ਜ਼ਿਲ੍ਹਾ ਮੁਹਾਲੀ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦਿੱਤਾ ਜਾਵੇਗਾ: ਡੀਸੀ ਸ੍ਰੀਮਤੀ ਸਪਰਾ

ਪ੍ਰੈਸ ਤੇ ਪ੍ਰਸ਼ਾਸ਼ਨ ਵਿੱਚ ਆਪਸੀ ਤਾਲਮੇਲ ਹੋਣਾ ਬੇਹੱਦ ਜ਼ਰੂਰੀ:

ਜ਼ਿਲ੍ਹਾ ਪ੍ਰਸ਼ਾਸਨਿਕ ਤੇ ਹੋਰ ਸਰਕਾਰੀ ਅਫ਼ਸਰਾਂ ਨੂੰ ਜਵਾਬਦੇਹ ਬਣਾਇਆ ਜਾਵੇਗਾ, ਕਣਕ ਦੀ ਖਰੀਦ ਲਈ ਕੀਤੇ ਜਾਣਗੇ ਸੁਚੱਜੇ ਪ੍ਰਬੰਧ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਾਰਚ:
ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦਿੱਤਾ ਜਾਵੇਗਾ ਅਤੇ ਆਮ ਲੋਕਾਂ ਤੱਕ ਪਹੁੰਚ ਬਣਾਈ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਹਾਲੀ ਦੀ ਨਵੀਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਆਪਣੀ ਪਲੇਠੀ ਪ੍ਰੈਸ ਮਿਲਣੀ ਦੌਰਾਨ ਕੀਤਾ। ਸ੍ਰੀਮਤੀ ਸਪਰਾ ਨੇ ਕਿਹਾ ਕਿ ਪ੍ਰੈਸ ਲੋਕਤੰਤਰ ਦਾ ਚੌਥਾ ਥੰਮ ਮੰਨਿਆਂ ਜਾਂਦਾ ਹੈ। ਸਾਫ ਸੂਥਰਾ ਪ੍ਰਸ਼ਾਸਨ ਦੇਣ ਲਈ ਵੀ ਪ੍ਰੈਸ ਦਾ ਅਹਿਮ ਰੋਲ ਹੁੰਦਾ ਹੈ। ਇਸ ਲਈ ਪ੍ਰੈਸ ਅਤੇ ਪ੍ਰਸ਼ਾਸਨ ਵਿਚਕਾਰ ਆਪਸੀ ਤਾਲਮੇਲ ਹੋਣਾ ਬੇਹੱਦ ਜਰੂਰੀ ਹੈ।
ਸ੍ਰੀਮਤੀ ਸਪਰਾ ਨੇ ਪ੍ਰੈਸ ਨੂੰ ਜ਼ਿਲ੍ਹੇ ਸਬੰਧੀ ਵੱਖ-ਵੱਖ ਸਮੇਂ ਦੇ ਫੀਡ ਬੈਕ ਦੇਣ ਲਈ ਵੀ ਕਿਹਾ। ਉਨ੍ਹਾਂ ਹੋਰ ਦੱਸਿਆ ਕਿ ਨਵੇਂ ਵਿਚਾਰ ਅਤੇ ਨਵੇਂ ਸੁਝਾਅ ਭੇਜਣ ਲਈ reachdcsasnagar0gmail.com ਬਣਾਈ ਗਈ ਹੈ। ਕੋਈ ਵੀ ਨੌਜਵਾਨ ਜਾਂ ਵਿਅਕਤੀ ਇਸ ਈ-ਮੇਲ ’ਤੇ ਆਪਣੇ ਵਿਚਾਰ ਭੇਜ ਸਕਦਾ ਹੈ ਅਤੇ ਜੇਕਰ ਉਹ ਚੰਗੇ ਹੋਣਗੇ ਤਾਂ ਭਵਿੱਖ ਵਿੱਚ ਉਨ੍ਹਾਂ ਨੂੰ ਲਾਗੂ ਕਰਨ ’ਤੇ ਵਿਚਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹੇ ਦਾ ਕੋਈ ਵੀ ਵਿਅਕਤੀ ਆਪਣੀ ਸਿਕਾਇਤ ਜਾਂ ਮੁਸ਼ਕਿਲ dc.sasnagar.punjab0gmail.com ਇਸ ਮੇਲ ਤੇ ਭੇਜ ਸਕਦਾ ਹੈ।
ਸ੍ਰੀਮਤੀ ਸਪਰਾ ਨੇ ਕਿਹਾ ਕਿ ਜਿਲ੍ਹੇ ’ਚ ਨਸ਼ਿਆਂ ਦਾ ਖਾਤਮਾ ਲੋਕਾਂ ਦੇ ਸਹਿਯੋਗ ਨਾਲ ਕੀਤਾ ਜਾਵੇਗਾ। ਜਿਸ ਵਿੱਚ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਪੂਰੀ ਤਨਦੇਹੀ ਨਾਲ ਕੰਮ ਕਰੇਗਾ। ਉਨ੍ਹਾਂ ਹੋਰ ਕਿਹਾ ਕਿ ਇਸ ਵਾਰ ਕਣਕ ਦੇ ਸੀਜ਼ਨ ਦੋਰਾਨ ਕਿਸ਼ਾਨਾਂ ਨੂੰ ਆਪਣੀ ਫਸਲ ਮੰਡੀਆਂ ਵਿੱਚ ਵੇਚਣ ਲਈ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਣਕ ਦੀ ਖਰੀਦ ਲਈ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ। ਸ੍ਰੀਮਤੀ ਸਪਰਾ ਨੇ ਕਿਹਾ ਕਿ ਜਿਲ੍ਹੇ ਦੇ ਅਫ਼ਸਰਾਂ ਨੂੰ ਜਵਾਬਦੇਹ ਬਣਾਇਆ ਜਾਵੇਗਾ ਅਤੇ ਜਾਣਬੁੱਝ ਕੇ ਗਲਤੀ ਕਰਨ ਵਾਲੇ ਅਫ਼ਸਰਾਂ ਨੁੰ ਕਿਸੇ ਵੀ ਕੀਮਤ ਤੇ ਬਖਸਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਲਦੀ ਹੀ ਹੱਲ ਕਰ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਤਹਿਸੀਲਾਂ ਦੇ ਕੰਮ ਕਾਜ ਵਿੱਚ ਵੀ ਵੱਡਾ ਸੁਧਾਰ ਲਿਆਂਦਾ ਜਾਵੇਗਾ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਜਿਲ੍ਹਾ ਪ੍ਰਬੰਧਕੀ ਕੰਪਲੇੈਕਸ ਦੇ ਦਾਖਲਾ ਪੁਆਇੰਟਾਂ ਤੇ ਸਾਈਨ ਬੋਰਡ ਲਗਾਏ ਜਾਣਗੇ ਤਾਂ ਜੋ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਦਾਖਲ ਹੋਣ ਸਮੇਂ ਲੋਕਾਂ ਨੂੰ ਵੱਖ ਵੱਖ ਦਫ਼ਤਰਾਂ ਦੀ ਜਾਣਕਾਰੀ ਹਾਸਿਲ ਹੋ ਸਕੇ ਅਤੇ ਉਨ੍ਹਾਂ ਨੂੰ ਦਫ਼ਤਰ ਲੱਭਣ ਲਈ ਖੱਜਲ ਖੁਆਰ ਨਾਂ ਹੋਣਾ ਪਵੇ। ਉਨ੍ਹਾਂ ਹੋਰ ਦੱਸਿਆ ਕਿ ਉਹ ਕੈਂਪ ਆਫਿਸ ਨਹੀਂ ਬਣਾਉਣਗੇਂ ਸਗੋ ਆਪਣੇ ਦਫ਼ਤਰ ਵਿੱਚ ਹੀ ਬੈਠ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਨਣਗੇ ਅਤੇ ਕੰਮ ਕਾਜ ਨਿਪਟਾਉਣਗੇ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਰਾਜੇਸ਼ ਧੀਮਾਨ ਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸੁਰਜੀਤ ਸਿੰਘ ਸੈਣੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ …