ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਲੋਕ ਸਰਗਰਮ ਭੂਮਿਕਾ ਨਿਭਾਉਣ ਲਈ ਅੱਗੇ ਆਉਣ: ਮੁੱਖ ਮੰਤਰੀ
ਨਸ਼ਾ ਵਿਰੋਧੀ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਡਰੱਗ ਦਾ ਬਿਲਕੁਲ ਸਫ਼ਾਇਆ ਨਹੀਂ ਹੋ ਜਾਂਦਾ
ਪੰਜਾਬ ’ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਚਨਬੱਧਤਾ ਦੁਹਰਾਈ
ਨਬਜ਼-ਏ-ਪੰਜਾਬ, ਮੁਹਾਲੀ, 6 ਮਾਰਚ:
ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਨਸ਼ਿਆਂ ਦਾ ਬਿਲਕੁਲ ਸਫ਼ਾਇਆ ਨਹੀਂ ਹੋ ਜਾਂਦਾ। ਉਹ ਅੱਜ ਇੱਥੇ ਸਿਟੀ ਸਰਵੀਲੈਂਸ ਅਤੇ ਮੈਨੇਜਮੈਂਟ ਸਿਸਟਮ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਨਸ਼ਿਆਂ ਦੀ ਸਪਲਾਈ ਲਾਈਨ ਤੋੜਨ, ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜਣ ਅਤੇ ਨਸ਼ਾ ਪੀੜਤਾਂ ਦਾ ਮੁੜ ਵਸੇਬਾ ਯਕੀਨੀ ਬਣਾਉਣ ਲਈ ਯੋਜਨਾਬੱਧ ਵਿੱਢੀ ਗਈ ਹੈ। ਉਨ੍ਹਾਂ ਨੇ ਨਸ਼ਾ ਵਿਰੋਧੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦੇਣ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜੰਗ ਜਿੱਤਣ ਲਈ ਲੋਕਾਂ ਦੇ ਪੂਰਨ ਸਹਿਯੋਗ ਦੀ ਲੋੜ ਹੈ।
ਮੁੱਖ ਮੰਤਰੀ ਨੇ ਲੋਕਾਂ ਨੂੰ ਨਸ਼ਾ ਤਸਕਰੀ ਦੇ ਘਿਣਾਉਣੇ ਅਪਰਾਧ ਵਿੱਚ ਸ਼ਾਮਲ ਵਿਅਕਤੀਆਂ ਬਾਰੇ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਸਰਕਾਰ ਵੱਲੋਂ ਸ਼ੁਰੂ ਕੀਤੀ ਮੈਗਾ ਮੁਹਿੰਮ ਦੇ ਹਿੱਸੇ ਵਜੋਂ ਡਰੱਗ ਮਨੀ ਰਾਹੀਂ ਬਣਾਈਆਂ ਜਾਇਦਾਦਾਂ ਨੂੰ ਢਾਹਿਆ/ਜ਼ਬਤ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, 90 ਫੀਸਦੀ ਪਰਿਵਾਰਾਂ ਨੂੰ ਜ਼ੀਰੋ ਬਿੱਲ ਆ ਰਿਹਾ ਹੈ ਜਦੋਂਕਿ 2.5 ਕਰੋੜ ਤੋਂ ਵੱਧ ਲੋਕਾਂ ਦਾ ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਦੇਸ਼ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਸ਼ੁਰੂ ਕੀਤੀ ਹੈ, ਜੋ ਸੂਬਾਈ ਅਤੇ ਰਾਸ਼ਟਰੀ ਰਾਜ ਮਾਰਗਾਂ ’ਤੇ ਸੁਰੱਖਿਆ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਸਮਰਪਿਤ ਸੜਕ ਸੁਰੱਖਿਆ ਫੋਰਸ ਹੈ। ਲੜਕੀਆਂ ਸਮੇਤ ਵਿਸ਼ੇਸ਼ ਸਿਖਲਾਈ ਪ੍ਰਾਪਤ ਨਵੇਂ ਭਰਤੀ ਕੀਤੇ 1597 ਜਵਾਨ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ। ਜਿਨ੍ਹਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ 144 ਵਾਹਨ ਮੁਹੱਈਆ ਕਰਵਾਏ ਗਏ ਹਨ। ਪਿਛਲੇ ਸਾਲ ਫਰਵਰੀ ਵਿੱਚ ਇਸ ਦੀ ਸ਼ੁਰੂਆਤ ਤੋਂ ਬਾਅਦ ਸੂਬੇ ਵਿੱਚ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 48.10 ਫੀਸਦੀ ਦੀ ਕਮੀ ਆਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ-ਪਾਣੀ ਅਤੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਕਾਨੂੰਨ ਵਿਵਸਥਾ ‘ਆਪ’ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ। ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਤਰੱਕੀ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਤੋਂ ਇਲਾਵਾ ਕਈ ਅਜਿਹੇ ਕੰਮ ਵੀ ਕੀਤੇ ਹਨ, ਜਿਨ੍ਹਾਂ ਦਾ ਕਦੇ ਵੀ ਵਾਅਦਾ ਨਹੀਂ ਸੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਇੱਥੇ ਲੋਕਾਂ ਦੀ ਸੇਵਾ ਕਰਨ ਲਈ ਆਏ ਹਨ ਅਤੇ ਸਿਆਸੀ ਪਿਛੋਕੜ ਵਾਲੇ ਨਹੀਂ ਹਨ, ਜਿਸ ਕਾਰਨ ਉਹ ਲੋਕਾਂ ਨਾਲ ਕੀਤੀ ਹਰ ਗੱਲ ਨੂੰ ਪੂਰਾ ਕਰ ਰਹੇ ਹਨ। ਇਸ ਮੌਕੇ ਡੀਜੀਪੀ ਗੌਰਵ ਯਾਦਵ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੀ ਮੁਖੀ ਪ੍ਰਭਜੋਤ ਕੌਰ ਤੇ ਹੋਰ ਵਲੰਟੀਅਰ ਤੇ ਅਧਿਕਾਰੀ ਹਾਜ਼ਰ ਸਨ।