ਪਿੰਡ ਮਸੌਲ ਵਿੱਚ ਮੈਡੀਕਲ ਕੈਂਪ ਲਗਾ ਕੇ ਕੀਤੀ 46 ਤੋਂ ਵੱਧ ਲੋਕਾਂ ਦੀ ਜਾਂਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਪਰੈਲ:
ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਮੁੱਢਲਾ ਸਿਹਤ ਕੇਂਦਰ ਘੜੂੰਆਂ ਦੀ ਐਸਐਮਓ ਡਾ. ਕੁਲਜੀਤ ਕੌਰ ਦੀ ਅਗਵਾਈ ਹੇਠ ਇੱਥੋਂ ਦੇ ਨਜ਼ਦੀਕੀ ਪਿੰਡ ਮਸੌਲ ਵਿੱਚ ਵਿਸ਼ੇਸ਼ ਮੈਡੀਕਲ ਕੈਂਪ ਲਗਾ ਕੇ ਪਿੰਡ ਵਾਸੀਆਂ ਦੀ ਸਿਹਤ ਦੀ ਬਰੀਕੀ ਨਾਲ ਜਾਂਚ ਕੀਤੀ ਗਈ ਅਤੇ ਪਿੰਡ ਵਾਸੀਆਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਐਸਐਮਓ ਡਾ. ਕੁਲਜੀਤ ਕੌਰ ਨੇ ਇਸ ਕੈਂਪ ਵਿੱਚ 46 ਤੋਂ ਵੱਧ ਵਿਅਕਤੀਆਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਕਰੋਨਾਵਾਇਰਸ ਦੀ ਮਹਾਮਾਰੀ ਬਾਰੇ ਜਾਗਰੂਕ ਕਰਦਿਆਂ ਬਚਾਅ ਲਈ ਆਪਣੇ ਘਰਾਂ ਵਿੱਚ ਰਹਿਣ ਲਈ ਪ੍ਰੇਰਿਆ ਗਿਆ। ਡਾ. ਕੁਲਜੀਤ ਕੌਰ ਦੀ ਅਗਵਾਈ ਵਾਲੀ ਟੀਮ ਪਿਛਲੇ ਕਾਫੀ ਦਿਨਾਂ ਤੋਂ ਦਿਹਾਤੀ ਖੇਤਰ ਵਿੱਚ ਕਰੋਨਾ ਖ਼ਿਲਾਫ਼ ਲੜਾਈ ਲੜ ਰਹੇ ਹਨ ਅਤੇ ਪਿੰਡ ਪੱਧਰ ਅਤੇ ਮੁਹੱਲਾ ਪੱਧਰ ’ਤੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।
ਉਧਰ, ਮੁਹਾਲੀ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੀ ਸੂਚਨਾ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਨੇ ਅੱਜ ਸਰਕਾਰੀ ਹਸਪਤਾਲ ਮੁਹਾਲੀ, ਨਵਾਂ ਗਾਉਂ ਸਮੇਤ ਹੋਰ ਵੱਖ-ਵੱਖ ਥਾਵਾਂ ਤੋਂ 90 ਸ਼ੱਕੀ ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ 1240 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਜਿਨ੍ਹਾਂ ’ਚੋਂ 1096 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦੋਂਕਿ 63 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ ਅਤੇ 81 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।
ਉਂਜ ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਸਥਿਤ ਫਲੂ ਕਾਰਨਰਾਂ ’ਤੇ ਲਏ 28 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਦੋ ਮਰੀਜ਼ਾਂ ਓਮ ਪ੍ਰਕਾਸ਼ ਵਾਸੀ ਨਵਾਂ ਗਾਉਂ ਅਤੇ ਰਾਜ ਕੁਮਾਰੀ ਵਾਸੀ ਖਰੜ ਦੀ ਮੌਤ ਹੋ ਚੁੱਕੀ ਹੈ ਅਤੇ 14 ਮਰੀਜ਼ ਠੀਕ ਹੋ ਚੁੱਕੇ ਹਨ। ਜਿਨ੍ਹਾਂ ’ਚੋਂ ਅੱਠ ਮਰੀਜ਼ ਆਪੋ ਆਪਣੇ ਘਰਾਂ ਵਿੱਚ ਪਰਤ ਗਏ ਹਨ ਜਦੋਂਕਿ ਪਿਛਲੇ ਦਿਨੀਂ ਛੇ ਮਰੀਜ਼ਾਂ ਦੇ ਠੀਕ ਹੋਣ ਉਪਰੰਤ ਉਨ੍ਹਾਂ ਨੂੰ ਗਿਆਨ ਸਾਗਰ ਹਸਪਤਾਲ ’ਚੋਂ ਛੁੱਟੀ ਮਿਲ ਗਈ ਹੈ ਪ੍ਰੰਤੂ ਹਾਲੇ ਇਨ੍ਹਾਂ ਮਰੀਜ਼ਾਂ ਨੂੰ ਘਰ ਨਹੀਂ ਭੇਜਿਆ ਗਿਆ ਹੈ ਸਗੋਂ ਸਾਵਧਾਨੀ ਵਜੋਂ ਇਨ੍ਹਾਂ ਵਿਅਕਤੀਆਂ ਨੂੰ ਇੱਥੋਂ ਦੇ ਸੈਕਟਰ-70 ਵਿੱਚ ਬਣਾਏ ਗਏ ਵਿਸ਼ੇਸ਼ ਇਕਾਂਤਵਾਸ ਵਿੱਚ ਅਗਲੇ ਹੁਕਮਾਂ ਤੱਕ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।
ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ 2343 ਵਿਅਕਤੀਆਂ ਦਾ ਇਕਾਂਤਵਾਸ ਖ਼ਤਮ ਹੋ ਚੁੱਕਾ ਹੈ ਜਦੋਂਕਿ 486 ਵਿਅਕਤੀ ਹਾਲੇ ਵੀ ਆਪੋ ਆਪਣੇ ਘਰਾਂ ਵਿੱਚ ਨਜ਼ਰਬੰਦ ਹਨ। ਜਿਨ੍ਹਾਂ ’ਤੇ ਮੈਡੀਕਲ ਟੀਮਾਂ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸਮੁੱਚੇ ਜ਼ਿਲ੍ਹੇ ਵਿੱਚ 47 ਪੀੜਤ ਮਰੀਜ਼ ਹਨ, ਜੋ ਪੀਜੀਆਈ, ਸਰਕਾਰੀ ਹਸਪਤਾਲ ਮੁਹਾਲੀ ਸਮੇਤ ਹੋਰ ਵੱਖ ਵੱਖ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ ਅਤੇ ਇਨ੍ਹਾਂ ਸਾਰੇ ਮਰੀਜ਼ਾਂ ਦੀ ਹਾਲਤ ਬਿਲਕੁਲ ਠੀਕ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਸੰਪਰਕ ਵਿੱਚ ਆਉਣ ਵਾਲੇ ਹੋਰ ਵਿਅਕਤੀ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਹਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…