ਆਟਾ-ਦਾਲ: ਨੀਲੇ ਕਾਰਡਾਂ ’ਤੇ ਬਾਦਲਾਂ ਦੀ ਫੋਟੋ ਲਗਾ ਕੇ ਵੰਡਣ ਦਾ ਆਪ ਪਾਰਟੀ ਨੇ ਲਿਆ ਗੰਭੀਰ ਨੋਟਿਸ

ਨਿਯਮਾਂ ਤੇ ਕਾਨੂੰਨ ਨੂੰ ਛਿੱਕੇ ਟੰਗ ਕੇ ਅਕਾਲੀਆਂ ਵੱਲੋਂ ਅਸਲ ਲੋੜਵੰਦਾਂ ਨੂੰ ਰੱਖਿਆ ਜਾ ਰਿਹਾ ਹੈ ਹੱਕ ਤੋਂ ਵਾਂਝਾ: ਗੁਰਪ੍ਰੀਤ ਵੜੈਚ

ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਆਟਾ-ਦਾਲ ਸਕੀਮ ਨੂੰ ਹੋਰ ਕਾਰਗਰ ਬਣਾਇਆ ਜਾਵੇਗਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 5 ਜਨਵਰੀ:
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਹੈ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਨੂੰ ਦੇਖ ਕੇ ਹੁਕਮਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਹੀਲਾ-ਵਸੀਲਾ ਵਰਤਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੀਡੀਆ ਦੀਆਂ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਉਨਾਂ ਕਿਹਾ ਕਿ ਬਟਾਲਾ ਵਿੱਚ ਇੱਕ ਅਕਾਲੀ ਆਗੂ ਨੇ ਨੀਲੇ ਕਾਰਡਾਂ ਉੱਤੇ ਆਪਣੀ ਮੋਹਰ ਅਤੇ ਦਸਖਤ ਕਰਕੇ ਲੋਕਾਂ ਨੂੰ ਵੰਡੇ ਹਨ, ਜੋ ਕਿ ਬਿਲਕੁਲ ਨਿਯਮਾਂ ਦੇ ਖ਼ਿਲਾਫ਼ ਹੈ। ਉਨਾਂ ਕਿਹਾ ਕਿ ਅਕਾਲੀ ਆਗੂਆਂ ਵੱਲੋਂ ਅਜਿਹਾ ਸਿਰਫ਼ ਲੋਕਾਂ ਨੂੰ ਭਰਮਾਉਣ ਲਈ ਕੀਤਾ ਜਾ ਰਿਹਾ ਹੈ, ਜਦੋਂ ਕਿ ਲੋਕ ਅਕਾਲੀਆਂ ਦੇ ਇਨ੍ਹਾਂ ਪੈਂਤੜਿਆਂ ਨੂੰ ਭਲੀਭਾਤ ਜਾਣ ਗਏ ਹਨ।
ਸ੍ਰੀ ਵੜੈਚ ਨੇ ਕਿਹਾ ਕਿ ਸੱਤਾ ਨੂੰ ਹੱਥ ’ਚੋਂ ਜਾਂਦਾ ਦੇਖ ਕੇ ਅਕਾਲੀਆਂ ਨੇ ਨਿਯਮਾਂ-ਕਾਨੂੰਨ ਨੂੰ ਛਿੱਕੇ ਟੰਗ ਕੇ ਹਰ ਕਿਸੇ ਦੇ ਨੀਲੇ ਕਾਰਡ ਬਣਾਉਣੇ ਸ਼ੁਰੂ ਕਰ ਦਿੱਤੇ ਹਨ, ਜਦੋਂ ਕਿ ਅਸਲ ਲੋੜਵੰਦਾਂ ਨੂੰ ਉਨ੍ਹਾਂ ਦਾ ਹੱਕ ਨਹੀਂ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਨੂੰ ਇਹ ਕਾਰਡ ਬਣਵਾਉਣ ਲਈ ਧੱਕੇ ਖਾਣੇ ਪੈ ਰਹੇ ਹਨ, ਪਰ ਫਿਰ ਵੀ ਉਨਾਂ ਦੇ ਕਾਰਡ ਨਹੀਂ ਬਣ ਰਹੇ, ਜਿਸ ਕਾਰਨ ਲੋਕਾਂ ਦਾ ਇਸ ਅਕਾਲੀ-ਭਾਜਪਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ। ਵੜੈਚ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਤੇ ਆਟਾ ਦਾਲ ਸਕੀਮ ਨੂੰ ਹੋਰ ਕਾਰਗਰ ਬਣਾਉਂਦਿਆਂ ਪੰਜ ਲੱਖ ਯੋਗ ਵਿਅਕਤੀਆਂ ਦੇ ਕਾਰਡ ਬਣਾ ਕੇ ਉਨਾਂ ਨੂੰ ਆਟਾ-ਦਾਲ ਸਕੀਮ ਅਧੀਨ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋੜਵੰਦਾਂ ਲਈ ਅਜਿਹੇ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਪੂਰੀ ਤਰਾਂ ਪਾਰਦਰਸ਼ੀ ਰੱਖਿਆ ਜਾਵੇਗਾ ਅਤੇ ਕਿਸੇ ਕਿਸਮ ਦੀ ਧਾਂਦਲੀ ਨਹੀਂ ਹੋਣ ਦਿੱਤੀ ਜਾਵੇਗੀ।
ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਤੇ ਧਾਂਦਲੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜਵੰਦਾਂ ਦੇ ਕਾਰਡ ਨਾ ਬਣਨ ਲਈ ਜਿਹੜੇ ਵੀ ਅਧਿਕਾਰੀ ਦੋਸ਼ੀ ਪਾਏ ਗਏ, ਉਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਵੜੈਚ ਨੇ ਕਿਹਾ ਕਿ ਅਜਿਹੇ ਮਾਮਲਿਆਂ ਨੂੰ ਪਾਰਟੀ ਵੱਲੋਂ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ, ਤਾਂ ਜੋ ਅਕਾਲੀਆਂ ਦੀਆਂ ਮਨਮਾਨੀਆਂ ਅਤੇ ਧੱਕੇਸ਼ਾਹੀਆਂ ਨੂੰ ਰੋਕਿਆ ਜਾ ਸਕੇ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…