ਪੰਜਾਬ ਦੇ 95.61 ਫੀਸਦੀ ਸਰਕਾਰੀ ਸਕੂਲ ਬਣੇ ਸਮਾਰਟ ਸਕੂਲ

19 ਹਜ਼ਾਰ 129 ਸਕੂਲਾਂ ’ਚੋਂ 18 ਹਜ਼ਾਰ 289 ਸਕੂਲ ਬਣੇ ਸਮਾਰਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ:
ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਲਗਭਗ ਤਿੰਨ ਸਾਲ ਪਹਿਲਾਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਆਰੰਭ ਕੀਤੀ ਗਈ ਸਿੱਖਿਆ ਸੁਧਾਰ ਮੁਹਿੰਮ ਤਹਿਤ ਪੰਜਾਬ ਦੇ 95.61 ਫੀਸਦੀ ਸਰਕਾਰੀ ਸਕੂਲ, ਸਮਾਰਟ ਸਕੂਲਾਂ ਵਿੱਚ ਤਬਦੀਲ ਹੋ ਗਏ ਹਨ। ਸਿੱਖਿਆ ਵਿਭਾਗ ਵੱਲੋਂ ਨਿਸਚਤ ਕੀਤੇ ਮਾਪਦੰਡਾਂ ਤਹਿਤ ਰਾਜ ਦੇ 19129 ਸੈਕੰਡਰੀ, ਹਾਈ, ਮਿਡਲ ਤੇ ਪ੍ਰਾਇਮਰੀ ਸਕੂਲਾਂ ‘ਚੋਂ 18289 ਸਕੂਲ, ਸਮਾਰਟ ਸਕੂਲ ਬਣ ਚੁੱਕੇ ਹਨ. ਰਾਜ ਦੇ 12834 ਪ੍ਰਾਇਮਰੀ ਸਕੂਲਾਂ ‘ਚੋਂ 12124 ਸਕੂਲ, 2658 ਮਿਡਲ ਸਕੂਲਾਂ ‘ਚੋਂ 2594 ਸਕੂਲ, 1738 ਹਾਈ ਸਕੂਲਾਂ ‘ਚੋਂ 1698 ਸਕੂਲ ਤੇ 1899 ਸੈਕੰਡਰੀ ਸਕੂਲਾਂ ‘ਚੋਂ 1873 ਸਕੂਲ, ਸਮਾਰਟ ਸਕੂਲਾਂ ‘ਚ ਤਬਦੀਲ ਹੋ ਚੁੱਕੇ ਹਨ. ਸਮੁੱਚੇ ਰੂਪ ‘ਚ ਰਾਜ ਦੇ ਬਾਕੀ ਰਹਿੰਦੇ 840 ਸਕੂਲਾਂ ਨੂੰ ਸਮਾਰਟ ਸਕੂਲਾਂ ‘ਚ ਤਬਦੀਲ ਕਰਨ ਦਾ ਕੰਮ ਚੱਲ ਰਿਹਾ ਹੈ. ਸਿੱਖਿਆ ਵਿਭਾਗ ਦੀ ਸਕੂਲ ਸੁਧਾਰ ਮੁਹਿੰਮ ਨੂੰ ਮਿਲ ਰਹੀ ਇਸ ਸਫਲਤਾ ਦੀ ਵਿਲੱਖਣਤਾ ਇਹ ਹੈ ਕਿ ਇਸ ਅਭਿਆਨ ਵਿੱਚ ਸਿੱਖਿਆ ਵਿਭਾਗ ਵੱਲੋਂ ਇੱਕ ਮਾਰਗ ਦਰਸ਼ਕ ਅਤੇ ਪ੍ਰੇਰਕ ਦੀ ਭੂਮਿਕਾ ਨਿਭਾਉਣ ਦੇ ਨਾਲ ਨਾਲ ਸਮੱਗਰਾ ਸਿੱਖਿਆ ਅਭਿਆਨ ਤਹਿਤ ਸਕੂਲਾਂ ਦੀ ਮਾਲੀ ਮੱਦਦ ਵੀ ਕੀਤੀ ਜਾ ਰਹੀ ਹੈ. ਇਸ ਤੋਂ ਇਲਾਵਾ ਸਰਕਾਰ ਵਲੋਂ 60:40 ਦੇ ਅਨੁਪਾਤ ਨਾਲ ਸਮਾਰਟ ਸਕੂਲ ਬਣਾਉਣ ਦੀ ਨੀਤੀ ਵੀ ਬਣਾਈ ਗਈ ਤੇ ਜਿਸ ਤਹਿਤ ਸਰਕਾਰ ਵਲੋਂ ਇਹਨਾਂ ਸਕੂਲ਼ਾਂ ਨੂੰ ਮਾਲੀ ਮੱਦਦ ਦਿੱਤੀ ਗਈ ਹੈ।
ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਸਮਾਰਟ ਸਕੂਲਾਂ ਦੇ ਮਾਪਦੰਡਾਂ ਤਹਿਤ ਸਰਕਾਰੀ ਸਕੂਲਾਂ ਵਿੱਚ ਨਵੀਆਂ ਤਕਨੀਕਾਂ ਅਤੇ ਗਤੀਵਿਧੀਆਂ ’ਤੇ ਆਧਾਰਿਤ ਸਿੱਖਣ-ਸਿਖਾਓੁਣ ਵਿਧੀਆਂ ਨੂੰ ਸਕੂਲ ਪੱਧਰ ਤੇ ਅਮਲੀ ਜਾਮਾ ਪਹਿਨਾਉਣ ਲਈ ਸਕੂਲਾਂ ਵਿੱਚ ਲੋੜੀਂਦੀਆਂ ਬੁਨਿਆਦੀ ਸੂਵਿਧਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿੱਚ ਸਮਾਰਟ ਕਲਾਸ ਰੂਮ (ਪ੍ਰਾਜੈਕਟਰ ਤੇ ਐਲਈਡੀਜ਼), ਕਲਰ ਕੋਡਿੰਗ, ਸੁੰਦਰ ਗੇਟ, ਸਕੂਲ ਵਿੱਚ ਵਿੱਦਿਅਕ ਵਾਤਾਵਰਨ ਤਿਆਰ ਕਰਨ ਲਈ ਬਾਲਾ ਵਰਕ (ਬਿਲਡਿੰਗ ਐਜ ਲਰਨਿੰਗ ਏਡ), ਐਲਈਡੀ/ਕੰਪਿਊਟਰ ਲੈਬ, ਈ-ਕੰਟੈਂਟ, ਸੁੰਦਰ ਤੇ ਮਿਆਰੀ ਵਰਦੀ, ਟਾਈ, ਬੈਲਟ ਅਤੇ ਪਹਿਚਾਣ ਪੱਤਰ ਸ਼ਾਮਲ ਹਨ। ਵਿਦਿਆਰਥੀਆਂ ਨੂੰ ਉਕਤ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਹਿੱਤ ਸਕੂਲ ਅਧਿਆਪਕਾਂ ਵੱਲੋਂ ਲੋਕਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ।
ਸ੍ਰੀ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਮਿਹਨਤੀ ਅਤੇ ਸਿਰੜੀ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੇ ਓੁਪਰਾਲਿਆਂ ਤੋਂ ਪ੍ਰੇਰਣਾ ਲੇ ਕੇ, ਸਿੱਖਿਆ ਵਿਭਾਗ ਵੱਲੋਂ ਜਨ ਭਾਗੀਦਾਰੀ ਨਾਲ ਸਰਕਾਰੀ ਸਕੂਲਾਂ ਨੂੰ ਸੈਲਫ ਮੇਡ ਸਮਾਰਟ ਸਕੂਲ ਬਣਾਉਣ ਦੀ ਮੁਹਿੰਮ ਆਰੰਭ ਕੀਤੀ ਗਈ ਸੀ ਅਤੇ ਇਹ ਮੁਹਿੰਮ ਹੁਣ ਇੱਕ ਲੋਕ ਲਹਿਰ ਵਿੱਚ ਪਰਿਵਰਤਿਤ ਹੋ ਗਈ ਹੈ। ਸਕੂਲ ਅਧਿਆਪਕਾਂ ਵਿੱਚ ਇਕ ਖਾਸ ਕਿਸਮ ਦੇ ਜਜਬੇ ਦੀ ਭਾਵਨਾ ਤਹਿਤ ਕੀਤੇ ਜਾ ਰਹੇ ਕੰਮ ਸਦਕਾ ਪਿੰਡਾਂ ਦੀਆਂ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ, ਪ੍ਰਵਾਸੀ ਭਾਰਤੀਆਂ ਅਤੇ ਦਾਨੀ ਸੱਜਣਾਂ ਵੱਲੋਂ ਲਗਾਤਾਰ ਦਿੱਤੇ ਜਾ ਰਹੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਹੋ ਗਿਆ ਹੈ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…