
ਖੇਤੀ ਕਾਨੂੰਨ: ਪੈਰੀਫੇਰੀ ਮਿਲਕਮੈਨ ਯੂਨੀਅਨ ਦੇ ਆਗੂ ਭੁੱਖ ਹੜਤਾਲ ’ਤੇ ਬੈਠੇ
ਕਿਸਾਨ ਮੋਰਚੇ ਦੇ ਹੱਕ ਵਿੱਚ ਲੜੀਵਾਰ ਭੁੱਖ-ਹੜਤਾਲ ਦੇ 44ਵੇਂ ਦਿਨ ਵਿੱਚ ਦਾਖ਼ਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੁਲਾਈ:
ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਪੁਆਧ ਇਲਾਕਾ (ਮੁਹਾਲੀ) ਦੇ ਸਹਿਯੋਗ ਨਾਲ ਸ਼ੁਰੂ ਕੀਤੀ ਲੜੀਵਾਰ ਭੁੱਖ-ਹੜਤਾਲ ਮੰਗਲਵਾਰ ਨੂੰ 44ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਅੱਜ ਪੈਰੀਫੇਰੀ ਮਿਲਕਮੈਨ ਯੂਨੀਅਨ ਮੁਹਾਲੀ-ਚੰਡੀਗੜ੍ਹ ਦੇ ਪ੍ਰਧਾਨ ਬਲਵਿੰਦਰ ਸਿੰਘ ਬੀੜ, ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ, ਜਗੀਰ ਸਿੰਘ ਕੰਬਾਲਾ, ਦਲਜੀਤ ਸਿੰਘ ਮਨਾਣਾ, ਸੁਰਿੰਦਰ ਸਿੰਘ ਬਰਿਆਲੀ ਭੁੱਖ-ਹੜਤਾਲ ’ਤੇ ਬੈਠੇ। ਇਸ ਮੌਕੇ ਹਾਜ਼ਰ ਕਿਸਾਨ ਸਮਰਥਕਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ।
ਇਸ ਮੌਕੇ ਬਲਜਿੰਦਰ ਸਿੰਘ ਭਾਗੋਮਾਜਰਾ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਭਾਵੇਂ ਜਿੰਨੀ ਮਰਜ਼ੀ ਡਰਾਮੇਬਾਜ਼ੀ ਕਰ ਲਵੇ ਲੇਕਿਨ ਕਿਸਾਨਾਂ ਦੀ ਹਿੰਮਤ ਅਤੇ ਏਕਤਾ ਨੂੰ ਨਹੀਂ ਤੋੜ ਸਕਦੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਜ਼ਿੱਦ ਛੱਡ ਕੇ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ ਕਿ ਇਤਿਹਾਸ ਗਵਾਹ ਹੈ ਕਿ ਕਿਸਾਨਾਂ ਨਾਲ ਵਿਗਾੜ ਕੇ ਕੋਈ ਵੀ ਸਿਆਸੀ ਧਿਰ ਕਾਮਯਾਬ ਨਹੀਂ ਹੋ ਸਕਦੀ ਹੈ ਅਤੇ ਇਹ ਅੰਦੋਲਨ ਜਿੰਨਾ ਲੰਮਾ ਚੱਲੇਗਾ, ਭਾਜਪਾ ਨੂੰ ਇਸ ਦਾ ਉਨਾ ਹੀ ਵੱਧ ਨੁਕਸਾਨ ਝੱਲਣਾ ਪੈਣਾ ਹੈ।
ਆਗੂਆਂ ਨੇ ਕਿਹਾ ਕਿ ਪਿਛਲੇ ਸੱਤ ਮਹੀਨਿਆਂ ਤੋਂ ਪੰਜਾਬ ਸਮੇਤ ਹੋਰਨਾਂ ਸੂਬਿਆਂ ਤੋਂ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਹੋਏ ਹਨ ਪ੍ਰੰਤੂ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਉਨ੍ਹਾਂ ਦੇਸ਼ ਦੇ ਹੁਕਮਰਾਨਾਂ ਨੂੰ ਚਿਤਾਵਨੀ ਦਿੱਤੀ ਕਿ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਈ ਜਾਵੇ ਕਿਉਂਕਿ ਜੇਕਰ ਕਿਸਾਨ ਗੁਪਤ ਐਕਸ਼ਨ ਕਰਨ ’ਤੇ ਉਤਾਰੂ ਹੋ ਗਏ ਤਾਂ ਸਰਕਾਰਾਂ ਨੂੰ ਮੌਕਾ ਸੰਭਾਲਣਾ ਫਿਰ ਅੌਖਾ ਹੋ ਜਾਵੇਗਾ। ਉਨ੍ਹਾਂ ਮੁੜ ਦੁਹਰਾਇਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਇਹ ਸਿਰਫ਼ ਕਿਸਾਨਾਂ ਦੀ ਲੜਾਈ ਨਹੀਂ ਹੈ ਬਲਕਿ ਹਰੇਕ ਨਾਗਰਿਕ ਨੂੰ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਦੀ ਲੋੜ ਹੈ।
ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਆਗੂ ਸੱਜਣ ਸਿੰਘ, ਜਸਵੀਰ ਸਿੰਘ ਨਰੈਣਾ, ਮਿੰਦਰ ਸਿੰਘ ਸੋਹਾਣਾ, ਕੁਲਵਿੰਦਰ ਸਿੰਘ, ਜਗਤਾਰ ਸਿੰਘ, ਗੁਰ-ਉਪਦੇਸ਼ ਸਿੰਘ ਸਰਪੰਚ, ਹਰਜੰਗ ਸਿੰਘ, ਸੁਖਵਿੰਦਰ ਸਿੰਘ ਬਾਸੀਆਂ, ਸੰਤ ਸਿੰਘ ਕੁਰੜੀ, ਸਤਪਾਲ ਸਿੰਘ ਸਵਾੜਾ, ਦਵਿੰਦਰ ਸਿੰਘ ਬੌਬੀ, ਨੰਬਰਦਾਰ ਹਰਵਿੰਦਰ ਸਿੰਘ, ਯੂਥ ਆਗੂ ਅਮਨ ਪੂਨੀਆ ਤੇ ਖੁਸ਼ਇੰਦਰ ਸਿੰਘ ਬੈਦਵਾਨ ਨੇ ਵੀ ਸੰਬੋਧਨ ਕੀਤਾ।