ਪੰਜਾਬ ਨੂੰ ਹੋਰ ਵਧੇਰੇ ਖੁਸ਼ਹਾਲ ਤੇ ਪ੍ਰਗਤੀਸ਼ੀਲ ਬਣਾਉਣ ਲਈ ਲੋਕਾਂ ਨੂੰ ਅਮਨ ਸ਼ਾਂਤੀ, ਸਦਭਾਵਨਾਂ ਤੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਲੋੜ

ਗਣਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਬਾਦਲ ਨੇ ਮੁਹਾਲੀ ਵਿੱਚ ਲਹਿਰਾਇਆ ਤਿਰੰਗਾ ਝੰਡਾ

ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਦੌਰਾਨ ਪੰਜਾਬੀਆਂ ਨੇ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦਿੱਤੀਆਂ: ਬਾਦਲ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜਨਵਰੀ:
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਲੋਕਾਂ ਨੁੂੰ ਅਮਨ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ ਤਾਂ ਜੋ ਸਾਡੇ ਸੂਬੇ ਨੂੰ ਹੋਰ ਵਧੇਰੇ ਖੁਸ਼ਹਾਲ ਤੇ ਪ੍ਰਗਤੀਸ਼ੀਲ ਬਣਾਇਆ ਜਾ ਸਕੇ। ਅੱਜ ਸਥਾਨਕ ਸਰਕਾਰੀ ਕਾਲਜ ਫੇਜ਼-6 ਦੇ ਗਰਾਉਂਡ ਵਿੱਚ 68ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਇਤਿਹਾਸਕ ਮੌਕਾ ਸੀ ਜਦੋਂ ਸਾਲ 1950 ਵਿੱਚ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਦਕਰ ਦੀ ਅਗਵਾਈ ਵਿੱਚ ਸੰਵਿਧਾਨਿਕ ਖਰੜਾ ਕਮੇਟੀ ਨੇ ਮੁਲਕ ਦਾ ਸੰਵਿਧਾਨ ਬਣਾਇਆ ਅਤੇ ਮੁਕੰਮਲ ਤੌਰ ’ਤੇ ਲਾਗੂ ਕਰ ਦਿੱਤਾ। ਭਾਰਤੀ ਸੰਵਿਧਾਨ ਪ੍ਰਭੂਸੱਤਾ, ਜਮਹੂਰੀਅਤ ਅਤੇ ਸਮਾਜਵਾਦ ਦਾ ਪ੍ਰਤੀਕ ਹੈ।
ਸ੍ਰੀ ਬਾਦਲ ਨੇ ਕਿਹਾ ਉਹ ਉਨ੍ਹਾਂ ਸਾਰੇ ਕੌਮੀ ਨਾਇਕਾਂ, ਸ਼ਹੀਦਾਂ ਅਤੇ ਜਾਣੇ-ਅਣਜਾਣੇ ਦੇਸ਼ ਭਗਤਾਂ ਨੂੰ ਨਤਮਸਤਕ ਹੁੰਦੇ ਹਨ, ਜਿਨ੍ਹਾਂ ਨੇ ਬਰਤਾਨਵੀ ਸਾਮਰਾਜ ਪਾਸੋਂ ਸਾਡੀ ਮਾਤ ਭੂਮੀ ਨੁੰੂ ਆਜ਼ਾਦ ਕਰਵਾਉਣ ਲਈ ਲਾਮਿਸਾਲ ਯੋਗਦਾਨ ਪਾਇਆ। ਪੰਜਾਬੀਆਂ ਵਿੱਚ ਦੇਸ਼ ਭਗਤੀ ਦੇ ਅਮਿੱਟ ਜਜ਼ਬੇ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਇਨ੍ਹਾਂ ਵਿੱਚ ਸਵੈ-ਕੁਰਬਾਨੀ ਅਤੇ ਵਤਨਪ੍ਰਸਤੀ ਦਾ ਜਜ਼ਬਾ ਕੁੱਟ-ਕੁੱਟ ਕੇ ਭਰਿਆ ਹੋਇਆ ਹੈ ਜੋ ਉਨ੍ਹਾਂ ਨੂੁੰ ਮਹਾਨ ਗੁਰੂ ਸਾਹਿਬਾਨ ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਸੋਂ ਗੁੜ੍ਹਤੀ ਵਿੱਚ ਮਿਲਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਮਨੁੱਖਤਾ ਦੇ ਸਵੈਮਾਣ ਦੀ ਰਾਖੀ, ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਖਾਤਰ ਲਾਮਿਸਾਲ ਕੁਰਬਾਨੀਆਂ ਦਿੱਤੀਆਂ। ਸ੍ਰੀ ਬਾਦਲ ਨੇ ਆਖਿਆ ਕਿ ਇਹ ਆਪਣੇ ਆਪ ਵਿੱਚ ਰਿਕਾਰਡ ਹੈ ਕਿ ਕੌਮੀ ਅਜਾਦੀ ਸੰਘਰਸ ਦੌਰਾਨ 80 ਫੀਸਦੀ ਤੋਂ ਵੱਧ ਕੁਰਬਾਨੀਆਂ ਪੰਜਾਬ ਦੇ ਆਜਾਦੀ ਘੁਲਾਟੀਆਂ ਤੇ ਦੇਸ਼ ਭਗਤਾਂ ਨੇ ਦਿੱਤੀਆਂ ਜੋ ਸਾਨੂੰ ਇਸ ਵਿਲੱਖਣ ਯੋਗਦਾਨ ਲਈ ਮਾਣ ਮਹਿਸੂਸ ਕਰਵਾਉਦੀਆਂ ਹਨ।
ਮੁੱਖ ਮੰਤਰੀ ਨੇ ਪੰਜਾਬ ਦੀ ਧਰਤੀ ਦੇ ਮਹਾਨ ਦੇਸ਼ ਭਗਤ ਸ਼ਹੀਦ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਊਧਮ ਸਿੰਘ ਅਤੇ ਲਾਲਾ ਲਾਜਪਤ ਰਾਏ ਦੀ ਮਹਾਨ ਕਰਬਾਨੀ ਨੂੰ ਵੀ ਯਾਦ ਕੀਤਾ ਜਿਸਨੇ ਬਰਤਾਨਵੀ ਹਕੁੂਮਤ ਖਿਲਾਫ ਸਮੁੱਚੇ ਦੇਸ਼ ਵਾਸੀਆਂ ਨੂੰ ਪੇ੍ਰਰਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਡੀਐਸਪੀ ਅਮਰੋਜ ਸਿੰਘ ਦੀ ਅਗਵਾਈ ਵਿੱਚ ਪੰਜਾਬ ਆਰਮਡ ਪੁਲੀਸ, ਪੰਜਾਬ ਪੁਲੀਸ, ਪੰਜਾਬ ਮਹਿਲਾ ਪੁਲੀਸ ਅਤੇ ਐਨ.ਸੀ.ਸੀ. ਕੈਡਿਟਾਂ ਦੀਆਂ ਟੁਕੜੀਆਂ ਪਾਸੋਂ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸਥਾਨ ਡਿਪਟੀ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਅਤੇ ਜ਼ਿਲ੍ਹਾ ਪੁਲੀਸ ਮੁਖੀ ਕੁਲਦਪ ਸਿੰਘ ਚਾਹਾਲ ਨਾਲ ਪਰੇਡ ਦਾ ਨਿਰੀਖਣ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਪਿੰਡ ਝੱਜੋਂ ਦੇ ਆਜ਼ਾਦੀ ਘੁਲਾਟੀਏ ਸਵਰਨ ਸਿੰਘ ਅਤੇ ਗੁਰਦੀਪ ਸਿੰਘ ਨੂੰ ਸ਼ਾਲ ਅਤੇ ਮਠਿਆਈ ਦੇ ਕੇ ਸਨਮਾਨਿਤ ਕੀਤਾ। ਸ੍ਰੀ ਬਾਦਲ ਨੇ ਪਲਟੂਨ ਕਮਾਂਡਰਾਂ ਅਤੇ ਰਵਾਇਤੀ ਗਿੱਧੇ ਦੀ ਪੇਸ਼ਕਾਰੀ ਕਰਨ ਵਾਲੀਆਂ ਸਕੂਲੀ ਵਿਦਿਆਰਥਣਾਂ ਨੂੰ ਇਨਾਮ ਤੇ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ। ਭਾਰੀ ਬਰਸਾਤ ਅਤੇ ਠੰਢ ਹੋਣ ਦੇ ਬਾਵਜੂਦ ਵੀ ਗਣਤੰਤਰ ਦਿਵਸ ਸਮਾਰੋਹ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਐਸ.ਕੇ. ਸੰਧੂ, ਮੇਅਰ ਕੁਲਵੰਤ ਸਿੰਘ, ਡਿਪਟੀ ਕਮਿਸ਼ਨਰ ਦਲਜੀਤ ਸਿੰਘ ਮਾਂਗਟ, ਡੀ.ਆਈ.ਜੀ. ਰੋਪੜ ਰੇਂਜ ਗੁਰਸ਼ਰਨ ਸਿੰਘ ਸੰਧੁੂ, ਐਸਐਸਪੀ ਕੁਲਦੀਪ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਨਯਨ ਭੁੱਲਰ, ਸਹਾਇਕ ਕਮਿਸ਼ਨਰ (ਜਨਰਲ) ਜਸਵੀਰ ਸਿੰਘ, ਐਸ.ਡੀ.ਐਮ ਅਨੁਪ੍ਰੀਤਾ ਜੌਹਲ, ਡੀਟੀਓ ਜਗਦੀਪ ਸਿੰਘ ਜੌਹਲ, ਸਿਵਲ ਸਰਜਨ ਡਾ. ਜੈ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਰਿੰਦਰ ਸਿੰਘ ਸਿੱਧੂ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਭਗਵੰਤ ਸਿੰਘ, ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਤੋਂ ਇਲਾਵਾ ਹੋਰ ਵੱਖ-ਵੱਖ ਸ਼ਖਸੀਅਤਾਂ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…