ਮਲੇਰੀਆ ਦੇ ਮੁਕੰਮਲ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ: ਸਿਵਲ ਸਰਜਨ

ਵਿਸ਼ਵ ਮਲੇਰੀਆ ਦਿਵਸ ਮੌਕੇ ਮੁਹਾਲੀ ਵਿੱਚ ਵੱਖ-ਵੱਖ ਥਾਵਾਂ ’ਤੇ ਜਾਗਰੂਕਤਾ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਪਰੈਲ:
‘ਮਲੇਰੀਆ ਬਾਰੇ ਜਾਗਰੂਕਤਾ ਅਤੇ ਸਾਵਧਾਨੀਆਂ ਇਸ ਗੰਭੀਰ ਬੁਖ਼ਾਰ ਤੋਂ ਬਚਾਅ ਕਰ ਸਕਦੀਆਂ ਹਨ। ਇਸ ਲਈ ਮਲੇਰੀਆ ਦੇ ਕਾਰਨਾਂ, ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਹਰੇਕ ਨਾਗਰਿਕ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ। ਇਹ ਗੱਲ ਸਿਵਲ ਸਰਜਨ ਡਾ. ਰੁਪਿੰਦਰ ਕੌਰ ਗਿੱਲ ਨੇ ਵਿਸ਼ਵ ਮਲੇਰੀਆ ਦਿਵਸ ਮੌਕੇ ਅੱਜ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਸਰਕਾਰ ਨੇ 2030 ਤੱਕ ਮਲੇਰੀਆ ਦਾ ਮੁਕੰਮਲ ਖ਼ਾਤਮਾ ਕਰਨ ਦਾ ਟੀਚਾ ਮਿਥਿਆ ਹੋਇਆ ਹੈ, ਜਿਸ ਦੀ ਪ੍ਰਾਪਤੀ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ ਪ੍ਰੰਤੂ ਇਹ ਕੰਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੈ। ਇਸ ਲਈ ਹਰੇਕ ਵਿਅਕਤੀ ਮਲੇਰੀਆ ਦੇ ਖ਼ਾਤਮੇ ਲਈ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦੇਵੇ।
ਸਿਵਲ ਸਰਜਨ ਨੇ ਕਿਹਾ ਕਿ ਮਲੇਰੀਆ ਬੁਖ਼ਾਰ ਦੇ ਲੱਛਣ ਨਜ਼ਰ ਆਉਣ ’ਤੇ ਤੁਰੰਤ ਨੇੜਲੇ ਸਿਹਤ ਕੇਂਦਰ ਵਿੱਚ ਜਾ ਕੇ ਜਾਂਚ ਕਰਵਾਈ ਜਾਵੇ। ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਲੇਰੀਆ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੁੰਦਾ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਵੀ ਸਲਾਹ ਲਈ ਸੰਪਰਕ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਐਪੀਡੀਮੋੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਮਲੇਰੀਆ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਗੰਭੀਰ ਕਿਸਮ ਦਾ ਬੁਖ਼ਾਰ ਹੈ ਜੋ ਮਾਦਾ ਐਨਾਫ਼ਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਬੁਖ਼ਾਰ ਫੈਲਾਉਣ ਵਾਲਾ ਮੱਛਰ ਬਰਸਾਤ ਦੇ ਮੌਸਮ ਵਿੱਚ ਵਧਦਾ-ਫੁਲਦਾ ਹੈ। ਉਨ੍ਹਾਂ ਦੱਸਿਆ ਕਿ ਠੰਢ ਅਤੇ ਕਾਂਬੇ ਨਾਲ ਰੋਜ਼ਾਨਾ ਜਾਂ ਤੀਜੇ ਦਿਨ ਬੁਖ਼ਾਰ ਹੋਣਾ, ਉਲਟੀਆਂ ਤੇ ਸਿਰਦਰਦ ਹੋਣਾ, ਬੁਖ਼ਾਰ ਉਤਰਨ ਮਗਰੋਂ ਥਕਾਵਟ ਤੇ ਕਮਜ਼ੋਰੀ ਹੋਣਾ, ਬੁਖ਼ਾਰ ਉੱਤਰਨ ’ਤੇ ਸਰੀਰ ਦਾ ਪਸੀਨੋ-ਪਸੀਨਾ ਹੋਣਾ ਆਦਿ ਮਲੇਰੀਆ ਦੇ ਮੁੱਖ ਲੱਛਣ ਹਨ। ਖ਼ੂਨ ਦੀ ਜਾਂਚ ਕਰਵਾਉਣ ’ਤੇ ਮਲੇਰੀਆ ਹੋਣ ਜਾਂ ਨਾ ਹੋਣ ਬਾਰੇ ਪਤਾ ਲੱਗ ਜਾਂਦਾ ਹੈ। ਜੇ ਮਲੇਰੀਆ ਨਿਕਲਦਾ ਹੈ ਤਾਂ ਇਸ ਦਾ ਇਲਾਜ ਸੰਭਵ ਹੈ। ਉਨ੍ਹਾਂ ਦੱਸਿਆ ਕਿ ਪਾਣੀ ਕਿਸੇ ਵੀ ਥਾਂ ਇਕੱਠਾ ਨਾ ਹੋਣ ਦਿੱਤਾ ਜਾਵੇ। ਇਕੱਠੇ ਹੋਏ ਪਾਣੀ ਵਿਚ ਕਾਲਾ ਤੇਲ ਪਾਇਆ ਜਾਵੇ ਅਤੇ ਛੱਤ ’ਤੇ ਲੱਗੀਆਂ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਿਆ ਜਾਵੇ। ਅਜਿਹੇ ਕੱਪੜੇ ਪਾਏ ਜਾਣ ਕਿ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਤਾਂ ਕਿ ਮੱਛਰ ਨਾ ਕੱਟੇ। ਰਾਤ ਨੂੰ ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦੀ ਵਰਤੋਂ ਕੀਤੀ ਜਾਵੇ।
ਸਮਾਗਮ ਦੌਰਾਨ ਚਿਤਕਾਰਾ ਯੂਨੀਵਰਸਿਟੀ, ਚੰਡੀਗੜ੍ਹ ਯੂਨੀਵਰਸਿਟੀ, ਸਿਲਵਰ ਓਕ, ਅੰਬਿਕਾ ਗਰੱੁਪ ਦੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਪੋਸਟਰ ਬਣਾਏ ਗਏ ਅਤੇ ਨੁੱਕੜ ਨਾਟਕ ਵੀ ਖੇਡਿਆ ਗਿਆ। ਸਿਵਲ ਸਰਜਨ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਸਮਾਗਮ ਮਗਰੋਂ ਜਾਗਰੂਕਤਾ ਰੈਲੀ ਵੀ ਕੱਢੀ ਗਈ। ਇਸ ਦੌਰਾਨ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਵੀ ਜਾਗਰੂਕਤਾ ਸਮਾਗਮ ਕਰਵਾਏ ਗਏ। ਇਸ ਮੌਕੇ ਐਸਐਮਓ ਡਾ. ਐਚਐਸ ਚੀਮਾ ਤੇ ਡਾ. ਵਿਜੈ ਭਗਤ, ਡਾ. ਬਬਨਦੀਪ ਕੌਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਹਰਚਰਨ ਸਿੰਘ ਬਰਾੜ, ਹੈਲਥ ਇੰਸਪੈਕਟਰ ਹਰਵਿੰਦਰ ਸਿੰਘ ਛੀਨਾ, ਬਲਜੀਤ ਸਿੰਘ, ਹਰਪ੍ਰੀਤ ਸਿੰਘ ਮੌਜੂਦ ਸਨ।

Load More Related Articles

Check Also

Punjab To Launch ‘Sikhya Kranti’ to Mark Completion of ₹2,000-Cr Infrastructure Projects in 12K schools

Punjab To Launch ‘Sikhya Kranti’ to Mark Completion of ₹2,000-Cr Infrastructur…