nabaz-e-punjab.com

ਆਯੁਸ਼ਮਾਨ-ਭਾਰਤ ਸਿਹਤ ਬੀਮਾ ਯੋਜਨਾ ਅਤੇ ਕੱਚੇ ਮੁਲਾਜ਼ਮਾਂ ਦੀ ਛਾਂਟੀ ਬਾਰੇ ਭੰਬਲਭੂਸਾ ਬਰਕਰਾਰ

ਰਾਜੀਵ ਗਾਂਧੀ ਦੀ 75ਵੀਂ ਜਨਮ ਵਰ੍ਹੇਗੰਢ ’ਤੇ 20 ਅਗਸਤ 2019 ਨੂੰ ਕੈਪਟਨ ਨੇ ਸ਼ੁਰੂ ਕੀਤੀ ਸੀ ਯੋਜਨਾ

31 ਜੁਲਾਈ ਨੂੰ ਖ਼ਤਮ ਹੋ ਚੁੱਕੀ ਹੈ ਸਿਹਤ ਬੀਮਾ ਯੋਜਨਾ ਤਹਿਤ ਕੰਮ ਕਰਦੇ ਕੱਚੇ ਕਰਮਚਾਰੀਆਂ ਦੇ ਠੇਕੇ ਦੀ ਮਿਆਦ

ਬਾਕਸ: ਸਿਹਤ ਬੀਮਾ ਯੋਜਨਾ ਤੇ ਕੱਚੇ ਮੁਲਾਜ਼ਮਾਂ ਬਾਰੇ ਰੀਵਿਊ ਕੀਤਾ ਜਾ ਰਿਹੈ: ਸੀਈਓ ਤੇਜ ਪ੍ਰਤਾਪ ਫੂਲਕਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਗਸਤ:
ਆਯੁਸ਼ਮਾਨ-ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੰਮ ਕਰਦੇ ਕੱਚੇ ਮੁਲਾਜ਼ਮਾਂ ਦੀ ਛਾਂਟੀ ਬਾਰੇ ਭੰਬਲਭੂਸਾ ਬਣਿਆ ਹੋਇਆ ਹੈ। ਪੰਜਾਬ ਵਿੱਚ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਸਿਹਤ ਵਿਭਾਗ ਨੇ ਸੂਬੇ ਵਿੱਚ ਸਿਹਤ ਬੀਮਾ ਯੋਜਨਾ ਲਾਗੂ ਕਰਨ ਸਮੇਂ ਠੇਕਾ ਪ੍ਰਣਾਲੀ ਅਧੀਨ ਕੱਚੇ ਮੁਲਾਜ਼ਮ ਭਰਤੀ ਕੀਤੇ ਗਏ ਸਨ। ਹੁਣ ਇਨ੍ਹਾਂ ਕੱਚੇ ਕਾਮਿਆਂ ’ਤੇ ਛਾਂਟੀ ਦੀ ਤਲਵਾਰ ਲਟਕ ਰਹੀ ਹੈ। ਹਾਲਾਂਕਿ ਪਹਿਲਾਂ ਇਨ੍ਹਾਂ ਕੱਚੇ ਕਰਮਚਾਰੀਆਂ ਦੀ 30 ਜੂਨ ਨੂੰ ਮਿਆਦ ਖ਼ਤਮ ਹੋ ਗਈ ਸੀ ਪ੍ਰੰਤੂ ਬਾਅਦ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਤਤਕਾਲੀ ਐਮਡੀ-ਕਮ-ਤਤਕਾਲੀ ਸੀਈਓ ਸ੍ਰੀਮਤੀ ਨੀਲਿਮਾ ਨੇ ਤਰਸ ਦੇ ਆਧਾਰ ’ਤੇ ਕੱਚੇ ਕਾਮਿਆਂ ਦੇ ਠੇਕੇ ਦੀ ਮਿਆਦ 31 ਜੁਲਾਈ ਤੱਕ ਵਧਾ ਦਿੱਤੀ ਸੀ।
ਇਸ ਤਰ੍ਹਾਂ ਇਨ੍ਹਾਂ ਕੱਚੇ ਕਰਮਚਾਰੀਆਂ ਦੇ ਠੇਕੇ ਦੀ ਮਿਆਦ 31 ਜੁਲਾਈ ਨੂੰ ਖ਼ਤਮ ਹੋ ਚੁੱਕੀ ਹੈ, ਪ੍ਰੰਤੂ ਸਿਹਤ ਵਿਭਾਗ ਇਨ੍ਹਾਂ ਕਰਮਚਾਰੀਆਂ ਤੋਂ ਪਹਿਲਾਂ ਵਾਂਗ ਕੰਮ ਲੈ ਲਿਆ ਹੈ ਅਤੇ ਕਈ ਵਾਰ ਛੁੱਟੀ ਵਾਲੇ ਦਿਨਾਂ ਵਿੱਚ ਵੀ ਡਿਊਟੀ ’ਤੇ ਸੱਦਿਆ ਜਾਂਦਾ ਹੈ। ਸਰਕਾਰ ਦੀ ਅਣਦੇਖੀ ਕਾਰਨ ਕੱਚੇ ਕਾਮਿਆਂ ਦੀ ਨੌਕਰੀ ਖ਼ਤਰੇ ਵਿੱਚ ਪੈ ਗਈ ਹੈ ਅਤੇ ਇਹ ਨੌਜਵਾਨ ਮੁੰਡੇ ਕੁੜੀਆਂ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹਨ।
ਉਧਰ, ਭਰੋਸੇਯੋਗ ਸੂਤਰਾਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਇਹ ਯੋਜਨਾ ਬੰਦ ਕਰਨ ਦੇ ਰੌਂਅ ਵਿੱਚ ਹੈ। ਇਹੀ ਨਹੀਂ ਬੀਮਾ ਕੰਪਨੀ ਨੇ ਵੀ ਘਾਟਾ ਪੈਣ ਕਾਰਨ ਕਥਿਤ ਤੌਰ ’ਤੇ ਆਪਣੇ ਹੱਥ ਪਿੱਛੇ ਖਿੱਚ ਲਏ ਹਨ। ਇਸ ਸਬੰਧੀ 5 ਮਹੀਨੇ ਪਹਿਲਾਂ ਕੰਪਨੀ ਸਰਕਾਰ ਕੋਲ ਆਪਣਾ ਪੱਖ ਰੱਖ ਚੁੱਕੀ ਹੈ।
ਪੀੜਤ ਕਰਮਚਾਰੀਆਂ ਨੇ ਦੱਸਿਆ ਕਿ ਉਹ ਪਿਛਲੇ ਢਾਈ ਸਾਲਾਂ ਤੋਂ ਸੇਵਾ ਭਾਵਨਾ ਨਾਲ ਸਿਹਤ ਬੀਮਾ ਯੋਜਨਾ ਤਹਿਤ ਕੰਮ ਕਰ ਰਹੇ ਹਨ ਲੇਕਿਨ ਹੁਣ ਉਨ੍ਹਾਂ ਨੂੰ ਆਪਣੀ ਨੌਕਰੀ ਖੱੁਸਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ। ਉਨ੍ਹਾਂ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਸਰਕਾਰ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰਨ ਜਾ ਰਹੀ ਹੈ ਅਤੇ ਇਸ ਯੋਜਨਾ ਦਾ ਦਾਇਰਾ ਘਟਾਇਆ ਜਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਤੋਂ ਨਿੱਜੀ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਆਪਣੇ ਚੋਣ ਵਾਅਦੇ ਮੁਤਾਬਕ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਜੇਕਰ ਅਜਿਹਾ ਸੰਭਵ ਨਹੀਂ ਹੈ ਤਾਂ ਘੱਟੋ-ਘੱਟ ਪਹਿਲਾਂ ਵਾਂਗ ਠੇਕਾ ਪ੍ਰਣਾਲੀ ਸਕੀਮ ਜਾਰੀ ਰੱਖੀ ਜਾਵੇ।
ਇਸ ਸਬੰਧੀ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਲੋਕਾਂ ਨੂੰ ਸਿਹਤ ਸਹੂਲਤਾਂ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਤਾਂ ਕੀ ਦੇਣਾ ਸੀ, ਉਲਟਾ ਪਹਿਲਾਂ ਤੋਂ ਮਿਲਦੀਆਂ ਸਹੂਲਤਾਂ ਬੰਦ ਕਰਨ ਅਤੇ ਨੌਜਵਾਨਾਂ ਤੋਂ ਨੌਕਰੀਆਂ ਖੋਹਣ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਆਯੁਸ਼ਮਾਨ-ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਗਈ ਸੀ। ਜਿਸ ਦੀ ਰਸਮੀ ਸ਼ੁਰੂਆਤ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 75ਵੀਂ ਜਨਮ ਵਰ੍ਹੇਗੰਢ ਮੌਕੇ ਮੁਹਾਲੀ ਤੋਂ 20 ਅਗਸਤ 2019 ਨੂੰ ਕੀਤੀ ਗਈ ਸੀ ਲੇਕਿਨ ਹੁਣ ਆਪ ਸਰਕਾਰ ਇਹ ਯੋਜਨਾ ਬੰਦ ਕਰਨ ਜਾ ਰਹੀ ਹੈ। ਉਂਜ ਵੀ ਜਿਸ ਦੀ ਦਿਨ ਤੋਂ ਆਪ ਸਰਕਾਰ ਬਣੀ ਹੈ, ਉਦੋਂ ਤੋਂ ਇਹ ਯੋਜਨਾ ਲਗਪਗ ਠੱਪ ਪਈ ਹੈ।
ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਸਿਹਤ ਬੀਮਾ ਯੋਜਨਾ ਦੇ ਸੀਈਓ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕਿਹਾ ਕਿ ਸਿਹਤ ਬੀਮਾ ਯੋਜਨਾ ਤਹਿਤ ਠੇਕਾ ਪ੍ਰਣਾਲੀ ਅਧੀਨ ਕੰਮ ਕਰਦੇ ਕੱਚੇ ਮੁਲਾਜ਼ਮਾਂ ਦੇ ਕੰਮ ਬਾਰੇ ਰੀਵਿਊ ਕੀਤਾ ਜਾ ਰਿਹਾ ਹੈ। ਬੀਮਾ ਯੋਜਨਾ ਬੰਦ ਕਰਨ ਬਾਰੇ ਪੁੱਛੇ ਜਾਣ ’ਤੇ ਅਧਿਕਾਰੀ ਨੇ ਕਿਹਾ ਕਿ ਫਿਲਹਾਲ ਅਜਿਹਾ ਕੁੱਝ ਨਹੀਂ ਹੈ ਅਤੇ ਨਾ ਹੀ ਅਜੇ ਤਾਈਂ ਸਰਕਾਰ ਵੱਲੋਂ ਕੋਈ ਦਿਸ਼ਾ-ਨਿਰਦੇਸ਼ ਜਾਰੀ ਹੋਏ ਹਨ। ਕੱਚੇ ਕਾਮਿਆਂ ਦੀ ਛਾਂਟੀ ਬਾਰੇ ਉਨ੍ਹਾਂ ਕਿਹਾ ਕਿ ਬੇਸ਼ੱਕ ਇਨ੍ਹਾਂ ਸਿਹਤ ਕਾਮਿਆਂ ਦੇ ਠੇਕੇ ਦੀ ਮਿਆਦ 31 ਜੁਲਾਈ ਨੂੰ ਖ਼ਤਮ ਹੋ ਗਈ ਹੈ, ਪ੍ਰੰਤੂ ਹਾਲੇ ਠੇਕਾ ਖ਼ਤਮ ਨਹੀਂ ਕੀਤਾ ਹੈ ਅਤੇ ਕੱਚੇ ਮੁਲਾਜ਼ਮਾਂ ਤੋਂ ਪਹਿਲਾਂ ਵਾਂਗ ਸੇਵਾਵਾਂ ਲਈਆਂ ਜਾ ਰਹੀਆਂ ਹਨ। ਉਂਜ ਉਨ੍ਹਾਂ ਐਨਾ ਜ਼ਰੂਰ ਕਿਹਾ ਕਿ ਰੀਵਿਊ ਤੋਂ ਬਾਅਦ ਅੰਤਿਮ ਨਿਰਣਾ ਲਿਆ ਜਾਵੇਗਾ।

Load More Related Articles

Check Also

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ ਨਬਜ਼-ਏ-ਪੰਜਾਬ, ਮੁਹਾਲ…