਕਾਉਂਦਿਆਂ ਕਿਹਾ ਕਿ ਉਨ੍ਹਾਂ ਆਪਣੇ ਫਰਜ਼ ਨੂੰ ਸੁਹਿਰਦਤਾ ਨਾਲ ਨਿਭਾ ਕੇ ਲੋਕਤੰਤਰ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਇਲਾਕੇ ਦੇ ਸਰਬਪੱਖੀ ਵਿਕਾਸ ਅਤੇ ਤਰੱਕੀ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੁਲਵੰਤ ਸਿੰਘ ਨੇ ਭਰੋਸਾ ਦਿੱਤਾ ਕਿ ਵਿਕਾਸ ਪੱਖੋਂ ਮੁਹਾਲੀ ਦੀ ਨੁਹਾਰ ਬਦਲਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਕੁਲਵੰਤ ਸਿੰਘ ਨੇ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਹੁਕਮਰਾਨਾਂ ਦੀ ਧੜੇਬੰਦੀ ਅਤੇ ਅਣਦੇਖੀ ਕਾਰਨ ਮੁਹਾਲੀ ਦਾ ਵਿਕਾਸ ਪ੍ਰਭਾਵਿਤ ਹੋਇਆ ਹੈ ਪਰ ਹੁਣ ਮੁਹਾਲੀ ਸ਼ਹਿਰ ਸਮੇਤ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਨਵਾਂ ਮਾਸਟਰ ਪਲਾਨ ਤਿਆਰ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਦੇ ਜੋਸ਼ ਨੂੰ ਦੇਖਦੇ ਹੋਏ ਐਲਾਨ ਕੀਤਾ ਕਿ ਕਾਂਗਰਸੀ ਆਗੂਆਂ ਵੱਲੋਂ ਗਲਤ ਤਰੀਕੇ ਨਾਲ ਹਾਸਲ ਕੀਤੀਆਂ ਸ਼ਾਮਲਾਤ ਜ਼ਮੀਨਾਂ ਨੂੰ ਛੁਡਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਸਿੱਧੂ ਭਰਾਵਾਂ ਦੇ ਗੁੰਡਾਰਾਜ ਅਤੇ ਮਾਫ਼ੀਆ ਰਾਜ ਦੀ ਹਾਰ ਹੋਈ ਹੈ। ਸਿੱਧੂ ਅਤੇ ਹੋਰ ਕਾਂਗਰਸੀ ਆਗੂਆਂ ਦੀ ਇਸ ਟਿੱਪਣੀ ਕਿ ਐਮਸੀ ਦੀ ਚੋਣ ਹਾਰਨ ਵਾਲਾ ਵਿਅਕਤੀ ਵਿਧਾਇਕ ਸਿੱਧੂ ਦਾ ਕੀ ਮੁਕਾਬਲਾ ਕਰੇਗਾ, ਬਾਰੇ ਬੋਲਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਇਨਸਾਫ਼ ਪਸੰਦ ਵੋਟਰਾਂ ਨੇ ‘ਆਪ’ ਦੇ ਹੱਕ ਵਿੱਚ ਫਤਵਾ ਦੇ ਕੇ ਸਿੱਧੂ ਦੇ ਹੰਕਾਰ ਨੂੰ ਚਕਨਾਚੂਰ ਕਰਕੇ ਰੱਖ ਦਿੱਤਾ ਹੈ। ਲਿਹਾਜ਼ਾ ਹੁਣ ਸਿੱਧੂ ਨੂੰ ਰਾਜਨੀਤੀ ਤੋਂ ਸੰਨਿਆਸ ਲੈ ਕੇ ਘਰ ਬੈਠ ਜਾਣਾ ਚਾਹੀਦਾ ਹੈ।
(ਬਾਕਸ ਆਈਟਮ)
‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਿੱਧੂ ਭਰਾਵਾਂ ਨੇ ਨਗਰ ਨਿਗਮ ਚੋਣਾਂ ਸਮੇਂ ਵਿਰੋਧੀਆਂ ਨਾਲ ਮਿਲ ਕੇ ਭਾਜੀ ਪਾਈ ਸੀ, ਜੋ ਹੁਣ ਵਿਆਜ ਸਣੇ ਮੋੜ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਸਮੇਂ ਸਿੱਧੂ ਜੁੰਡਲੀ ਨੇ ਜਾਅਲੀ ਵੋਟਾਂ ਬਣਾ ਦੇ ਬਲਬੂਤੇ ਨਿਗਮ ਚੋਣਾਂ ਜਿੱਤਣ ਮਗਰੋਂ ਸੀਨੀਅਰ ਆਗੂਆਂ ਨੂੰ ਦਰਕਿਨਾਰ ਕਰਕੇ ਆਪਣੇ ਛੋਟੇ ਭਰਾ ਜੀਤੀ ਸਿੱਧੂ ਨੂੰ ਮੇਅਰ ਬਣਾਇਆ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਇਲਾਕੇ ਦੇ ਲੋਕਾਂ ਨੇ ਸਿੱਧੂ ਨੂੰ ਨਕਾਰ ਦਿੱਤਾ ਹੈ ਤਾਂ ਉਸਦੇ ਭਰਾ ਜੀਤੀ ਸਿੱਧੂ ਨੂੰ ਮੇਅਰ ਦੀ ਕੁਰਸੀ ਤੋਂ ਖ਼ੁਦ ਹੀ ਲਾਂਭੇ ਹੋ ਜਾਣਾ ਚਾਹੀਦਾ ਹੈ, ਕਿਉਂਕਿ ਜਦੋਂ ਨਿਗਮ ਚੋਣਾਂ ਵਿੱਚ ਹੋਈਆਂ ਕਥਿਤ ਘਪਲੇਬਾਜ਼ੀਆਂ ਅਤੇ ਨਿਗਮ ਕੰਮਾਂ ਦੀ ਜਾਂਚ ਹੋਈ ਤਾਂ ਉਨ੍ਹਾਂ (ਮੇਅਰ) ਨੂੰ ਭੱਜਣ ਲਈ ਰਾਹ ਨਹੀਂ ਲੱਭੇਗਾ।