
ਰਵਾਇਤੀ ਪਾਰਟੀਆਂ ਤੋਂ ਤੰਗ ਆਏ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਵੱਡੀਆਂ ਆਸਾਂ: ਕੁਲਵੰਤ ਸਿੰਘ
ਚੰਡੀਗੜ੍ਹ ਤੋਂ ਆਪ ਕੌਂਸਲਰ ਦਮਨਪ੍ਰੀਤ ਸਿੰਘ ਨੇ ਕੀਤੀ ਕੁਲਵੰਤ ਸਿੰਘ ਨਾਲ ਮੁਲਾਕਾਤ, ਚੋਣ ਪ੍ਰਚਾਰ ਮੁਹਿੰਮ ਵਿੱਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ:
ਆਮ ਆਦਮੀ ਪਾਰਟੀ (ਆਪ) ਦੇ ਮੁਹਾਲੀ ਹਲਕੇ ਤੋਂ ਉਮੀਦਵਾਰ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਚੋਣ ਮੁਹਿੰਮ ਲਗਾਤਾਰ ਤੇਜ ਹੁੰਦੀ ਜਾ ਰਹੀ ਹੈ ਅਤੇ ਲੋਕਾਂ ਵੱਲੋਂ ਜਿਸ ਤਰ੍ਹਾਂ ਚੋਣ ਪ੍ਰਚਾਰ ਦੌਰਾਨ ਕੁਲਵੰਤ ਸਿੰਘ ਦੇ ਹੱਕ ਵਿੱਚ ਪੂਰੀ ਤਰ੍ਹਾਂ ਭੁਗਤਣ ਲਈ ਅੱਗੇ ਹੋ ਕੇ ਆਪ ਮੁਹਾਰੇ ਬਕਾਇਦਾ ਤੌਰ ’ਤੇ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸ ਤੋਂ ਕੁਲਵੰਤ ਸਿੰਘ ਦੀ ਜਿੱਤ ਯਕੀਨੀ ਜਾਪਦੀ ਹੈ ਅਤੇ ਹੁਣ ਆਮ ਆਦਮੀ ਪਾਰਟੀ ਦੇ ਚੰਡੀਗੜ੍ਹ ਤੋਂ ਜੇਤੂ ਕੌਂਸਲਰ ਦਮਨਪ੍ਰੀਤ ਸਿੰਘ ਨੇ ਕੁਲਵੰਤ ਸਿੰਘ ਦੇ ਹੱਕ ਵਿੱਚ ਚੋਣ ਮੁਹਿੰਮ ਨੂੰ ਆਪਣੇ ਹੱਥਾਂ ਵਿੱਚ ਲੈ ਲਿਆ ਹੈ। ਉਨ੍ਹਾਂ ਨੇ ਪੂਰਾ ਭਰੋਸਾ ਦਿਵਾਇਆ ਕਿ ਉਹ ਆਪ ਦੇ ਪੁਰਾਣੇ ਕਾਡਰ ਨੂੰ ਪਹਿਲਾਂ ਦੇ ਮੁਕਾਬਲੇ ਜ਼ਿਆਦਾ ਸਰਗਰਮ ਕਰਕੇ ਘਰ-ਘਰ ਮੁਹਿੰਮ ਹੋਰ ਤੇਜ਼ ਕਰਨਗੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਪ ਆਗੂ ਅਤੇ ਉਮੀਦਵਾਰ ਵਿਧਾਨ ਸਭਾ ਹਲਕਾ ਮੁਹਾਲੀ-ਕੁਲਵੰਤ ਸਿੰਘ ਨੇ ਕਿਹਾ ਕਿ ਚੋਣ ਪ੍ਰਚਾਰ ਦੇ ਦੌਰਾਨ ਜਿਉਂ ਜਦੋਂ ਵੀ ਉਹ ਲੋਕਾਂ ਦੀ ਕਚਹਿਰੀ ਵਿੱਚ ਹਾਜ਼ਰ ਹੁੰਦੇ ਹਨ ਤਾਂ ਲੋਕਾਂ ਵੱਲੋਂ ਜਿਸ ਢੰਗ ਨਾਲ ਉਨ੍ਹਾਂ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ, ਇਸ ਗੱਲ ਤੋਂ ਇਹ ਗੱਲ ਸਾਫ਼ ਹੋ ਚੁੱਕੀ ਹੈ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਇਨ੍ਹਾਂ ਦੀਆਂ ਝੂਠੀਆਂ ਗੱਲਾਂ ਵਿੱਚ ਹੁਣ ਨਹੀਂ ਆਉਣਗੇ। ਕਿਉਂਕਿ ਵੋਟਾਂ ਦੇ ਦਿਨਾਂ ਵਿੱਚ ਹੀ ਨੇਤਾ-ਲੋਕਾਂ ਨਾਲ ਤਰ੍ਹਾਂ-ਤਰ੍ਹਾਂ ਦੇ ਦਾਅਵੇ ਕਰਦੇ ਨਹੀਂ ਥੱਕਦੇ, ਪ੍ਰੰਤੂ ਸੱਤਾ ਵਿੱਚ ਆਉਂਦਿਆਂ ਹੀ ਨੇਤਾ ਲੋਕਾਂ ਨੂੰ ਕੀਤੇ ਵਾਅਦਿਆਂ ਨੂੰ ਬਿਲਕੁਲ ਭੁੱਲ ਜਾਂਦੇ ਹਨ। ਕੁਲਵੰਤ ਸਿੰਘ ਨੇ ਕਿਹਾ ਕਿ ਹੁਣ ਲੋਕੀਂ ਇਨ੍ਹਾਂ ਚੋਣਾਂ ਦੇ ਦੌਰਾਨ ਆਪ ਨੂੰ ਵੱਡਾ ਸਮਰਥਨ ਦੇ ਕੇ ਸਰਕਾਰ ਬਣਾਉਣ ਜਾ ਰਹੇ ਹਨ। ਇਸ ਮੌਕੇ ਦਮਨਪ੍ਰੀਤ ਸਿੰਘ ਕੌਂਸਲਰ ਦੇ ਨਾਲ ਆਪ ਆਗੂ ਡਾ. ਸੰਨੀ ਅਹਲੂਵਾਲੀਆ, ਸੁਨਤ ਸੋਨੀ ਸਮੇਤ ਵੱਡੀ ਗਿਣਤੀ ਵਿੱਚ ਆਪ ਕਾਰਕੁਨ ਵੀ ਹਾਜ਼ਰ ਸਨ।