
ਲੋਕਾਂ ਨੂੰ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ: ਆਸ਼ਿਕਾ ਜੈਨ
ਚੱਪੜਚਿੜੀ ਜੰਗੀ ਯਾਦਗਾਰ ਦੀ ਸੰਭਾਲ ਤੇ ਗੈਰਕਾਨੂੰਨੀ ਇਮੀਗਰੇਸ਼ਨ ਨੂੰ ਠੱਲ੍ਹ ਪਾਉਣ ਲਈ ਠੋਸ ਕਦਮ ਚੁੱਕੇ ਜਾਣਗੇ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਲੋਕਾਂ ਨੂੰ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦਾ ਅਹਿਦ ਲੈਂਦਿਆਂ ਮੁਹਾਲੀ ਦੇ ਨਵੇਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ 2015 ਬੈਚ ਦੇ ਆਈਏਐਸ ਅਧਿਕਾਰੀ ਹਨ ਅਤੇ ਪਹਿਲਾਂ 2020 ਵਿੱਚ ਮੁਹਾਲੀ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ ਤੇ ਵਿਕਾਸ) ਵਜੋਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ। ਇਸ ਮੌਕੇ ਪਲੇਠੀ ਪ੍ਰੈਸ ਮਿਲਣੀ ਦੌਰਾਨ ਸ੍ਰੀਮਤੀ ਜੈਨ ਨੇ ਕਿਹਾ ਕਿ ਉਹ ਸਮੁੱਚੇ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਨੂੰ ਤਰਜ਼ੀਹ ਦੇਣਗੇ ਅਤੇ ਪਹਿਲ ਦੇ ਆਧਾਰ ’ਤੇ ਲੋਕਾਂ ਦੇ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਚੱਪੜਚਿੜੀ ਜੰਗੀ ਯਾਦਗਾਰ ਦੀ ਸਾਂਭ-ਸੰਭਾਲ ਅਤੇ ਅਣਅਧਿਕਾਰਤ ਇਮੀਗਰੇਸ਼ਨ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਠੋਸ ਕਦਮ ਚੁੱਕੇ ਜਾਣਗੇ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਅਣਅਧਿਕਾਰਤ ਉਸਾਰੀਆਂ ਅਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਵਿਰੁੱਧ ਸਖ਼ਤੀ ਵਰਤੀ ਜਾਵੇਗੀ।
ਸ੍ਰੀਮਤੀ ਜੈਨ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਿਆ ਜਾਵੇਗਾ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕਪੱਖੀ ਸਕੀਮਾਂ ਦਾ ਲਾਭ ਹਰੇਕ ਲੋੜਵੰਦ ਵਿਅਕਤੀ ਤੱਕ ਪੁੱਜਦਾ ਹੋਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹੋਰ ਵੱਡੇ ਪ੍ਰਾਜੈਕਟ ਲਿਆ ਮੁਹਾਲੀ ਨੂੰ ਵਰਲਡ ਕਲਾਸ ਸਿਟੀ ਬਣਾਉਣ ਦਾ ਸਪਨਾ ਪੂਰਾ ਕਰਨ ਦੇ ਯਤਨ ਕੀਤੇ ਜਾਣਗੇ। ਸਿੱਖਿਆ, ਮੈਡੀਕਲ ਦੇ ਖੇਤਰ ਵਿੱਚ ਲੋੜੀਂਦੇ ਕੰਮ ਕਰਨ ਸਮੇਤ ਸਿੱਖਿਆ ਅਤੇ ਸਿਹਤ ਸੇਵਾਵਾਂ ਦੇ ਮਾਮਲੇ ਵਿੱਚ ਮੁਹਾਲੀ ਨੂੰ ਮੋਹਰੀ ਜ਼ਿਲ੍ਹਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮਗਰੋਂ ਸ੍ਰੀਮਤੀ ਜੈਨ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਹੋਰਨਾਂ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ ਕਾਰਾਂ ਲਈ ਆਉਂਦੇ ਜ਼ਿਲ੍ਹੇ ਦੇ ਲੋਕਾਂ ਨੂੰ ਉਨ੍ਹਾਂ ਕਿਹਾ ਕਿ ਬਿਨ੍ਹਾਂ ਕਿਸੇ ਦਿੱਕਤ ਤੋਂ ਆਮ ਲੋਕਾਂ ਨੂੰ ਸਾਰੀਆਂ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣਗੀਆਂ।